ਪੱਤਰ ਪ੍ਰੇਰਕ
ਗੜ੍ਹਸ਼ੰਕਰ, 15 ਮਈ
ਸੰਯੁਕਤ ਕਿਸਾਨ ਮੋਰਚੇ ਦੇ ਅਹੁਦੇਦਾਰਾਂ ਅਤੇ ਇਲਾਕੇ ਦੇ ਕਿਸਾਨਾਂ ਦੀ ਇੱਕ ਮੀਟਿੰਗ ਹਰਮੇਸ਼ ਸਿੰਘ ਢੇਸੀ ਪ੍ਰਧਾਨਗੀ ਹੇਠ ਇੱਥੋਂ ਦੇ ਮੇਜਰ ਮੌਜੀ ਸਿੰਘ ਯਾਦਗਾਰੀ ਲਾਇਬਰੇਰੀ ਹਾਲ ਵਿੱਚ ਹੋਈ। ਮੀਟਿੰਗ ਦੇ ਆਰੰਭ ਵਿੱਚ ਪੰਜਾਬੀ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਸਕੱਤਰ ਕਾਮਰੇਡ ਗੁਰਨੇਕ ਸਿੰਘ ਭੱਜਣ ਲਈ ਕਿਹਾ ਕਿ ਜਿਸ ਤਰ੍ਹਾਂ ਦੀ ਦਲ ਬਦਲੂ ਭਾਵਨਾ ਇਨ੍ਹਾਂ ਚੋਣਾਂ ਵਿੱਚ ਵੇਖਣ ਨੂੰ ਮਿਲੀ ਹੈ ਉਸ ਤੋਂ ਰਵਾਇਤੀ ਪਾਰਟੀਆਂ ਦੇ ਆਗੂਆਂ ਦੇ ਅਸਲ ਕਿਰਦਾਰ ਨਸ਼ਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਉਮੀਦਵਰ ਦਾ ਵਿਰੋਧ ਕੀਤਾ ਜਾਵੇਗਾ ਅਤੇ ਭਾਜਪਾ ਦੀਆਂ ਲੋਕ ਮਾਰੂ ਨੀਤੀਆਂ ਸਬੰਧੀ ਭਾਜਪਾ ਉਮੀਦਵਾਰ ਅਤੇ ਪਾਰਟੀ ਆਗੂਆਂ ਨੂੰ ਸਵਾਲ ਪੁੱਛੇ ਜਾਣਗੇ। ਇਸ ਮੌਕੇ ਕਾਮਰੇਡ ਦਰਸ਼ਨ ਸਿੰਘ ਮੱਟੂ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ ਚੋਣ ਏਜੰਡਿਆਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਮਿਹਨਤਕਸ਼ ਜਮਾਤਾਂ ਦੇ ਹਿੱਤਾਂ ਦੀ ਪੂਰੀ ਤਰ੍ਹਾਂ ਅਣਦੇਖੀ ਕੀਤੀ ਗਈ ਹੈ। ਇਸ ਮੌਕੇ ਕਾਮਰੇਡ ਅੱਛਰ ਬਿਲੜੋ, ਹਰਭਜਨ ਸਿੰਘ ਅਟਵਾਲ, ਕੁਲਵਿੰਦਰ ਸਿੰਘ ਚਾਹਲ, ਰਾਣਾ ਪ੍ਰੇਮ ਸਿੰਘ, ਮਾਸਟਰ ਹੰਸਰਾਜ, ਕੈਪਟਨ ਕਰਨੈਲ ਸਿੰਘ ਅਤੇ ਰਾਮਜੀਤ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।