ਲਾਜਵੰਤ ਸਿੰਘ
ਨਵਾਂਸ਼ਹਿਰ, 26 ਅਕਤੂਬਰ
ਕਿਰਤੀ ਕਿਸਾਨ ਯੂਨੀਅਨ ਅਤੇ ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ ਵੱਲੋਂ ਕਸਬੇ ਰਾਹੋਂ ਵਿਚ ਬਾਬਾ ਬੰਦਾ ਸਿੰਘ ਬਹਾਦਰ ਦੇ 350ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਕਾਨਫਰੰਸ ਕੀਤੀ ਗਈ। ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਚੱਲ ਰਹੇ ਕਿਸਾਨ ਘੋਲ ਦੌਰਾਨ ਵਿਸ਼ੇਸ਼ ਮਹੱਤਵ ਰੱਖਦੀ ਇਸ ਕਾਨਫਰੰਸ ਵਿਚ ਨਵਾਂਸ਼ਹਿਰ, ਜਲੰਧਰ, ਕਪੂਰਥਲਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਕਿਸਾਨ ਪਹੁੰਚੇ।
ਇਸ ਮੌਕੇ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਸਿੰਘ ਢੇਸੀ, ਨਵਾਂਸ਼ਹਿਰ ਦੇ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸੰਤੋਖ ਸਿੰਘ ਸੰਧੂ, ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਜਗਤਾਰ ਸਿੰਘ ਭਿੰਡਰ, ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ ਨੇ ਆਖਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਹਲਵਾਹਕ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕਾਨਾ ਹੱਕ ਦੇ ਕੇ ਅਜਿਹਾ ਲੋਕ ਸ਼ਕਤੀ ਦਾ ਤੂਫ਼ਾਨ ਉਭਾਰਿਆ, ਜੋ ਸਰਹਿੰਦ ਦੀ ਹਕੂਮਤ ਨੂੰ ਉਡਾ ਕੇ ਲੈ ਗਿਆ।
ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਜਦੋਂ ਕੇਂਦਰ ਦੀ ਫਾਸ਼ੀਵਾਦੀ ਮੋਦੀ ਸਰਕਾਰ ਨੇ ਦੇਸ਼ ਦੇ ਕਿਸਾਨਾਂ ਦੀਆਂ ਜ਼ਮੀਨਾਂ ਉਨ੍ਹਾਂ ਕੋਲੋਂ ਖੋਹ ਕੇ ਕਾਰਪੋਰੇਟਰਾਂ ਦੇ ਹਵਾਲੇ ਕਰਨ ਲਈ ਤਿੰਨ ਸਾਜ਼ਿਸ਼ੀ ਖੇਤੀ ਕਾਨੂੰਨ ਅਤੇ ਬਿਜਲੀ ਬਿੱਲ 2020 ਲਿਆਂਦੇ ਹਨ ਅਤੇ ਇਨ੍ਹਾਂ ਤੋਂ ਟੱਸ ਤੋਂ ਮੱਸ ਨਾ ਹੋਣ ਦੀਆਂ ਟਾਹਰਾਂ ਮਾਰ ਰਹੀ ਹੈ ਤਾਂ ਬਾਬਾ ਬੰਦਾ ਸਿੰਘ ਬਹਾਦਰ ਵਾਲਾ ਰਸਤਾ ਕਿਸਾਨਾਂ ਲਈ ਰਾਹ-ਦਸੇਰਾ ਹੈ। ਕਿਸਾਨਾਂ ਦੇ ਮੌਜੂਦਾ ਘੋਲ ਨੂੰ ਬਾਬਾ ਜੀ ਦੇ ਖੰਡੇ ਦੀ ਧਾਰ ਵਾਂਗਰ ਤਿੱਖਾ ਕਰਨ ਦੀ ਲੋੜ ਹੈ।
ਇਸ ਮੌਕੇ ਤਿੰਨ ਖੇਤੀ ਕਾਨੂੰਨ ਅਤੇ ਬਿਜਲੀ ਬਿੱਲ 2020 ਰੱਦ ਕਰਨ, ਕਰੋਨਾ ਦੀ ਆੜ ਹੇਠ ਕਿਸਾਨ ਆਗੂਆਂ ਅਤੇ ਵਰਕਰਾਂ ਉੱਤੇ ਦਰਜ ਕੇਸ ਰੱਦ ਕਰਨ, ਕਿਸਾਨੀ ਘੋਲ ਨੂੰ ਜਿੱਤ ਤਕ ਲਿਜਾਣ ਦੇ ਮਤੇ ਪਾਸ ਕੀਤੇ ਗਏ। ਲੰਗਰ ਦੀ ਸੇਵਾ ਗੁਰਦੁਆਰਾ ਠੇਰੀ ਸਾਹਿਬ ਗੜ੍ਹਪਧਾਣਾ ਨੇ ਕੀਤੀ। ਇਸ ਮੌਕੇ ਤਰਨਜੀਤ ਸਿੰਘ ਉੱਪਲ, ਗੁਰਪਾਲ ਸਿੰਘ ਪਾਲਾ, ਤਰਸੇਮ ਸਿੰਘ, ਕੁਲਵਿੰਦਰ ਸਿੰਘ ਚਾਹਲ, ਮੱਖਣ ਸਿੰਘ, ਸਾਧੂ ਸਿੰਘ, ਸੇਵਾ ਸਿੰਘ ਨੇ ਸੰਬੋਧਨ ਕੀਤਾ।
ਗੁਰਦਾਸ ਨੰਗਲ ਵਿਚ ਕਿਸਾਨ ਕਾਨਫਰੰਸ ਅੱਜ
ਗੁਰਦਾਸਪੁਰ (ਪੱਤਰ ਪ੍ਰੇਰਕ): ਕਿਰਤੀ ਕਿਸਾਨ ਯੂਨੀਅਨ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ 350ਵੇਂ ਜਨਮ ਦਿਹਾੜੇ ਨੂੰ ਸਮਰਪਿਤ ਕਿਸਾਨ ਕਾਨਫਰੰਸ 27 ਅਕਤੂਬਰ ਨੂੰ ਗੁਰਦਾਸ ਨੰਗਲ ਵਿਚ ਕਰਵਾਈ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸਤਬੀਰ ਸਿੰਘ ਸੁਲਤਾਨੀ ਨੇ ਬਾਬਾ ਬੰਦਾ ਸਿੰਘ ਬਹਾਦਰ ਦੀ ਸੋਚ ’ਤੇ ਪਹਿਰਾ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ।