ਨਿੱਜੀ ਪੱਤਰ ਪ੍ਰੇਰਕ
ਗੜ੍ਹਸ਼ੰਕਰ, 14 ਜਨਵਰੀ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸਪੀ ਸਿੰਘ ਓਬਰਾਏ ਅੱਜ ਇੱਥੇ ਪੱਤਰਕਾਰਾਂ ਦੇ ਰੂ-ਬਰੂ ਹੋਏ। ਡਾ. ਓਬਰਾਏ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ਵਿੱਚ ਸਮਾਜ ਭਲਾਈ ਦੇ ਅਨੇਕਾਂ ਕੰਮ ਚਲਾਏ ਜਾ ਰਹੇ ਹਨ। ਵਿਦੇਸ਼ਾਂ ਵਿੱਚ ਫਸੇ ਕਈ ਨੌਜਵਾਨਾਂ ਨੂੰ ਸਹੀ ਸਲਾਮਤ ਵਾਪਸ ਲਿਆਂਦਾ ਹੈ। ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ ਲਈ ਰਾਸ਼ਨ, ਦਵਾਈਆਂ ਤੇ ਰਹਿਣ ਲਈ ਲਗਾਤਾਰ ਪ੍ਰਬੰਧ ਕੀਤੇ ਗਏ। ਅਫਗਾਨਿਸਤਾਨ ਵਿੱਚ ਫਸੇ 20 ਹਜ਼ਾਰ ਸ਼ਰਨਾਰਥੀਆਂ ਨੂੰ ਤਿੰਨ ਮਹੀਨੇ ਦਾ ਰਾਸ਼ਨ ਦਿੱਤਾ ਗਿਆ। ਸ਼ਹੀਦ ਕਿਸਾਨਾਂ ਦੇ 200 ਤੋਂ ਵੱਧ ਪਰਿਵਾਰਾਂ ਨੂੰ ਦਸ ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਗੁਰੂ ਰਵਿਦਾਸ ਜੀ ਦੇ ਇਤਿਹਾਸਕ ਸਥਾਨ ਖੁਰਾਲਗੜ੍ਹ ’ਚ ਡਾਕਟਰੀ ਸਹੂਲਤਾਂ ਦੇਣ ਤੋਂ ਇਲਾਵਾ ਗੜ੍ਹਸ਼ੰਕਰ ਵਿੱਚ ਵੀ ਇੱਕ ਐਂਬੂਲੈਂਸ ਤੇ ਇੱਕ ਲੈਬ ਚਾਲੂ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਡਾ. ਓਬਰਾਏ ਦਾ ਵਿਸੇਸ਼ ਸਨਮਾਨ ਕੀਤਾ ਗਿਆ। ਇਸ ਦੌਰਾਨ ਅਮਰਜੋਤ ਸਿੰਘ, ਦੁਰਗੇਸ਼ ਜੰਡੀ, ਹਰਵਿੰਦਰ ਸਿੰਘ, ਸ਼ਰਨਜੀਤ ਸਿੰਘ ਸਮੇਤ ਪ੍ਰੈੱਸ ਕਲੱਬ ਗੜ੍ਹਸ਼ੰਕਰ ਦੇ ਸਮੂਹ ਪੱਤਰਕਾਰ ਹਾਜ਼ਰ ਸਨ।