ਹੁਸ਼ਿਆਰਪੁਰ: ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਸਰਕਾਰੀ ਦਫ਼ਤਰਾਂ ਵਿਚ ਲਗਾਉਣ ਦੀ ਸ਼ੁਰੂਆਤ ਅੱਜ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸਥਾਨਕ ਸਿਵਲ ਸਰਜਨ ਦਫ਼ਤਰ ਵਿੱਚ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਦੇ ਦਫ਼ਤਰ ਤੋਂ ਕੀਤੀ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਨੀਲ ਅਹੀਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਮੌਜੂਦ ਸਨ। ਜਿੰਪਾ ਨੇ ਕਿਹਾ ਕਿ ਪੰਜਾਬ ਦੇ ਬਣਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਮੁਤਾਬਕ ਰਾਜ ਦੇ ਸਰਕਾਰੀ ਦਫ਼ਤਰਾਂ ਵਿਚ ਮੁੱਖ ਮੰਤਰੀ ਦੀ ਫੋਟੋ ਦੀ ਥਾਂ ਡਾ. ਅੰਬੇਦਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਜਿੰਪਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਤੇ ਸਮਰਪਿਤ ਭਾਵਨਾ ਨਾਲ ਕਰਨ ਲਈ ਪ੍ਰੇਰਿਆ। -ਪੱਤਰ ਪ੍ਰੇਰਕ