ਖੇਤੀ ਬਿੱਲਾਂ ਦਾ ਵਿਰੋਧ

ਕਿਸਾਨਾਂ-ਮਜ਼ਦੂਰਾਂ ਵੱਲੋਂ ਮਾਝੇ-ਦੋਆਬੇ ’ਚ ਆਵਾਜਾਈ ਠੱਪ

ਕੇਂਦਰ ਤੇ ਸੂਬਾ ਸਰਕਾਰ ਦੇ ਪੁਤਲੇ ਫੂਕੇ; ਖੇਤੀ ਬਿੱਲਾਂ ਦੇ ਹੱਕ ’ਚ ਭੁਗਤੇ ਦੋਵਾਂ ਸੰਸਦ ਮੈਂਬਰਾਂ ਨੂੰ ਚਿਤਾਵਨੀ

ਕਿਸਾਨਾਂ-ਮਜ਼ਦੂਰਾਂ ਵੱਲੋਂ ਮਾਝੇ-ਦੋਆਬੇ ’ਚ ਆਵਾਜਾਈ ਠੱਪ

ਅੰਮ੍ਰਿਤਸਰ ਵਿਚ ਐਤਵਾਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਖੇਤੀ ਬਿੱਲਾਂ ਵਿਰੁੱਧ ਕੇਂਦਰ ਸਰਕਾਰ ਖ਼ਿਲਾਫ਼ ਰੋਹ ਦਾ ਪ੍ਰਗਟਾਵਾ ਕਰਦੇ ਹੋਏ ਕਿਸਾਨ। -ਫੋਟੋ: ਵਿਸ਼ਾਲ ਕੁਮਾਰ

ਪਾਲ ਸਿੰਘ ਨੌਲੀ

ਜਲੰਧਰ, 20 ਸਤੰਬਰ

ਖੇਤੀ ਬਿੱਲਾਂ ਵਿਰੁੱਧ ਸੜਕਾਂ ’ਤੇ ਰੋਸ ਪ੍ਰਗਟਾ ਰਹੀਆਂ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਇਨ੍ਹਾਂ ਬਿੱਲਾਂ ਦੇ ਹੱਕ ਵਿੱਚ ਭੁਗਤਣ ਵਾਲੇ ਪੰਜਾਬ ਤੋਂ ਭਾਜਪਾ ਦੇ ਦੋਵੇਂ ਸੰਸਦ ਮੈਂਬਰਾਂ ਨੂੰ ਜਨਤਕ ਸਟੇਜਾਂ ਤੋਂ ਨਹੀਂ ਬੋਲਣ ਦਿੱਤਾ ਜਾਵੇਗਾ। ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ ਜਲੰਧਰ ਹਾਈਵੇਅ ’ਤੇ ਨਕੋਦਰ ਨੇੜੇ ਪਿੰਡ ਆਲੋਵਾਲ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। 

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਤਿੰਨ ਜ਼ੋਨਾਂ ਵੱਲੋਂ ਲੋਹੀਆਂ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਮੋਦੀ ਦਾ ਪੁਤਲਾ ਫੂਕਿਆ ਗਿਆ। ਪੰਜਾਬ ਤੋਂ ਭਾਜਪਾ ਦੇ ਦੋ ਸੰਸਦ ਮੈਂਬਰ ਗੁਰਦਾਸਪੁਰ ਤੋਂ ਸਨੀ ਦਿਉਲ ਅਤੇ ਹੁਸ਼ਿਆਰਪੁਰ ਤੋਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਹਨ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਨੇ ਕਿਹਾ ਕਿ ਦੋਵਾਂ ਐੱਮਪੀਜ਼ ਨੇ ਪੰਜਾਬ ਦੇ ਕਿਸਾਨਾਂ ਨਾਲ ਗੱਦਾਰੀ ਕੀਤੀ ਹੈ, ਉਨ੍ਹਾਂ ਦਾ ਹਰ ਪਾਸੇ ਵਿਰੋਧ ਕੀਤਾ ਜਾਵੇਗਾ। ਨਕੋਦਰ ਤੋਂ ਸੁਖਚੈਨ ਸਿੰਘ ਭੰਗੂ ਨੇ ਦਿੱਲੀ ਤੋਂ ਭਾਜਪਾ ਸੰਸਦ ਮੈਂਬਰ ਹੰਸ ਰਾਜ ਹੰਸ ਨੂੰ ਸਵਾਲ ਕਰਦਿਆਂ ਕਿਹਾ ਕਿ ਉਸ ਨੇ ਸਾਰੀ ਉਮਰ ਪੰਜਾਬ ਦੇ ਕਿਸਾਨਾਂ ਦਾ ਉਗਾਇਆ ਅਨਾਜ ਖਾਧਾ ਤੇ ਹੁਣ ਗੁਣ ਭਾਜਪਾ ਦੇ ਗਾ ਰਿਹਾ ਹੈ। 

ਤਰਨ ਤਾਰਨ (ਗੁਰਬਖਸ਼ਪੁਰੀ): ਅੱਜ ਇੱਥੇ ਕਿਸਾਨ ਜਥੇਬੰਦੀਆਂ ਨੇ ਰੋਸ ਵਿਖਾਵੇ ਕੀਤੇ| ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬੇ ਅੰਦਰ ਚੱਲ ਰਹੇ ਕਿਸਾਨ ਅੰਦੋਲਨ ਦੇ ਹੱਕ ਵਿਚ ਕੇਂਦਰ ਦੀ ਮੋਦੀ ਅਤੇ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਅਤੇ ਸਰਕਾਰਾਂ ਦੇ ਪੁਤਲੇ ਫੂਕੇ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਨਿਰਵੈਲ ਸਿੰਘ ਅਤੇ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਪੰਡੋਰੀ ਨੇ ਸੰਬੋਧਨ ਕੀਤਾ। ਜਮਹੂਰੀ ਕਿਸਾਨ ਸਭਾ ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟਬੁੱਢਾ) ਦੀ ਅਗਵਾਈ ਹੇਠ ਪਿੰਡ ਦਿਆਲਪੁਰ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਨੇ ਰੋਸ ਵਿਖਾਵਾ ਕਰ ਕੇ ਕੇਂਦਰ ਸਰਕਾਰ ਦੀ ਅਰਥੀ ਸਾੜੀ| ਇਸੇ ਤਰ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀਏਸੀ) ਨੇੜੇ ਲਗਾਏ ‘ਪੱਕੇ ਮੋਰਚੇ’ ਦੇ ਅੱਜ 14ਵੇਂ ਦਿਨ ਜਥੇਬੰਦੀ ਦੇ ਵਰਕਰਾਂ ਨੇ ਰੈਲੀ ਕਰਨ ਮਗਰੋਂ ਕੌਮੀ ਸ਼ਾਹ ਮਾਰਗ ਨੰਬਰ 54 ’ਤੇ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਦੀ ਅਰਥੀ ਸਾੜੀ| 

ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਖੇਤੀ ਬਿੱਲਾਂ ਦਾ ਵਿਰੋਧ ਕਰ ਰਹੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਅੱਜ ਜੇਲ੍ਹ ਭਰੋ ਮੋਰਚੇ ਦੌਰਾਨ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ ਅਤੇ ਸੜਕੀ ਆਵਾਜਾਈ ਰੋਕੀ। ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਚੱਲ ਰਿਹਾ ਇਹ ਧਰਨਾ ਅੱਜ 14ਵੇਂ ਦਿਨ ਵੀ ਜਾਰੀ ਰਿਹਾ। ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਗੁਰਬਚਨ ਸਿੰਘ ਚੱਬਾ ਨੇ ਦੱਸਿਆ ਕਿ 24 ਤੋਂ 26 ਸਤੰਬਰ ਤਕ ਖੇਤੀ ਬਿੱਲਾਂ ਖ਼ਿਲਾਫ਼ ਰੇਲਾਂ ਰੋਕੀਆਂ ਜਾਣਗੀਆਂ, ਜਿਸ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। 

ਗੁਰਦਾਸਪੁਰ (ਜਤਿੰਦਰ ਬੈਂਸ): ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਸੜਕ ’ਤੇ ਜਾਮ ਲਾਉਣ ਮਗਰੋਂ ਸ਼ਹਿਰ ਦੇ ਮੁੱਖ ਡਾਕਖਾਨਾ ਚੌਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਕੱਠ ਨੂੰ ਜ਼ਿਲ੍ਹਾ ਪ੍ਰਧਾਨ ਰਣਬੀਰ ਸਿੰਘ ਡੁੱਗਰੀ, ਸਕੱਤਰ ਸੁਖਦੇਵ ਸਿੰਘ, ਬਖਸ਼ੀਸ਼ ਸਿੰਘ, ਸਤਨਾਮ ਸਿੰਘ ਨੇ ਸੰਬੋਧਨ ਕੀਤਾ। 

ਪਠਾਨਕੋਟ (ਪੱਤਰ ਪ੍ਰੇਰਕ): ਅੱਜ ਜਮਹੂਰੀ ਕਿਸਾਨ ਸਭਾ ਵੱਲੋਂ ਜ਼ਿਲ੍ਹਾ ਪ੍ਰਧਾਨ ਬਲਵੰਤ ਸਿੰਘ ਘੋਹ ਦੀ ਅਗਵਾਈ ਹੇਠ ਸੁਜਾਨਪੁਰ ਦੇ ਪੁਲ ਨੰਬਰ-5 ਕੋਲ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਾਮਰੇਡ ਬਲਵੰਤ ਸਿੰਘ, ਮਾਸਟਰ ਪ੍ਰੇਮ ਸਾਗਰ, ਸ਼ਿਵ ਕੁਮਾਰ ਨੇ ਖੇਤੀ ਬਿੱਲਾਂ ਦੀਆਂ ਕਾਪੀਆਂ ਸਾੜੀਆਂ।

ਟਾਂਡਾ (ਸੁਰਿੰਦਰ ਸਿੰਘ ਗੁਰਾਇਆ): ਖੇਤੀ ਬਿੱਲਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਲਈ ਦਾਣਾ ਮੰਡੀ ਵਿਚ ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ ਹੇਠ ਕਿਸਾਨਾਂ ਦਾ ਇਕੱਠ ਹੋਇਆ। ਇਸ ਵਿਚ ਲੋਕ ਇਨਕਲਾਬ ਮੰਚ, ਟੀਚਰਜ਼ ਯੂਨੀਅਨ, ਰਾਜ ਕਰੇਗਾ ਖਾਲਸਾ ਗੱਤਕਾ ਅਖਾੜਾ ਅਤੇ ਇਲਾਕੇ ਦੀਆਂ ਹੋਰ ਜਥੇਬੰਦੀਆਂ ਵੀ ਕਿਸਾਨਾਂ ਦੇ ਹੱਕ ਵਿਚ ਡਟੀਆਂ। 

ਫਤਹਿਗੜ੍ਹ ਚੂੜੀਆਂ (ਹਰਪਾਲ ਸਿੰਘ ਨਾਗਰਾ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਕਮੇਟੀ ਵੱਲੋਂ ਪਿੰਡ ਠੱਠਾ ਵਿਚ ਤਿੰਨ ਕਿਸਾਨ ਮਾਰੂ ਬਿੱਲਾਂ ਅਤੇ ਬਿਜਲੀ ਸੋਧ ਐਕਟ 2020 ਵਿਰੁੁੱਧ ਰੋਸ ਧਰਨਾ ਦੇ ਕੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਲਖਵਿੰਦਰ ਸਿੰਘ ਮੰਜਿਆਂਵਾਲੀ ਨੇ ਸੰਬੋਧਨ ਕੀਤਾ। 

ਮੁਕੇਰੀਆਂ (ਜਗਜੀਤ ਸਿੰਘ): ਪੱਗੜੀ ਸੰਭਾਲ ਜੱਟਾ ਲਹਿਰ, ਕਿਸਾਨ ਮੋਰਚਾ ਅਤੇ ਹੋਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਕਾਰਕੁਨਾਂ ਨੇ ਕਸਬਾ ਭੰਗਾਲਾ ਵਿਚ ਕੌਮੀ ਮਾਰਗ ’ਤੇ ਖੇਤੀਬਾੜੀ ਬਿੱਲਾਂ ਦੀਆਂ ਕਾਪੀਆਂ ਫੂਕ ਕੇ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਗੁਰਨਾਮ ਸਿੰਘ, ਸਤਨਾਮ ਸਿੰਘ, ਸੁਰਜੀਤ ਸਿੰਘ, ਵਿਜੇ ਕੁਮਾਰ, ਅਰਜਨ ਸਿੰਘ, ਸੱਜਣ ਸਿੰਘ ਹਾਜ਼ਰ ਸਨ। ਇਸੇ ਤਰ੍ਹਾਂ ਕੁੱਲ ਹਿੰਦ ਕਿਸਾਨ ਸਭਾ ਵੱਲੋਂ ਅਸ਼ੋਕ ਮਹਾਜਨ ਦੀ ਅਗਵਾਈ ਹੇਠ ਬਾਜ਼ਾਰਾਂ ਵਿਚ ਰੋਸ ਰੈਲੀ ਕੱਢੀ ਗਈ। 

ਦਸੂਹਾ (ਭਗਵਾਨ ਦਾਸ ਸੰਦਲ): ਦਸੂਹਾ-ਮੁਕੇਰੀਆਂ ਕੌਮੀ ਮਾਰਗ ਦੇ ਹਾਜ਼ੀਪੁਰ ਚੌਕ ਵਿੱਚ ਇਕੱਤਰ ਹੋਏ ਕਿਸਾਨਾਂ, ਆੜ੍ਹਤੀਆ ਤੇ ਖੇਤ ਮਜ਼ਦੂਰਾਂ ਨੇ ਚੱਕਾ ਜਾਮ ਕਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਫੂਕੀ। ਰਣਜੀਤ ਸਿੰਘ ਬਾਜਵਾ, ਸ਼ੇਰ ਪ੍ਰਤਾਪ ਸਿੰਘ, ਗੁਰਮੁਖ ਸਿੰਘ ਬਾਜਵਾ ਤੇ ਹਿੰਮਤ ਸਿੰਘ ਨੇ ਸੰਬੋਧਨ ਕੀਤਾ।

ਸ਼ਾਹਕੋਟ (ਗੁਰਮੀਤ ਸਿੰਘ ਖੋਸਲਾ): ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਸ਼ਾਹਕੋਟ ਨੇ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਜ਼ੋਨ ਸ਼ਾਹਕੋਟ ਦੇ ਪ੍ਰਧਾਨ ਗੁਰਮੇਲ ਸਿੰਘ ਅਤੇ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਪ੍ਰਧਾਨਗੀ ਹੇਠ ਲੋਹੀਆਂ ਖਾਸ ਵਿਚ ਮੁਜ਼ਾਹਰਾ ਕਰ ਕੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ। 250 ਕਿਸਾਨ ਜਥਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦੇ ਸੱਦੇ ਦੀ ਉਨ੍ਹਾਂ ਹਮਾਇਤ ਕੀਤੀ। ਇਸੇ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਬਲਾਕ ਕਮੇਟੀ ਸ਼ਾਹਕੋਟ ਨੇ ਰੋਸ ਪ੍ਰਦਰਸ਼ਨ ਕੀਤਾ।  

ਚੋਹਲਾ ਸਾਹਿਬ (ਤੇਜਿੰਦਰ ਸਿੰਘ): ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਨਿਰਪਾਲ ਸਿੰਘ ਜੋਣੇਕੇ ਨੇ ਕਿਸਾਨ ਵਿਰੋਧੀ ਬਿੱਲ ਦੀਆ ਕਾਪੀਆਂ ਸਾੜੀਆਂ ਤੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਿਰੁੱਧ ਬਿੱਲ ਜਾਰੀ ਕੀਤਾ ਹੈ, ਜਿਸ ਵਿਰੁੱਧ ਅੱਜ ਹਰੀਕੇ, ਕਿੜੀਆਂ, ਮਰਹਾਣਾ ਗੰਡੀਵਿੰਡ ਵਿਚ ਕਿਸਾਨ ਵਿਰੋਧੀ ਬਿੱਲਾਂ ਦੀਆਂ ਕਾਪੀਆਂ ਸਾੜੀਆਂ ਗਈਆਂ ਹਨ।

ਪੰਜਾਬ ਬੰਦ ਦੀ ਸਫ਼ਲਤਾ ਲਈ ਕਿਸਾਨ ਜਥੇਬੰਦੀਆਂ ਇਕਜੁੱਟ ਹੋਈਆਂ

ਅੰਮ੍ਰਿਤਸਰ: ਖੇਤੀ ਬਿੱਲਾਂ ਖਿਲਾਫ਼ 25 ਸਤੰਬਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਕਾਮਯਾਬ ਕਰਨ ਵਾਸਤੇ ਅੱਜ ਵੱਖ ਵੱਖ ਜਥੇਬੰਦੀਆਂ ਨੇ ਸਾਂਝੀ ਮੀਟਿੰਗ ਕੀਤੀ। ਮੀਟਿੰਗ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਜਤਿੰਦਰ ਸਿੰਘ ਛੀਨਾ, ਜਮਹੂਰੀ ਕਿਸਾਨ ਸਭਾ ਦੇ ਰਤਨ ਸਿੰਘ ਰੰਧਾਵਾ, ਕੁੱਲ ਹਿੰਦ ਕਿਸਾਨ ਸਭਾ ਦੇ ਲਖਬੀਰ ਸਿੰਘ ਨਿਜਾਮਪੁਰ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਹਰਜੀਤ ਸਿੰਘ ਝੀਤਾ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸਾਹਿਬ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਗੁਰਚਰਨ ਸਿੰਘ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ  ਬਲਦੇਵ ਸਿੰਘ ਬੱਲ ਨੇ ਸ਼ਮੂਲੀਅਤ ਕੀਤੀ। ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਡਿਊਟੀਆਂ ਲਾਈਆਂ ਗਈਆਂ। ਕਿਸਾਨ ਆਗੂਆਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸਾਰੀਆਂ ਤਹਿਸੀਲਾਂ ਵਿਚ ਸਾਂਝੀ ਪ੍ਰਚਾਰ ਮੁਹਿੰਮ ਵਿੱਢੀ ਜਾਵੇਗੀ ਤੇ 21 ਸਤੰਬਰ ਨੂੰ ਸ਼ਹਿਰ ਵਿਚ ਮਾਰਚ ਕਰ ਕੇ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ ਜਾਵੇਗੀ।  25 ਸਤੰਬਰ ਨੂੰ ਅਜਨਾਲਾ, ਮਜੀਠਾ, ਰਈਆ ਤੇ ਅੰਮ੍ਰਿਤਸਰ ਵਿਚ ਵੱਡੇ ਇਕੱਠ ਕੀਤੇ ਜਾਣਗੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਫ਼ਸਲੀ ਕਰਜ਼ੇ, ਟਰੈਕਟਰ ਤੇ ਹੋਰ ਸੰਦਾਂ ਲਈ ਕਰਜ਼ਿਆਂ ਨੂੰ ਸਕੀਮ ਦੇ ਘੇਰੇ...

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

* ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਜਾਰੀ ਨਵੇਂ ਆਰਡੀਨੈਂਸ ਨੂੰ ‘ਬਦਲਾਲਊ’ ...

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਪ੍ਰਸ਼ਾਸਨ ਨੇ ਰਿਹਾਇਸ਼ ਦੇ ਬਾਹਰ ਟਰੱਕ ਖੜ੍ਹਾ ਕਰਕੇ ਰਾਹ ਰੋਕਿਆ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਮਾਂ ਦੇ ਗਰਭਵਤੀ ਹੋਣ ਦੀ ਭਿਣਕ ਪੈਣ ਮਗਰੋਂ ਦਿੱਤਾ ਵਾਰਦਾਤ ਨੂੰ ਅੰਜਾਮ, ...

ਸ਼ਹਿਰ

View All