ਹਰਪ੍ਰੀਤ ਕੌਰ
ਹੁਸ਼ਿਆਰਪੁਰ, 30 ਜੂਨ
ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੱਦੇ ’ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਅੱਜ ਇੱਥੇ ਪੰਜਾਬ ਸਰਕਾਰ ਦੇ ਪਲੇਠੇ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਸੰਜੀਵ ਧੂਤ ਨੇ ਕਿਹਾ ਕਿ ਬਜਟ ’ਚ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਨ ਦਾ ਜ਼ਿਕਰ ਤੱਕ ਨਹੀਂ ਕੀਤਾ ਗਿਆ, ਜਦੋਂਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਿ ਸੱਤਾ ਵਿਚ ਆਉਣ ਤੋਂ ਬਾਅਦ ਪਹਿਲੇ ਸੈਸ਼ਨ ’ਚ ਹੀ ਪੁਰਾਣੀ ਪੈਨਸ਼ਨ ਨੂੰ ਬਹਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਸੱਤਾ ਵਿਚ ਆਉਣ ਉਪਰੰਤ ਆਪਣੇ ਚੋਣਾਵੀਂ ਵਾਅਦਿਆਂ ਤੋਂ ਭੱਜ ਰਹੀ ਹੈ। ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਿੰਸੀਪਲ ਅਮਨਦੀਪ ਸ਼ਰਮਾ ਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਤਿਲਕ ਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਲੇਠੇ ਬਜਟ ਵਿਚ ਮੁਲਾਜ਼ਮਾਂ ਨੂੰ ਅਣਗੋਲਿਆ ਕਰਨ ਦੇ ਰੋਸ ’ਚ ਪੰਜਾਬ ਭਰ ਵਿਚ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਪਟਾਰਾ ਤੁਰੰਤ ਨਾ ਕੀਤਾ ਤਾਂ ਸਾਂਝੇ ਫ਼ਰੰਟ ਵਲੋਂ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਸੁਰਜੀਤ ਰਾਜਾ, ਸੁਨੀਲ ਕੁਮਾਰ, ਉਂਕਾਰ ਸਿੰਘ, ਪ੍ਰਿੰਸ ਕੁਮਾਰ, ਵਿਕਾਸ ਸ਼ਰਮਾ, ਜਸਵੀਰ ਬੋਦਲ, ਸੁਖਦੇਵ ਕਾਜਲ, ਅਸ਼ੋਕ ਕੁਮਾਰ, ਸੰਦੀਪ ਸਿੰਘ, ਜਗਵਿੰਦਰ ਸਿੰਘ, ਦਵਿੰਦਰ ਸਿੰਘ, ਹਰਭਜਨ ਸਿੰਘ, ਗੁਰਵਿੰਦਰਪਾਲ ਸਿੰਘ, ਪਰਮਜੀਤ ਸਿੰਘ, ਬਲਦੇਵ ਸਿੰਘ, ਸੁਖਵਿੰਦਰ ਸਿੰਘ, ਰਾਜ ਕੁਮਾਰ, ਸੁਖਦੇਵ ਸਿੰਘ ਆਦਿ ਮੌਜੂਦ ਸਨ।
ਤਲਵਾੜਾ (ਪੱਤਰ ਪ੍ਰੇਰਕ): ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਪੰਜਾਬ ਅਤੇ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ’ਤੇ ਸਥਾਨਕ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਸਾੜ ਰੋਸ ਮੁਜ਼ਾਹਰਾ ਕੀਤਾ। ਸਥਾਨਕ ਬੀਡੀਪੀਓ ਦਫ਼ਤਰ ਮੂਹਰੇ ਕੀਤੇ ਰੋਸ ਮੁਜ਼ਾਹਰੇ ਦੀ ਪ੍ਰਧਾਨਗੀ ਬਲਾਕ ਪ੍ਰਧਾਨ ਮਨਮੋਹਨ ਸਿੰਘ ਨੇ ਕੀਤੀ।
ਗੜ੍ਹਸ਼ੰਕਰ (ਨਿੱਜੀ ਪੱਤਰ ਪ੍ਰੇਰਕ): ਗੌਰਮਿੰਟ ਟੀਚਰਜ਼ ਯੂਨੀਅਨ ਗੜ੍ਹਸ਼ੰਕਰ ਬਲਾਕ ਇੱਕ ਅਤੇ ਦੋ ਦੀ ਮੀਟਿੰਗ ਸ਼ਾਮ ਸੁੰਦਰ ਕਪੂਰ ਅਤੇ ਕੇਸ਼ਵ ਦੱਤ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਬੁਲਾਰਿਆਂ ਨੇ ਪੰਜਾਬ ਸਰਕਾਰ ਦੇ ਪਲੇਠੇ ਬਜਟ ਵਿੱਚ ‘ਆਪ’ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਕੋਈ ਹਾਂ ਪੱਖੀ ਹੁੰਗਾਰਾ ਨਾ ਭਰਨ ਦੀ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ।
ਸਰਕਾਰ ਦਾ ਪਲੇਠਾ ਬਜਟ ਮੁਲਾਜ਼ਮਾਂ ਨਾਲ ਧੋਖਾ ਕਰਾਰ
ਤਰਨ ਤਾਰਨ (ਪੱਤਰ ਪ੍ਰੇਰਕ): ਪੰਜਾਬ-ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸਾਂਝੇ ਸੱਦੇ ’ਤੇ ਅੱਜ ਇਥੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਸਾੜ ਕੇ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਬਹਾਲ ਨਾ ਕੀਤੇ ਜਾਣ ਖ਼ਿਲਾਫ਼ ਰੋਸ ਦਾ ਪ੍ਰਗਟਾਵਾ ਕੀਤਾ| ਜਥੇਬੰਦੀਆਂ ਦੀ ਸਾਂਝੀ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਕੁਲਵਿੰਦਰ ਸਿੰਘ ਤੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਭਜੋਤ ਸਿੰਘ ਗੋਹਲਵੜ੍ਹ ਨੇ ਬਜਟ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਦਾ ਜ਼ਿਕਰ ਤੱਕ ਨਾ ਕੀਤੇ ਜਾਣ ਨੂੰ ਮੁਲਾਜ਼ਮਾਂ ਨਾਲ ਧੋਖਾ ਕਰਾਰ ਦਿੱਤਾ|