DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Farmers Protest in Punjab: ਕਿਸਾਨਾਂ ਵੱਲੋਂ ਹੈੱਡਕੁਆਰਟਰ ਅੱਗੇ ਪੱਕਾ ਧਰਨਾ ਸ਼ੁਰੂ

ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ; ਲੋਕ ਵਿਰੋਧੀ ਨੀਤੀਆਂ ਲਾਗੂ ਕਰਨ ਦਾ ਦੋਸ਼

  • fb
  • twitter
  • whatsapp
  • whatsapp
featured-img featured-img
ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ’ਤੇ ਬੈਠੇ ਕਿਸਾਨ।
Advertisement

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰ ਨਾਲ ਲੰਬਿਤ ਮਸਲਿਆਂ ਨੂੰ ਹੱਲ ਕਰਨ ਦੀ ਮੰਗ ਨੂੰ ਲੈ ਕੇ ਅੱਜ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਅਣਮਿੱਥੇ ਸਮੇਂ ਲਈ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ। ਇਸ ਤਹਿਤ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨਾਂ, ਮਜ਼ਦੂਰਾਂ, ਔਰਤਾਂ ਅਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਸਰਕਾਰਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਅਤੇ ਬਘੇਲ ਸਿੰਘ ਕੋਟਮੁਗਲ ਨੇ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੇ ਲੰਮੇ ਸਮੇਂ ਤੋਂ ਲਟਕ ਰਹੇ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਲੋਕ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਯੂਨੀਅਨ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤਾ ਰੱਦ ਕਰਨ, ਲੈਂਡ ਪੂਲਿੰਗ ਨੀਤੀ ਵਾਪਸ ਲੈਣ, ਨਵੀਂ ਖੇਤੀ ਨੀਤੀ ਲਾਗੂ ਕਰਵਾਉਣ, ਕਿਸਾਨਾਂ-ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ, ਐੱਮ ਐੱਸ ਪੀ ਦੀ ਕਾਨੂੰਨੀ ਗਾਰੰਟੀ ਦੇਣ, ਹੜ੍ਹ ਪੀੜਤਾਂ ਨੂੰ ਪੂਰਾ ਮੁਆਵਜ਼ਾ ਦੇਣ ਅਤੇ ਜ਼ਮੀਨਾਂ ਦੇ ਮਾਲਕੀ ਹੱਕ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰਾਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਦਾ ਠੋਸ ਹੱਲ ਨਹੀਂ ਕਰਦੀਆਂ, ਉਦੋਂ ਤੱਕ ਇਹ ਧਰਨਾ ਅਣਮਿੱਥੇ ਸਮੇਂ ਲਈ ਦਿਨ ਰਾਤ ਜਾਰੀ ਰਹੇਗਾ। ਇਸ ਮੌਕੇ ਜਸਪਾਲ ਸਿੰਘ ਧੰਗਈ, ਡਾ. ਪਰਮਿੰਦਰ ਸਿੰਘ ਪੰਡੋਰੀ, ਨਰਿੰਦਰ ਸਿੰਘ ਭਿੱਟੇਵੱਡ, ਦਲਬੀਰ ਸਿੰਘ ਮੱਝਵਿੰਡ, ਪ੍ਰਿਥੀਪਾਲ ਸਿੰਘ ਥੋਬਾ, ਕੁਲਬੀਰ ਸਿੰਘ ਜੇਠੂਵਾਲ, ਕੁਲਦੀਪ ਸਿੰਘ ਨੰਗਲ ਆਦਿ ਹਾਜ਼ਰ ਸਨ।

Advertisement

ਚੰਡੀਗੜ੍ਹ ਪੱਕੇ ਮੋਰਚੇ ਦੀ ਤਿਆਰੀ ਮੁਕੰਮਲ

ਤਰਨ ਤਾਰਨ (ਗੁਰਬਖ਼ਸ਼ਪੁਰੀ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪਹਿਲੀ ਸਤੰਬਰ ਤੋਂ ਚੰਡੀਗੜ੍ਹ ਵਿੱਚ ਸ਼ੁਰੂ ਹੋਣ ਜਾ ਰਹੇ ‘ਪੱਕੇ ਮੋਰਚੇ’ ਦੀ ਤਿਆਰੀ ਸਬੰਧੀ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਹਿਮ ਮੀਟਿੰਗ ਪਿੰਡ ਛਾਪੜੀ ਸਾਹਿਬ ਵਿੱਚ ਹੋਈ। ਇਹ ਮੀਟਿੰਗ ਜਥੇਬੰਦੀ ਦੇ ਸੂਬਾ ਆਗੂ ਅਮਨਦੀਪ ਕਲੇਰ ਅਤੇ ਜਗਦੀਸ਼ ਸਿੰਘ ਝੰਡੇਰ ਦੀ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਚੰਡੀਗੜ੍ਹ ਦੇ ਮੋਰਚੇ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਬੀ ਬੀ ਐੱਮ ਬੀ ਦੀ ਮੈਂਬਰਸ਼ਿਪ ਨੂੰ ਮੁੜ ਬਹਾਲ ਕਰਵਾਉਣਾ, ਕਿਸਾਨਾਂ ਅਤੇ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਵਾਉਣਾ ਅਤੇ ਫ਼ਸਲਾਂ ’ਤੇ ਐੱਮ ਐੱਸ ਪੀ ਦੀ ਗਾਰੰਟੀ ਦਾ ਕਾਨੂੰਨ ਬਣਾਉਣਾ ਇਸ ਮੋਰਚੇ ਦੀਆਂ ਮੁੱਖ ਮੰਗਾਂ ਹਨ। ਇਸ ਤੋਂ ਇਲਾਵਾ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰਨ ਅਤੇ ਪੰਜਾਬ ਦੇ ਹੇਠਲੇ ਪਾਣੀਆਂ ਨੂੰ ਗੰਧਲੇ ਹੋਣ ਤੋਂ ਬਚਾਉਣ ਲਈ ਠੋਸ ਨੀਤੀਆਂ ਬਣਾਉਣ ਦੀ ਵੀ ਜ਼ੋਰਦਾਰ ਮੰਗ ਕੀਤੀ ਗਈ। ਇਸੇ ਦੌਰਾਨ, ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਮਾਲਕੀ ਬਚਾਉਣ ਲਈ ਲੱਗੇ ਪੱਕੇ ਮੋਰਚੇ ਦੇ 102ਵੇਂ ਦਿਨ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦਲਜੀਤ ਸਿੰਘ ਦਿਆਲਪੁਰਾ, ਤਰਸੇਮ ਸਿੰਘ ਲੁਹਾਰ, ਇੰਦਰਜੀਤ ਸਿੰਘ ਮਰਹਾਣਾ, ਜੱਸਾ ਸਿੰਘ ਕੱਦਗਿੱਲ, ਗੁਰਪ੍ਰੀਤ ਸਿੰਘ ਗੰਡੀਵਿੰਡ ਅਤੇ ਨਛੱਤਰ ਸਿੰਘ ਪੰਨੂ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰਾਂ ਵੱਡੀਆਂ ਕਾਰਪੋਰੇਟ ਕੰਪਨੀਆਂ ਅਤੇ ਉਦਯੋਗਪਤੀਆਂ ਦੇ ਕਰੋੜਾਂ ਰੁਪਏ ਦੇ ਕਰਜ਼ੇ ਮੁਆਫ਼ ਕਰ ਰਹੀਆਂ ਹਨ, ਪਰ ਅੰਨਦਾਤੇ ਕਿਸਾਨਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਕਰਜ਼ਿਆਂ ਦੇ ਵਿਆਜ ਤੋਂ ਵੀ ਰਾਹਤ ਨਹੀਂ ਦਿੱਤੀ ਜਾ ਰਹੀ। ਆਗੂਆਂ ਨੇ ਸਪੱਸ਼ਟ ਕੀਤਾ ਕਿ ਚੰਡੀਗੜ੍ਹ ਵਿੱਚ ਲੱਗਣ ਵਾਲਾ ਇਹ ਮੋਰਚਾ ਸਿਰਫ਼ ਕਿਸਾਨਾਂ ਦੀ ਨਹੀਂ, ਸਗੋਂ ਪੂਰੇ ਪੰਜਾਬ ਦੇ ਹੱਕਾਂ ਅਤੇ ਭਵਿੱਖ ਦੀ ਲੜਾਈ ਹੈ। ਇਸ ਦੌਰਾਨ ਪੰਜਾਬ ਦੇ ਪਾਣੀਆਂ ’ਤੇ ਸੂਬੇ ਦੇ ਕੰਟਰੋਲ, ਸਮੁੱਚੀਆਂ ਖਾਣ-ਪੀਣ ਵਾਲੀਆਂ ਵਸਤੂਆਂ ’ਤੇ ਸਰਕਾਰੀ ਕੰਟਰੋਲ ਅਤੇ ਸਾਰੀਆਂ ਫ਼ਸਲਾਂ ਦੀ ਸਰਕਾਰੀ ਖ਼ਰੀਦ ਦੀ ਗਰੰਟੀ ਵਰਗੇ ਅਹਿਮ ਮੁੱਦੇ ਜ਼ੋਰ-ਸ਼ੋਰ ਨਾਲ ਉਠਾਏ ਜਾਣਗੇ। ਕਿਸਾਨ ਆਗੂਆਂ ਨੇ ਪੰਜਾਬ ਦੇ ਕੋਨੇ-ਕੋਨੇ ਤੋਂ ਕਿਸਾਨਾਂ ਨੂੰ ਇਸ ਇਤਿਹਾਸਕ ਸੰਘਰਸ਼ ਦਾ ਹਿੱਸਾ ਬਣਨ ਦੀ ਜ਼ੋਰਦਾਰ ਅਪੀਲ ਕੀਤੀ ਹੈ ਤਾਂ ਜੋ ਸਰਕਾਰਾਂ ਨੂੰ ਲੋਕ ਵਿਰੋਧੀ ਨੀਤੀਆਂ ਬਦਲਣ ਲਈ ਮਜ਼ਬੂਰ ਕੀਤਾ ਜਾ ਸਕੇ।

Advertisement

Advertisement
×