ਦੀਪਕ ਠਾਕੁਰ
ਤਲਵਾੜਾ, 1 ਅਕਤੂਬਰ
ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵੱਲੋਂ ਮਹਿਤਾਬਪੁਰ ਦੇ ਸਰਕਾਰੀ ਜੰਗਲ ’ਚ ਗ਼ੈਰ-ਕਾਨੂੰਨੀ ਦਾਖ਼ਲੇ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਸਨ। ਮੁਕੇਰੀਆਂ ਪੁਲੀਸ ਡਿਪਟੀ ਕਮਿਸ਼ਨਰ ਦੇ ਹੁਕਮ ਲਾਗੂ ਕਰਵਾਉਣ ’ਚ ਨਾਕਾਮ ਸਿੱਧ ਹੋਈ ਹੈ। ਨਾਜਾਇਜ਼ ਕਬਜ਼ਾਕਾਰ ਵੱਲੋਂ ਦਰੱਖਤਾਂ ਦੀ ਕਟਾਈ ਨਿਰੰਤਰ ਜਾਰੀ ਹੈ। ਉਨ੍ਹਾਂ 100 ਏਕੜ ਜ਼ਮੀਨ ’ਤੇ ਕਬਜ਼ਾ ਕਰ ਲਿਆ ਹੈ। ਨਾਜਾਇਜ਼ ਕਬਜ਼ਾਕਾਰਾਂ ਨੇ ਜੰਗਲ ਦੇ ਰਸਤਿਆਂ ’ਤੇ ਆਪਣੇ ਬੰਦੇ ਖੜ੍ਹੇ ਕਰ ਕੇ ਉਲਟਾ ਅਧਿਕਾਰੀਆਂ ਨੂੰ ਜੰਗਲ ’ਚ ਜਾਣ ਤੋਂ ਰੋਕ ਦਿੱਤਾ ਹੈ। ਡੀਸੀ ਹੁਸ਼ਿਆਰਪੁਰ ਸੰਦੀਪ ਹੰਸ ਨੇ 20 ਸਤੰਬਰ ਨੂੰ ਜੰਗਲ ਮਹਿਤਾਬਪੁਰ ’ਚ ਗ਼ੈਰਕਾਨੂੰਨੀ ਢੰਗ ਨਾਲ ਦਾਖ਼ਲ ਹੋਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਸਨ। ਇਸ ਸਬੰਧੀ ਐੱਸਐੱਸਪੀ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਨਾਲ ਫੋਨ ’ਤੇ ਸੰਪਰਕ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ।