ਸੁਰਿੰਦਰ ਸਿੰਘ ਗੁਰਾਇਆ
ਟਾਂਡਾ, 2 ਅਕਤੂਬਰ
ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਹ ਗੱਲ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇਥੋਂ ਦੀ ਦਾਣਾ ਮੰਡੀ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਹੋ ਰਹੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ, ਹਲਕਾ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਜ਼ਿਲ੍ਹਾ ਪ੍ਰਧਾਨ ਆਪ ਗੁਰਵਿੰਦਰ ਸਿੰਘ ਪਾਬਲਾ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਕਰਮਜੀਤ ਕੌਰ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਚੌਧਰੀ ਰਾਜਵਿੰਦਰ ਸਿੰਘ ਰਾਜਾ ਵੀ ਮੌਜੂਦ ਸਨ। ਉਨ੍ਹਾਂ ਇਸ ਮੌਕੇ ਦਾਣਾ ਮੰਡੀ ਵਿੱਚ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਪੰਚਾਇਤ ਮੰਤਰੀ ਧਾਲੀਵਾਲ ਨੇ ਕਿਹਾ ਕਿ ਇੱਕ ਸਾਲ ਦੇ ਅੰਦਰ- ਅੰਦਰ ਲੋਕਾਂ ਵੱਲੋਂ ਕੀਤੇ ਗਏ ਪੰਚਾਇਤੀ ਜ਼ਮੀਨਾਂ ’ਤੇ ਕਬਜ਼ੇ ਛੁਡਾਏ ਜਾਣਗੇ ਚਾਹੇ ਉਹ ਵਿਅਕਤੀ ਕਿੰਨੀ ਵੀ ਪਹੁੰਚ ਰੱਖਦਾ ਹੋਵੇ। ਇਸ ਮੌਕੇ ਉਨ੍ਹਾਂ ਹੋਰ ਕਿਹਾ ਕਿ ਕਣਕ ਦੀ ਬਿਜਾਈ ਸਮੇਂ ਕਿਸਾਨਾਂ ਨੂੰ ਡੀ.ਪੀ, ਯੂਰੀਆ ਅਤੇ ਹੋਰ ਖਾਦਾਂ ਦੀ ਕੋਈ ਦਿੱਕਤ ਪੇਸ਼ ਨਾ ਆਵੇ ਇਸ ਵਾਸਤੇ ਵੀ ਸਰਕਾਰ ਵੱਲੋਂ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਬਾਰਿਸ਼ ਦੌਰਾਨ ਖ਼ਰਾਬ ਹੋਈ ਝੋਨੇ ਦੀ ਫਸਲ ਦੀ ਗਿਰਦਾਵਰੀ ਵੀ ਸਰਕਾਰ ਵੱਲੋਂ ਕਰਵਾਈ ਗਈ ਹੈ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਸਰਕਾਰ ਵੱਲੋਂ ਵਿਸ਼ੇਸ਼ ਮੁਆਵਜਾ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਮੌਜੂਦਾ ਝੋਨੇ ਦੇ ਸੀਜ਼ਨ ਦੌਰਾਨ ਕਿਸਾਨ ਵੀਰਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸਾੜਨ ਦੀ ਬਜਾਏ ਖੇਤਾਂ ਵਿੱਚ ਹੀ ਉਸ ਪਰਾਲੀ ਦਾ ਪ੍ਰਬੰਧਨ ਕਰਨ ਲਈ ਅਪੀਲ ਕੀਤੀ।