ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਗੰਗਸਰ ਸਾਹਿਬ ’ਚ ਸਮਾਗਮ
ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਸਿੱਖਿਆਵਾਂ ’ਤੇ ਆਧਾਰਿਤ ਹੋਵੇਗਾ ਲਾਈਟ ਐਂਡ ਸਾਊਂਡ ਸ਼ੋਅ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੀਂ ਸ਼ਹੀਦੀ ਦਿਵਸ ਸਬੰਧੀ ਸਮਾਗਮਾਂ ਦੀ ਲੜੀ ਤਹਿਤ ਅੱਜ ਗੁਰਦੁਆਰਾ ਗੰਗਸਰ ਸਾਹਿਬ ਕਰਤਾਰਪੁਰ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਸਿੱਖ ਪੰਥ ਦੇ ਕੀਰਤਨੀਏ ਭਾਈ ਕਮਲਜੀਤ ਸਿੰਘ ਨੂਰ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਢਾਡੀ ਜਤਿੰਦਰ ਸਿੰਘ ਨੂਰਪੁਰੀ ਦੇ ਢਾਡੀ ਜਥੇ ਅਤੇ ਕਵੀ ਹਰਿੰਦਰ ਪਾਲ ਸਿੰਘ ਨੇ ਸੰਗਤ ਨੂੰ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਇਆ ।
ਇਸ ਮੌਕੇ ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਨੂੰ ਸੂਬਾ ਸਰਕਾਰ ਵਲੋਂ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਸ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਥਾਨਾਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਏ ਜਾਣੇ ਹਨ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ 4 ਨਵੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿੱਚ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ’ਤੇ ਆਧਾਰਿਤ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾ ਰਿਹਾ ਹੈ। 45 ਮਿੰਟ ਦੇ ਇਸ ਦੌਰਾਨ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਜਾਵੇਗਾ।
ਡਾ. ਅਗਰਵਾਲ ਨੇ ਕਿਹਾ ਕਿ ਇਹ ਸ਼ੋਅ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਾਨਵਤਾ ਅਤੇ ਦਇਆ ਦੇ ਸੰਦੇਸ਼ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

