ਪੱਤਰ ਪ੍ਰੇਰਕ
ਸ਼ਾਹਕੋਟ, 16 ਅਕਤੂਬਰ
ਦਰਿਆ ਸਤਲੁਜ ਵਿਚ ਅਚਾਨਕ ਵੱਡੀ ਪੱਧਰ ’ਤੇ ਛੱਡੇ ਗਏ ਪਾਣੀ ਕਾਰਨ ਕਿਸਾਨਾਂ ਦੀਆਂ ਬੰਨ੍ਹ ਅੰਦਰ ਫਸਲਾਂ ਪਾਣੀ ਵਿੱਚ ਡੁੱਬ ਗਈਆਂ ਹਨ। ਦਰਿਆ ਕਿਨਾਰੇ ਵਸਦੇ ਕਿਸਾਨਾਂ ਨੇ ਗਹਿਰੀ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਰਾਤੋ-ਰਾਤ ਦਰਿਆ ਵਿੱਚ ਛੱਡੇ ਜ਼ਿਆਦਾ ਪਾਣੀ ਨੇ ਉਨ੍ਹਾਂ ਦੇ ਪੱਕੇ ਹੋਏ ਝੋਨੇ, ਸਬਜ਼ੀਆਂ ਅਤੇ ਹਰੇ ਚਾਰੇ ਨੂੰ ਆਪਣੀ ਲਪੇਟ ਵਿੱਚ ਲੈ ਕੇ ਉਨ੍ਹਾਂ ਦੀ ਮਿਹਨਤ ਨੂੰ ਮਿੱਟੀ ਵਿੱਚ ਮਿਲਾ ਦਿੱਤਾ ਹੈ। ਕਿਸਾਨ- ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਨੇ ਪੀੜਤ ਕਿਸਾਨਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਯੋਗ ਮੁਆਵਾ ਲੈਣ ਲਈ ਲਾਮਬੰਦ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ ਹੈ। ਕਿਸਾਨ ਆਗੂਆਂ ਨੇ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਅਚਾਨਕ ਦਰਿਆ ਸਤਲੁਜ ਵਿੱਚ ਪਾਣੀ ਛੱਡ ਕੇ ਕਿਸਾਨਾਂ ਨੂੰ ਤਬਾਹੀ ਵੱਲ ਲਿਜਾਣ ਵਾਲਾ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਅਨੇਕਾਂ ਕੋਝੀਆਂ ਚਾਲਾਂ ਨਾਲ ਕਿਸਾਨਾਂ ਨੂੰ ਬਰਬਾਦ ਕਰਕੇ ਖੇਤੀ ਦਾ ਸਮੁੱਚਾ ਪ੍ਰਬੰਧ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨਾ ਚਾਹੁੰਦੀਆਂ ਹਨ। ਪਰ ਪੰਜਾਬ ਦੇ ਸੰਘਰਸ਼ਸ਼ੀਲ ਲੋਕ ਸਰਕਾਰਾਂ ਦੇ ਇਨ੍ਹਾਂ ਲੋਕ ਵਿਰੋਧੀ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਉਨ੍ਹਾਂ ਬਰਬਾਦ ਹੋਈਆਂ ਫਸਲਾਂ ਦਾ ਪ੍ਰਤੀ ਏਕੜ 60 ਹਜ਼ਾਰ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।