ਈ ਟੀ ਓ ਦਾ ਭਰਾ ਜੰਡਿਆਲਾ ਗੁਰੂ ਕੌਂਸਲ ਦਾ ਪ੍ਰਧਾਨ ਬਣਿਆ
ਅਮਨਦੀਪ ਸਿੰਘ ਵਿਰਕ ਮੀਤ ਪ੍ਰਧਾਨ ਚੁਣਿਆ: ਕੈਬਨਿਟ ਮੰਤਰੀ ਨੇ ਵਧਾੲੀ ਦਿੱਤੀ
ਨਗਰ ਕੌਂਸਲ ਜੰਡਿਆਲਾ ਗੁਰੂ ਦੀ ਅੱਜ ਇੱਥੇ ਹੋਈ ਜਨਰਲ ਹਾਊਸ ਮੀਟਿੰਗ ਵਿੱਚ ਵਾਰਡ ਨੰਬਰ 1 ਤੋਂ ਚੁਣੇ ਗਏ ਕੌਂਸਲਰ ਸਤਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਕੌਂਸਲ ਪ੍ਰਧਾਨ ਅਤੇ ਵਾਰਡ ਨੰਬਰ 15 ਤੋਂ ਕੌਂਸਲਰ ਅਮਨਦੀਪ ਸਿੰਘ ਵਿਰਕ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਸਤਿੰਦਰ ਸਿੰਘ ਕੈਬਨਟ ਮੰਤਰੀ ਹਰਭਜਨ ਸਿੰਘ ਈ ਟੀ ਓ ਦਾ ਛੋਟਾ ਭਰਾ ਹੈ। ਇਸ ਸਾਰੀ ਪ੍ਰਕਿਰਿਆ ਦੀ ਜਾਣਕਾਰੀ ਦਿੰਦਿਆਂ ਸਾਬਕਾ ਨਗਰ ਕੌਂਸਲ ਪ੍ਰਧਾਨ ਤੇ ਕੌਂਸਲਰ ਐਡਵੋਕੇਟ ਰਾਜ ਮਲਕੋਤਰਾ ਨੇ ਕਿਹਾ ਕਿ 15 ਵਾਰਡਾਂ ਵਾਲੀ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਲਈ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਐੱਸ ਡੀ ਐੱਮ ਅੰਮ੍ਰਿਤਸਰ-1 ਅਲਕਾ ਕਾਲੀਆ ਨੇ ਕੀਤੀ। ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਨਵ-ਚੁਣੇ ਕੌਂਸਲਰਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ ਗਈ। ਇਸ ਮੌਕੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਕੁੱਲ 15 ਵਾਰਡਾਂ ਵਿੱਚੋਂ ਹਾਲ ਹੀ ਵਿੱਚ ਹੋਈਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ 13 ਵਾਰਡਾਂ ਵਿੱਚ ਜਿੱਤ ਦਰਜ ਕੀਤੀ ਸੀ। ਅੱਜ ਹੋਈ ਚੋਣ ਪ੍ਰਕਿਰਿਆ ਦੌਰਾਨ ਸਮੂਹ ਕੌਂਸਲਰਾਂ ਨੇ ਸਤਿੰਦਰ ਸਿੰਘ ਨੂੰ ਪ੍ਰਧਾਨ ਤੇ ਅਮਨਦੀਪ ਸਿੰਘ ਵਿਰਕ ਨੂੰ ਮੀਤ ਪ੍ਰਧਾਨ ਚੁਣਿਆ।
ਕੈਬਨਿਟ ਮੰਤਰੀ ਈ ਟੀ ਓ ਨੇ ਦੋਵਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਗਰ ਕੌਂਸਲ ਦੀ ਨਵੀਂ ਟੀਮ ਜੰਡਿਆਲਾ ਗੁਰੂ ਦੇ ਸਰਵਪੱਖੀ ਵਿਕਾਸ ਨੂੰ ਨਵੀਂ ਦਿਸ਼ਾ ਅਤੇ ਗਤੀ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੀਂ ਚੁਣੀ ਕਮੇਟੀ ਸ਼ਹਿਰ ਵਾਸੀਆਂ ਦੀਆਂ ਉਮੀਦਾਂ ’ਤੇ ਖਰੀ ਉਤਰੇਗੀ ਅਤੇ ਜੰਡਿਆਲਾ ਗੁਰੂ ਦੀ ਵਿਰਾਸਤੀ ਪਛਾਣ ਨੂੰ ਹੋਰ ਮਜ਼ਬੂਤ ਕਰੇਗੀ।
ਸੋਮਨਾਥ ਬੰਗੜ ਗੜ੍ਹਸ਼ੰਕਰ ਕੌਂਸਲ ਦੇ ਪ੍ਰਧਾਨ ਚੁਣੇ
ਗੜ੍ਹਸ਼ੰਕਰ (ਜੋਗਿੰਦਰ ਕੁੱਲੇਵਾਲ): ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ ਦੀ ਹਾਜ਼ਰੀ ਵਿੱਚ ਅੱਜ ਨਗਰ ਕੌਂਸਲ ਗੜ੍ਹਸ਼ੰਕਰ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰ ਸੋਮਨਾਥ ਬੰਗੜ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ। ਇਸ ਦੇ ਨਾਲ ਹੀ ਜਸਵਿੰਦਰ ਕੌਰ ਮਾਨ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਬਿਮਲਾ ਦੇਵੀ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਜ਼ਿਕਰਯੋਗ ਹੈ ਕਿ ਨਗਰ ਕੌਂਸਲ ਦੇ 13 ਕੌਂਸਲਰਾਂ ਵਿੱਚੋਂ 8 ਉੱਤੇ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਸੀ ਅਤੇ ਸਥਾਨਕ ਵਿਧਾਇਕ ਦੀ ਵੋਟ ਮਿਲਾ ਕੇ ਕੁੱਲ 14 ਵਿੱਚੋਂ 9 ਕੌਂਸਲਰ ਸੋਮਨਾਥ ਬੰਗੜ ਦੇ ਨਾਲ ਸਨ। ਲੰਘੀ 26 ਮਈ ਨੂੰ ਹੋਈਆਂ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ ਸੋਮਨਾਥ ਬੰਗੜ ਅਤੇ ਉਨ੍ਹਾਂ ਦੇ ਪੁੱਤਰ ਵੱਖ-ਵੱਖ ਵਾਰਡਾਂ ਵਿੱਚੋਂ ਕੌਂਸਲਰ ਚੁਣੇ ਗਏ ਸਨ। ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ ਨੇ ਨਵੀਂ ਚੁਣੀ ਟੀਮ ਨੂੰ ਵਧਾਈ ਦਿੱਤੀ।
