ਪੱਤਰ ਪ੍ਰੇਰਕ
ਹੁਸ਼ਿਆਰਪੁਰ, 29 ਨਵੰਬਰ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਚੱਲ ਰਿਹਾ ਧਰਨਾ ਲਗਾਤਾਰ ਜਾਰੀ ਹੈ। ਅੱਜ ਚੌਥੇ ਦਿਨ ਦੇ ਧਰਨੇ ਦੀ ਅਗਵਾਈ ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਕੁਲਦੀਪ ਸਿੰਘ ਬੇਗੋਵਾਲ ਨੇ ਕੀਤੀ। ਇਸ ਦੌਰਾਨ ਕਿਸਾਨਾਂ ਤੇ ਮਜ਼ਦੂਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਫ਼ੂਕ ਕੇ ਰੋਸ ਮੁਜ਼ਾਹਰਾ ਕੀਤਾ। ਉਨ੍ਹਾਂ ਨੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬੋਲਦਿਆਂ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਸੇਖੋਂ, ਜ਼ੋਨ ਪ੍ਰਧਾਨ ਜਗਦੀਪ ਸਿੰਘ, ਹਰਵਿੰਦਰਪਾਲ ਸਿੰਘ, ਕਸ਼ਮੀਰ ਸਿੰਘ ਆਦਿ ਨੇ ਮੰਗ ਕੀਤੀ ਕਿ ਲਖੀਮਪੁਰ ਖੀਰੀ ਦੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਤੇ ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ਖਿਲਾਫ਼ ਦਰਜ ਝੂਠੇ ਪਰਚੇ ਰੱਦ ਕੀਤੇ ਜਾਣ। ਆਗੂਆਂ ਨੇ ਕਿਹਾ ਕਿ ਜੇਕਰ ਉਪਰੋਕਤ ਮੰਗਾਂ ਦਾ ਨਿਬੇੜਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਡੀਸੀ ਦਫ਼ਤਰ ‘ਚ ਅਣਮਿੱਥੇ ਸਮੇਂ ਦਾ ਲਾਇਆ ਧਰਨਾ ਅੱਜ ਚੌਥੇ ਦਿਨ ਵਿੱਚ ਦਾਖਲ ਹੋ ਗਿਆ ਹੈ। ਧਰਨੇ ਦੌਰਾਨ ਕੇਂਦਰ ਅਤੇ ਸਰਕਾਰ ਦਾ ਪੁਤਲਾ ਫੂਕਿਆ ਗਿਆ। ਕਿਸਾਨਾਂ ਨੂੰ ਜਥੇਬੰਦੀ ਦੇ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ ਨੇ ਸੰਬੋਧਨ ਕੀਤਾ।
ਗੁਰਦਾਸਪੁਰ (ਪੱਤਰ ਪ੍ਰੇਰਕ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਪੱਕੇ ਮੋਰਚੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੁੂਕਿਆ ਗਿਆ।