ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ
ਪਹਿਲੀ ਤੋਂ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦੇ ਘਿਰਾਓ ਦਾ ਅੈਲਾਨ
ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਇਸੇ ਤਹਿਤ ਅੱਜ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਰੈਲੀਆਂ ਅਤੇ ਧਰਨੇ ਦਿੱਤੇ ਗਏ। ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਫਰੰਟ, ਸਾਂਝਾ ਮੁਲਾਜ਼ਮ ਮੰਚ ਅਤੇ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਹੁਸ਼ਿਆਰਪੁਰ ਵਿੱਚ ਮਿੰਨੀ ਸਕੱਤਰੇਤ ਵਿੱਚ ਰੈਲੀ ਕੀਤੀ ਗਈ। ਸੂਬਾ ਕਨਵੀਨਰ ਸਤੀਸ਼ ਰਾਣਾ ਅਤੇ ਹੋਰ ਆਗੂਆਂ ਨੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ ਅਤੇ ਹੱਕ ਮੰਗਣ ਵਾਲਿਆਂ ’ਤੇ ਤਸ਼ੱਦਦ ਕਰ ਕੇ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ 11 ਜੁਲਾਈ ਨੂੰ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਤੋਂ ਬਾਅਦ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦੀ ਕੋਠੀ ਵੱਲ ਮਾਰਚ ਕੀਤਾ ਜਾਵੇਗਾ। ਇਸ ਤਰ੍ਹਾਂ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ ’ਤੇ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਸਾਹਮਣੇ ਸਮੂਹ ਜਥੇਬੰਦੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੀ ਐੱਸ ਐੱਮ ਐੱਸ ਯੂ ਦੇ ਸੂਬਾ ਚੇਅਰਮੈਨ ਰਘਬੀਰ ਸਿੰਘ ਬਡਵਾਲ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਸਰਕਾਰ ਵੋਟਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਤੋਂ ਮੁੱਕਰ ਚੁੱਕੀ ਹੈ। ਮੁਲਾਜ਼ਮਾਂ ਨੇ ਮਹਿੰਗਾਈ ਭੱਤੇ (ਡੀ ਏ) ਦੀਆਂ ਕਿਸ਼ਤਾਂ, ਪੁਰਾਣੀ ਪੈਨਸ਼ਨ ਬਹਾਲੀ, ਕੱਚੇ ਕਾਮਿਆਂ ਨੂੰ ਪੱਕਾ ਕਰਨ, ਪੁਰਾਣੇ ਪੱਤਰ ਰੱਦ ਕਰਨ ਅਤੇ ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦੇਣ ਦੀ ਮੰਗ ਕੀਤੀ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਪਹਿਲੀ ਤੋਂ 10 ਜੁਲਾਈ ਤੱਕ ਸੂਬੇ ਦੇ ਮੰਤਰੀਆਂ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕਰ ਕੇ ਚਿਤਾਵਨੀ ਪੱਤਰ ਸੌਂਪੇ ਜਾਣਗੇ। ਇਸ ਤੋਂ ਬਾਅਦ 17 ਜੁਲਾਈ ਨੂੰ ਚੰਡੀਗੜ੍ਹ/ਮੁਹਾਲੀ ਵਿੱਚ ਸੂਬਾ ਪੱਧਰੀ ਮਹਾਂ ਰੋਸ ਰੈਲੀ ਕੀਤੀ ਜਾਵੇਗੀ।
