ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ Chief Minister ਦਾ ਪੁਤਲਾ ਫੂਕਿਆ
ਪੰਜਾਬ ਸਰਕਾਰ ’ਤੇ ਟਕਰਾਅ ਵਾਲੀ ਸਥਿਤੀ ਪੈਦਾ ਕਰਨ ਦਾ ਦੋਸ਼; ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ
ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ’ਤੇ ਆਧਾਰਤ ਸਾਂਝੀ ਤਾਲਮੇਲ ਕਮੇਟੀ ਵੱਲੋਂ ਅੱਜ ਇੱਥੇ ਸਿਵਲ ਸਰਜਨ ਦਫ਼ਤਰ ਅੱਗੇ ਮੁੱਖ ਮੰਤਰੀ ਦੀ ਅਰਥੀ ਫੂਕੀ ਗਈ ਅਤੇ ਪਿੱਟ-ਸਿਆਪਾ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਮੁੱਖ ਮੰਤਰੀ ਦੇ ਵਤੀਰੇ ਨਿਖੇਧੀ ਕੀਤੀ। ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਹਾਈ ਕੋਰਟ ਦੇ ਫ਼ੈਸਲੇ ਤਹਿਤ ਤੁਰੰਤ ਮਹਿੰਗਾਈ ਭੱਤੇ ਦਾ ਭੁਗਤਾਨ ਕਰੇ ਅਤੇ ਮੰਗ ਪੱਤਰ ਵਿੱਚ ਦਰਜ ਬਾਕੀ ਮੰਗਾਂ ਦਾ ਨਿਪਟਾਰਾ ਕਰੇ। ਇਸ ਮੌਕੇ ਸਾਂਝੀ ਤਾਲਮੇਲ ਕਮੇਟੀ ਦੇ ਸੂਬਾ ਆਗੂ ਸਤੀਸ਼ ਰਾਣਾ ਆਦਿ ਹਾਜ਼ਰ ਸਨ।
ਗੜ੍ਹਸ਼ੰਕਰ (ਜੰਗ ਬਹਾਦਰ ਸਿੰਘ ਸੇਖੋਂ): ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਮੋਰਚਾ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਵੱਲੋਂ ਦਿੱਤੇ ਸੱਦੇ ਤਹਿਤ ਸਾਂਝੀ ਤਾਲਮੇਲ ਕਮੇਟੀ ਗੜ੍ਹਸ਼ੰਕਰ ਵੱਲੋਂ ਸਥਾਨਕ ਕਚਿਹਰੀ ਕੰਪਲੈਕਸ ਦੇ ਸਾਹਮਣੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਰੋਸ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਮੁਲਾਜ਼ਮ ਆਗੂਆਂ ਮੁਕੇਸ਼ ਕੁਮਾਰ, ਮੱਖਣ ਮੋਇਲਾ ਵਾਹਦਪੁਰੀ, ਸੰਦੀਪ ਸਿੰਘ ਗਿੱਲ, ਪ੍ਰਿੰਸੀਪਲ ਬਿੱਕਰ ਸਿੰਘ ਆਦਿ ਨੇ ਕਿਹਾ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਟਕਰਾਅ ਦਾ ਰਸਤਾ ਅਪਣਾ ਰਹੀ ਹੈ ਜਿਸ ਨੂੰ ਪੰਜਾਬ ਦੇ ਮੁਲਾਜ਼ਮ ਕਿਸੇ ਹਾਲਤ ਵਿੱਚ ਵੀ ਬਰਦਾਸ਼ਤ ਨਹੀਂ ਕਰਨਗੇ। ਮੋਰਚੇ ਦੇ ਆਗੂਆਂ ਨੇ ਕਿਹਾ ਕਿ 27 ਅਗਸਤ ਦੇ ਪ੍ਰਦਰਸ਼ਨ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੰਘਰਸ਼ ਅਤੇ ਗੱਲਬਾਤ ਨਾਲੋਂ-ਨਾਲ ਨਹੀਂ ਚੱਲ ਸਕਦੇ। ਆਗੂਆਂ ਨੇ ਕਿਹਾ ਕਿ ਮੰਗਾਂ ਮੰਨਣ ਤੱਕ ਸੰਘਰਸ਼ ਜਾਰੀ ਰਹੇਗਾ।

