ਨਿਜੀ ਪੱਤਰ ਪ੍ਰੇਰਕ
ਜਲੰਧਰ, 26 ਅਗਸਤ
ਪੰਜਾਬ ਸਰਕਾਰ ਨੇ ਘਰੇਲੂ ਇਕਾਂਤਵਾਸ ਅਧੀਨ ਰਹਿ ਰਹੇ ਬਿਨਾਂ ਲੱਛਣ/ਹਲਕੇ ਲੱਛਣ ਵਾਲੇ ਮਰੀਜ਼ਾਂ ਅਤੇ 60 ਸਾਲ ਤੋਂ ਵੱਧ ਉਮਰ ਅਤੇ ਸਹਿ-ਰੋਗ ਵਾਲੇ ਮਰੀਜ਼ਾਂ ਅਤੇ ਗਰਭਵਤੀ ਮਹਿਲਾਵਾਂ ਦੇ ਮੈਡੀਕਲ ਫਿਟਨੈੱਸ ਸਬੰਧੀ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਅਜਿਹੇ ਸਾਰੇ ਮਰੀਜ਼ਾਂ ਦੇ ਨਮੂਨੇ ਲੈਣ ਵੇਲੇ ਘਰ ਵਿੱਚ ਹੀ ਇਕਾਂਤਵਾਸ ਰਹਿਣ ਦੀ ਸਹੂਲਤ ਉਪਲਬਧ ਹੋਣ ਸਬੰਧੀ ਸਵੈ-ਘੋਸ਼ਣਾ ਪੱਤਰ ਦੇ ਸਕਦੇ ਹਨ ਅਤੇ ਜੇਕਰ ਉਹ ਬਾਅਦ ਵਿੱਚ ਕੋਵਿਡ -19 ਟੈਸਟ ਦੇ ਪਾਜ਼ੇਟਿਵ ਪਾਏ ਜਾਂਦੇ ਹਨ ਤਾਂ ਉਹ ਘਰ ਵਿੱਚ ਇਕਾਂਤਵਾਸ ਰਹਿਣ ਦੇ ਯੋਗ ਹੋਣਗੇ। ਇਹ ਦਿਸ਼ਾ-ਨਿਰਦੇਸ਼ ਘਰੇਲੂ ਇਕਾਂਤਵਾਸ ਬਿਨਾਂ ਲੱਛਣ/ਹਲਕੇ ਲੱਛਣ ਵਾਲੇ ਕੋਵਿਡ-19 ਟੈਸਟ ਵਿੱਚ ਪਾਜ਼ੇਟਿਵ ਹੋਣ ਵਾਲੇ ਮਰੀਜ਼ਾਂ ’ਤੇ ਵੀ ਲਾਗੂ ਹੁੰਦੇ ਹਨ।ਸ੍ਰੀ ਥੋਰੀ ਨੇ ਦੱਸਿਆ ਕਿ ਨਮੂਨਾ ਲੈਣ ਸਮੇਂ ਉਪਲਬਧ ਡਾਕਟਰ ਅਜਿਹੇ ਸਾਰੇ ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਸਬੰਧੀ ਉਨ੍ਹਾਂ ਦੀ ਮੈਡੀਕਲ ਫਿਟਨੈੱਸ ਦੀ ਜਾਂਚ ਕਰਨਗੇ, ਜੇ ਅਜਿਹੇ ਮਰੀਜ਼ ਕੋਵਿਡ-19 ਲਈ ਪਾਜ਼ੇਟਿਵ ਪਾਏ ਜਾਂਦੇ ਹਨ ਤਾਂ ਪ੍ਰੋਟੋਕੋਲ ਅਨੁਸਾਰ ਉਹ ਘਰਾਂ ਵਿੱਚ ਹੀ ਇਕਾਂਤਵਾਸ ਰਹਿਣਾ ਜਾਰੀ ਰੱਖਣਗੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਲਾਜ਼ਮੀ ਹੈ ਕਿ ਮਰੀਜ਼ ਇੱਕ ਕਿੱਟ ਖਰੀਦੇਗਾ ਜਿਸ ਵਿੱਚ ਥਰਮਾਮੀਟਰ, ਪਲਸ ਆਕਸੀਮੀਟਰ, ਵਿਟਾਮਿਨ ਸੀ ਅਤੇ ਜ਼ਿੰਕ ਦੀਆਂ ਗੋਲੀਆਂ ਹੋਣੀਆਂ ਚਾਹੀਦੀਆਂ ਹਨ। ਇਸ ਤੋਂ ਨਿਰਧਾਰਤ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨੀ ਜ਼ਰੂਰੀ ਹੋਵੇਗੀ।