ਪੱਤਰ ਪ੍ਰੇਰਕ
ਹੁਸ਼ਿਆਰਪੁਰ, 2 ਮਾਰਚ
ਕਿਸਾਨ ਜਥੇਬੰਦੀਆਂ ਦਾ ਸਥਾਨਕ ਜੀਓ ਰਿਲਾਇੰਸ ਦਫ਼ਤਰ ਦੇ ਬਾਹਰ ਚੱਲ ਰਿਹਾ ਧਰਨਾ ਅੱਜ 111ਵੇਂ ਦਿਨ ਵੀ ਜਾਰੀ ਰਿਹਾ। ਅੱਜ ਕਿਸਾਨਾਂ ਨੇ ਧਰਨੇ ਵਾਲੀ ਥਾਂ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਮਾਰਚ ਕਰਨ ਉਪਰੰਤ ਮੁਜ਼ਾਹਰਾ ਕੀਤਾ। ਇਸ ਦੌਰਾਨ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ’ਚ ਕੀਤੇ ਭਾਰੀ ਵਾਧੇ ਦਾ ਡੱਟ ਕੇ ਵਿਰੋਧ ਕੀਤਾ ਗਿਆ ਅਤੇ ਪੈਟਰੋਲੀਅਮ ਮੰਤਰੀ ਦਾ ਪਤਲਾ ਫ਼ੂਕਿਆ ਗਿਆ। ਕਿਸਾਨਾਂ ਨੇ ਮੋਦੀ ਸਰਕਾਰ ਅਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਦੁਹਰਾਈ।
ਤਰਨ ਤਾਰਨ (ਪੱਤਰ ਪ੍ਰੇਰਕ): ਸੀਪੀਆਈ ਵਲੋਂ ਅੱਜ ਕਸਬਾ ਹਰੀਕੇ ਵਿੱਚ ਨਿਤ ਵਰਤੋਂ ਦੀਆਂ ਵਸਤਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਖਿਲਾਫ਼ ਜ਼ਬਰਦਸਤ ਰੋਸ਼ ਵਿਖਾਵਾ ਕੀਤਾ| ਇਸ ਵਿਖਾਵੇ ਵਿੱਚ ਆਸ ਪਾਸ ਦੇ ਪਿੰਡਾਂ ਤੋਂ ਲੋਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ| ਵਿਖਾਵਾਕਾਰੀਆਂ ਨੂੰ ਪਾਰਟੀ ਦੇ ਸੂਬਾ ਆਗੂ ਪ੍ਰਿਥੀਪਾਲ ਸਿੰਘ ਮਾੜੀਮੇਘਾ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਤਾਂ ਲਗਾਤਾਰ ਹਰ ਦਿਨ ਵਧ ਰਹੀਆਂ ਹਨ ਜਿਹੜੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ| ਉਨ੍ਹਾਂ ਕਿਹਾ ਕਿ ਖੁਰਾਕੀ ਵਸਤਾਂ ਦੀਆਂ ਕੀਮਤਾਂ ਵੀ ਬੀਤੇ 15 ਦਿਨਾਂ ਅੰਦਰ ਡੇਢ ਗੁਣਾ ਵਧ ਗਈਆਂ ਹਨ। ਮੋਦੀ ਸਰਕਾਰ ਵਿੱਚ ਤੇਲ ਕੀਮਤਾਂ ਵਿਚਲਾ ਵਾਧਾ ਇਕ ਰਿਕਾਰਡ ਹੈ। ਉਨ੍ਹਾਂ ਸਰਕਾਰ ਤੋਂ ਤੇਲ ਕੀਮਤਾਂ ਘਟਾਉਣ ਦੀ ਮੰਗ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਾਰਟੀ ਆਗੂ ਜਗੀਰੀ ਰਾਮ, ਜਸਬੀਰ ਸਿੰਘ ਜਿਉਣੇਕੇ, ਪਰਮਜੀਤ ਸਿੰਘ, ਦਰਸ਼ਨ ਸਿੰਘ, ਦੀਵਾਨ ਸਿੰਘ ਬੂਹ ਆਦਿ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਪਾਰਟੀ ਵਰਕਰਾਂ ਨੇ ਬਾਜ਼ਾਰਾਂ ਵਿੱਚ ਰੋਸ ਮਾਰਚ ਵੀ ਕੀਤਾ|
ਇਸੇ ਤਰ੍ਹਾਂ ਆਮ ਆਦਮੀ ਪਾਰਟੀ ਨੇ ਤੇਲ ਕੀਮਤਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਸ਼ਹਿਰ ਵਿੱਚ ਰੋਸ ਮਾਰਚ ਕੀਤਾ| ਪਾਰਟੀ ਦੇ ਸੀਨੀਅਰ ਆਗੂ ਡਾ. ਕਸ਼ਮੀਰ ਸਿੰਘ ਸੋਹਲ ਨੇ ਸੂਬੇ ਦੀ ਕਾਂਗਰਸ ਪਾਰਟੀ ਨੂੰ ਪੈਟਰੋਲ ’ਤੇ ਲਏ ਜਾਂਦੇ 20 ਫ਼ੀਸਦੀ ਵੈਟ ’ਤੇ ਛੋਟ ਦੇ ਕੇ ਲੋਕਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ।
ਤੇਲ ਕੀਮਤਾਂ ਵਿੱਚ ਵਾਧੇ ਦੇ ਮਾਮਲੇ ’ਤੇ ਵਕੀਲਾਂ ਨੇ ਕੀਤਾ ਚਿੰਤਨ
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਇਥੇ ਨਵੀਆਂ ਕਚਹਿਰੀਆਂ ’ਚ ਵਕੀਲਾਂ ਨੇ ਰਸੋਈ ਗੈਸ, ਡੀਜ਼ਲ ਅਤੇ ਪੈਟਰੋਲ ਦੀਆਂ ਵਧੀਆਂ ਕੀਮਤਾਂ ’ਤੇ ਚਿੰਤਨ ਕੀਤਾ। ਐਡਵੋਕੇਟ ਰਜਿੰਦਰ ਮੰਡ, ਐਡਵੋਕੇਟ ਜੀਐੱਸ ਕਾਹਲੋਂ ਅਤੇ ਪੀਐੱਸ ਢਿੱਲੋਂ ਨੇ ਇਸ ਮੌਕੇ ਮੋਦੀ ਸਰਕਾਰ ਤੋਂ ਮੰਗ ਕੀਤੀ ਕਿ ਰਸੋਈ ਗੈਸ ਤੇ ਤੇਲ ਦੀਆਂ ਕੀਮਤਾਂ ’ਚ ਕੀਤਾ ਗਿਆ ਵਾਧਾ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਤੇਲ ਕੀਮਤਾਂ ’ਚ ਵਾਧੇ ਕਾਰਨ ਮਹਿੰਗਾਈ ਹੱਦ ਦਰਜੇ ਤੱਕ ਵਧ ਗਈ ਹੈ ਤੇ ਆਮ ਲੋਕਾਂ ਦਾ ਜਿਉਣਾ ਦੁੱਭਰ ਹੋ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਤੇਲ ਅਤੇ ਗੈਸ ਕੀਮਤਾਂ ਜਲਦੀ ਨਾ ਘਟਾਈਆਂ ਗਈਆਂ ਤਾਂ ਆਮ ਲੋਕਾਂ ਨੂੰ ਨਾਲ ਲੈ ਕੇ ਵਕੀਲ ਭਾਈਚਾਰਾ ਸੜਕਾਂ ’ਤੇ ਰੋਸ ਪ੍ਰਦਰਸ਼ਨ ਕਰੇਗਾ।