ਖੇਤੀ ਕਾਨੂੰਨ ਰੱਦ ਹੋਣ ਤੱਕ ਜਾਰੀ ਰਹੇਗਾ ਸੰਘਰਸ਼: ਆਗੂ
ਪੱਤਰ ਪ੍ਰੇਰਕ
ਹੁਸ਼ਿਆਰਪੁਰ, 29 ਸਤੰਬਰ
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਮਿਨੀ ਸਕੱਤਰੇਤ ਨੇੜੇ ਜੀਓ ਰਿਲਾਇੰਸ ਦਫ਼ਤਰ ਦੇ ਬਾਹਰ ਚੱਲ ਰਿਹਾ ਕਿਸਾਨਾਂ ਦਾ ਧਰਨਾ ਅੱਜ 322ਵੇਂ ਦਿਨ ਵੀ ਜਾਰੀ ਰਿਹਾ। ਅੱਜ ਧਰਨੇ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨ ਸੰਘਰਸ਼ ਨੂੰ ਜਾਣਬੁੱਝ ਕੇ ਲਟਕਾ ਰਹੀ ਹੈ ਜਿਸ ਕਰਕੇ ਲੋਕਾਂ ਅੰਦਰ ਨਿਰਾਸ਼ਾ ਪੈਦਾ ਹੋ ਗਈ ਹੈ। ਉਨ੍ਹਾਂ ਕਿਹਾ ਕਿ ਅੰਦੋਲਨ ਦਾ ਘੇਰਾ ਦਿਨੋਂ ਦਿਨ ਵਿਸ਼ਾਲ ਹੁੰਦਾ ਜਾ ਰਿਹਾ ਹੈ ਅਤੇ ਹੁਣ ਤਾਂ ਭਾਜਪਾ ਦੇ ਨੇਤਾਵਾਂ ਨੇ ਵੀ ਕੇਂਦਰ ਸਰਕਾਰ ਨੂੰ ਕਿਸਾਨ ਆਗੂਆਂ ਨਾਲ ਗੱਲਬਾਤ ਕਰਕੇ ਇਸ ਮਸਲੇ ਨੂੰ ਨਬਿੇੜਨ ਲਈ ਕਹਿਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਨੂੰ ਬਰਬਾਦੀ ਵੱਲ ਨੂੰ ਲੈ ਕੇ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੱਕ ਕਿਸਾਨੀ ਅੰਦੋਲਨ ਜਾਰੀ ਰਹੇਗਾ। ਧਰਨੇ ਨੂੰ ਗੁਰਮੇਸ਼ ਸਿੰਘ, ਦਰਸ਼ਨ ਸਿੰਘ ਮੱਟੂ, ਗੁਰਨੇਕ ਸਿੰਘ ਭੱਜਲ, ਗੁਰਨਾਮ ਸਿੰਘ ਸਿੰਗੜੀਵਾਲ, ਓਮ ਸਿੰਘ ਸਟਿਆਣਾ, ਗੰਗਾ ਪ੍ਰਸਾਦ ਆਦਿ ਨੇ ਸੰਬੋਧਨ ਕੀਤਾ।