ਪੱਤਰ ਪ੍ਰੇਰਕ
ਬਲਾਚੌਰ, 3 ਅਗਸਤ
ਸੰਯੁਕਤ ਕਿਸਾਨ ਮੋਰਚਾ ਟੌਲ ਪਲਾਜ਼ਾ ਮਜਾਰੀ ਦੀ ਇਕੱਤਰਤਾ ਕੈਪਟਨ ਰਘਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਟੌਲ ਪਲਾਜ਼ਾ ਕਮੇਟੀ ਦੇ ਮੈਂਬਰਾਂ ਅਤੇ ਇਲਾਕੇ ਦੇ ਕਿਸਾਨਾਂ ਨੇ ਹਿੱਸਾ ਲਿਆ। ਇਕੱਠ ਵਿਚ ਬਲਾਚੌਰ ਸਬ ਡਿਵੀਜ਼ਨ ਦੇ ਪਿੰਡਾਂ ਵਿਚ ਸ਼ਰ੍ਹੇਆਮ ਹੋ ਰਹੀ ਨਾਜਾਇਜ਼ ਮਾਈਨਿੰਗ ਦੀ ਨਿਖੇਧੀ ਕੀਤੀ ਗਈ। ਨੌਜਵਾਨ ਆਗੂ ਪਰਮਜੀਤ ਸਿੰਘ ਰੌੜੀ ’ਤੇ ਮਾਈਨਿੰਗ ਕਰਦੇ ਵਿਅਕਤੀਆਂ ਵਲੋਂ ਕੀਤੇ ਜਾਨਲੇਵਾ ਹਮਲੇ ਦੀ ਨਿਖੇਧੀ ਕੀਤੀ ਗਈ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬਲਾਚੌਰ ਇਲਾਕੇ ਦੇ ਪਿੰਡਾਂ ਵਿਚ ਹੋ ਰਹੀ ਨਾਜਾਇਜ਼ ਮਾਈਨਿੰਗ ਤੁਰੰਤ ਬੰਦ ਕਰਾਈ ਜਾਵੇ।
ਕਿਸਾਨਾਂ ਦਾ ਜਥਾ ਦਿੱਲੀ ਰਵਾਨਾ
ਸੰਯੁਕਤ ਮੋਰਚੇ ਦੇ ਸੱਦੇ ’ਤੇ ਬਲਾਚੌਰ ਤੋਂ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਔਜਲਾ ਅਤੇ ਉਪ ਪ੍ਰਧਾਨ ਹਰਵਿੰਦਰ ਸਿੰਘ ਚਾਹਲ ਦੀ ਅਗਵਾਈ ਹੇਠ ਸੰਸਦ ਦਾ ਘਿਰਾਓ ਕਰਨ ਵਾਲੇ ਕਿਸਾਨੀ ਜਥੇ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਇਆ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਜਦੋਂ ਤੱਕ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਕੇਂਦਰ ਸਰਕਾਰ ਰੱਦ ਨਹੀਂ ਕਰ ਦਿੰਦੀ ਉਨ੍ਹਾਂ ਦਾ ਸੰਘਰਸ਼ ਸੰਯੁਕਤ ਮੋਰਚੇ ਨਾਲ ਮੋਢੇ ਨਾਲ ਮੋਢਾ ਜੋੜੀ ਚੱਲਦਾ ਰਹੇਗਾ।