ਨਿੱਜੀ ਪੱਤਰ ਪ੍ਰੇਰਕ
ਜਲੰਧਰ, 10 ਦਸੰਬਰ
ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿਚ 4361 ਟੈਬਲੇਟ ਵੰਡਣ ਦੀ ਸ਼ੁਰੂਆਤ ਸਿੱਖਿਆ ਤੇ ਖੇਡ ਮੰਤਰੀ ਪਰਗਟ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਿੱਠਾਪੁਰ ਤੋਂ ਕੀਤੀ। ਇਹ ਟੈਬਲੈਟ ਸੂਬੇ ਦੇ 870 ਸਰਕਾਰੀ ਸਕੂਲਾਂ ਵਿਚ ਵੰਡੇ ਜਾਣੇ ਹਨ। ਮਿੱਠਾਪੁਰ ’ਚ ਇਸ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਟੈਬਲੇਟ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਈ-ਲਰਨਿੰਗ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਕਿਹਾ ਕਿ ਜਲੰਧਰ ਜ਼ਿਲ੍ਹੇ ਦੇ ਕਰੀਬ 50 ਸੀਨੀਅਰ ਸੈਕੰਡਰੀ ਸਕੂਲਾਂ ਨੂੰ ਕੁੱਲ 250 ਟੈਬਲੇਟ ਮੁਹੱਈਆ ਕਰਵਾਏ ਜਾਣਗੇ, ਜਿਨ੍ਹਾਂ ਦੀ ਸ਼ੁਰੂਆਤ ਅੱਜ ਕੁਝ ਸਕੂਲਾਂ ਤੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਟੈਬਲੇਟ ਈ-ਕੰਟੈਂਟ ਐਪਲੀਕੇਸ਼ਨਾਂ ਨਾਲ ਲੈਸ ਹਨ ਤਾਂ ਜੋ ਵਿਦਿਆਰਥੀਆਂ ਨੂੰ ਇਨ੍ਹਾਂ ਰਾਹੀਂ ਡਿਜੀਟਲਾਈਜ਼ਡ ਸਮੱਗਰੀ ਪ੍ਰਾਪਤ ਕਰਨ ਦੌਰਾਨ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਹ ਐਪਲੀਕੇਸ਼ਨ ਤਿਆਰ ਕਰਨ ਵਿੱਚ ਸ਼ਾਨਦਾਰ ਭੂਮਿਕਾ ਨਿਭਾਉਣ ਲਈ ਕੈਬਨਿਟ ਮੰਤਰੀ ਨੇ ਅੱਜ ਅਧਿਆਪਕਾਂ ਦੀਪਕ ਕੁਮਾਰ, ਹਰੀ ਦਰਸ਼ਨ, ਹਰਜੀਤ, ਜਸਵਿੰਦਰ ਸਿੰਘ, ਉਮੇਸ਼ਵਰ ਨੂੰ ਪ੍ਰਸ਼ੰਸਾ ਪੱਤਰ ਵੀ ਵੰਡੇ। ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਅਗਾਂਹਵਧੂ ਸੂਬਾ ਬਣਾਉਣ ਲਈ ਵਿੱਦਿਅਕ ਅਦਾਰਿਆਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਮਿਹਨਤ ਸਦਕਾ ਹੀ ਸੂਬੇ ਵੱਲੋਂ ਰਾਸ਼ਟਰੀ ਪੱਧਰ ’ਤੇ ਪਰਫਾਰਮੈਂਸ ਗਰੇਡਿੰਗ ਇੰਡੈਕਸ (ਪੀਜੀਆਈ) ਵਿੱਚ ਅੱਵਲ ਸਥਾਨ ਹਾਸਲ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਹਰਿੰਦਰਪਾਲ ਸਿੰਘ, ਡਿਪਟੀ ਡੀਈਓ ਰਾਜੀਵ ਜੋਸ਼ੀ, ਪ੍ਰਿੰਸੀਪਲ ਅਸਿਥਾ ਸ਼ਰਮਾ, ਰਾਜੀਵ ਹਾਂਡਾ ਤੇ ਹੋਰ ਹਾਜ਼ਰ ਸਨ।