ਪੱਤਰ ਪ੍ਰੇਰਕ
ਹੁਸ਼ਿਆਰਪੁਰ, 7 ਅਕਤੂਬਰ
ਪਿੰਡ ਪੰਜੋੜ ’ਚ ਖੇਤ ਦਿਵਸ ਮਨਾਇਆ ਗਿਆ। ਸਹਾਇਕ ਪ੍ਰੋਫ਼ੈਸਰ ਡਾ. ਅਜੈਬ ਸਿੰਘ ਨੇ ਇਸ ਮੌਕੇ ਕਿਸਾਨਾਂ ਨੂੰ ਪਾਣੀ ਦੇ ਡਿੱਗਦੇ ਪੱਧਰ ਨੂੰ ਧਿਆਨ ਵਿਚ ਰੱਖਦਿਆਂ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਨੂੰ ਅਪਨਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਖੇਤੀ ਦਿਵਸ ਮਨਾਉਣ ਦਾ ਮਕਸਦ ਕਿਸਾਨਾਂ ਨੂੰ ਇਸ ਵਿਧੀ ਬਾਰੇ ਜਾਗਰੂਕ ਕਰਨਾ ਹੈ ਅਤੇ ਉਨ੍ਹਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕੀਤੇ ਖੇਤਾਂ ਦੀ ਪ੍ਰਦਰਸ਼ਨੀ ਲਗਾ ਕੇ ਇਸ ਵਿਧੀ ਬਾਰੇ ਰੂ-ਬ-ਰੂ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਪਿੰਡ ਦੇ ਕਿਸਾਨਾਂ ਨੇ ਲਗਭਗ ਸੌ ਏਕੜ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਕੀਤੀ, ਜੋ ਇਕ ਸ਼ਲਾਘਾਯੋਗ ਕਦਮ ਹੈ। ਸਹਾਇਕ ਪ੍ਰੋਫ਼ੈਸਰ ਡਾ. ਕੰਵਰਪਾਲ ਸਿੰਘ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਿਆ ਅਤੇ ਪਰਾਲੀ ਦੀ ਬਾਇਓਗੈਸ ਪਲਾਂਟ ਤੇ ਪਸ਼ੂ ਖੁਰਾਕ ਵਜੋਂ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਕਿਸਾਨਾਂ ਨੂੰ ਸਰਦੀਆਂ ਦੀਆਂ ਸਬਜ਼ੀਆਂ ਦੀਆਂ ਕਿੱਟਾਂ ਅਤੇ ਖੇਤੀ ਸਬੰਧੀ ਸਾਹਿਤ ਵੰਡਿਆ ਗਿਆ। ਇਸ ਮੌਕੇ ਸੰਦੀਪ ਸਿੰਘ, ਹਰਜੀਤ ਸਿੰਘ, ਗੁਰਪ੍ਰੀਤ ਸਿੰਘ, ਕੁਲਵੀਰ ਸਿੰਘ ਆਦਿ ਮੌਜੂਦ ਸਨ।