ਅਣ-ਐਲਾਨੇ ਬਿਜਲੀ ਕੱਟਾਂ ਤੋਂ ਕਿਸਾਨ ਖ਼ਫ਼ਾ
ਖੇਤੀਬਾੜੀ ਸੈਕਟਰ ’ਚ ਲਗਾਤਾਰ ਲੱਗ ਰਹੇ ਅਣ-ਐਲਾਨੇ ਬਿਜਲੀ ਕੱਟਾਂ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਖੁਨਖੁਨ ਅਤੇ ਪਿੰਡ ਅਠੌਲੀ ਦੇ ਕਿਸਾਨ ਸ਼ਰਨਜੀਤ ਸਿੰਘ, ਬਲਜਿੰਦਰ ਸਿੰਘ ਮਾਨਾਂਵਾਲੀ, ਤਰਲੋਚਨ ਸਿੰਘ...
ਖੇਤੀਬਾੜੀ ਸੈਕਟਰ ’ਚ ਲਗਾਤਾਰ ਲੱਗ ਰਹੇ ਅਣ-ਐਲਾਨੇ ਬਿਜਲੀ ਕੱਟਾਂ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਖੁਨਖੁਨ ਅਤੇ ਪਿੰਡ ਅਠੌਲੀ ਦੇ ਕਿਸਾਨ ਸ਼ਰਨਜੀਤ ਸਿੰਘ, ਬਲਜਿੰਦਰ ਸਿੰਘ ਮਾਨਾਂਵਾਲੀ, ਤਰਲੋਚਨ ਸਿੰਘ ਤੇ ਗੁਰਮੀਤ ਸਿੰਘ ਦਰਵੇਸ਼ ਪਿੰਡ, ਗੁਰਮੁਖ ਸਿੰਘ ਸਲਾਰਪੁਰ, ਮੇਜਰ ਸਿੰਘ ਅਠੌਲੀ ਅਤੇ ਗੁਰਜੀਤ ਸਿੰਘ ਗੰਡਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਮਾਦ ਜਾਂ ਝੋਨਾ ਬੀਜਣ ਵਾਲੇ ਕਿਸਾਨਾਂ ਨੂੰ ਖੇਤਾਂ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਇਹ ਵਾਅਦਾ ਪੂਰਾ ਨਹੀਂ ਹੋ ਰਿਹਾ।
ਕਿਸਾਨਾਂ ਨੇ ਦੱਸਿਆ ਕਿ ਇਸ ਸਮੇਂ ਉਨ੍ਹਾਂ ਨੂੰ ਸਿਰਫ਼ 2-3 ਘੰਟੇ ਹੀ ਬਿਜਲੀ ਮਿਲ ਰਹੀ ਹੈ ਅਤੇ ਉਸ ਦੌਰਾਨ ਵੀ ਅਚਾਨਕ ਸਪਲਾਈ ਬੰਦ ਹੋ ਜਾਂਦੀ ਹੈ। ਬਿਜਲੀ ਦੀ ਘਾਟ ਅਤੇ ਬਾਰਿਸ਼ ਨਾ ਹੋਣ ਕਾਰਨ ਝੋਨੇ ਤੇ ਕਮਾਦ ਦੀਆਂ ਫ਼ਸਲਾਂ ਸੁੱਕਣ ਦੇ ਕੰਢੇ ਪੁੱਜ ਗਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਕਾਰਨ ਫ਼ਸਲਾਂ ਦਾ ਨੁਕਸਾਨ ਹੋਇਆ ਸੀ ਅਤੇ ਹੁਣ ਬਿਜਲੀ ਦੀ ਸਮੱਸਿਆ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਇਸ ਸਬੰਧੀ ਪਾਵਰਕੌਮ ਫਗਵਾੜਾ ਦੇ ਐਕਸੀਅਨ ਹਰਦੀਪ ਕੁਮਾਰ ਨੇ ਕਿਹਾ ਕਿ ਕਿਸਾਨਾਂ ਨੂੰ ਵੱਧ ਤੋਂ ਵੱਧ ਬਿਜਲੀ ਸਪਲਾਈ ਦੇਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਕੁਝ ਫੀਡਰਾਂ ਵਿੱਚ ਆ ਰਹੀ ਸਮੱਸਿਆ ਨੂੰ ਦੂਰ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ।

