ਮਨਪ੍ਰੀਤ ਸਿੰਘ
ਮਾਨਸਰ, 3 ਅਪਰੈਲ
ਪੱਛਮੀ ਬੰਗਾਲ ਤੇ ਹੋਰ ਸੂਬਿਆਂ ’ਚ ਭਾਜਪਾ ਦੀ ਹੋਈ ਹਾਰ ਦੀ ਖੁਸ਼ੀ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਟੌਲ ਪਲਾਜ਼ਾ ਮਾਨਸਰ ’ਤੇ ਲਾਏ ਧਰਨੇ ਦੌਰਾਨ ਲੱਡੂ ਵੰਡੇ ਗਏ। ਕਿਸਾਨਾਂ ਨੇ ਰਾਹਗੀਰਾਂ ਨੂੰ ਰੋਕ ਕੇ ਲੱਡੂ ਖੁਆਏ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੱਛਮੀ ਬੰਗਾਲ ਦੇ ਚੋਣ ਨਤੀਜਿਆਂ ਨਾਲ ਦੇਸ਼ ਵਿੱਚ ਭਾਜਪਾ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ। ਭਾਜਪਾ ਦੀ ਹਾਰ ਦਾ ਕਾਰਨ ਮੋਦੀ ਸਰਕਾਰ ਦੀਆਂ ਲੋਕ ਮਾਰੂ ਤੇ ਫ਼ਿਰਕੂ ਨੀਤੀਆਂ ਦੀ ਹਾਰ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਵੀ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਮਿਲੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਤੱਕ ਕਿਸਾਨੀ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਅਵਤਾਰ ਸਿੰਘ ਬੌਬੀ, ਬਲਜੀਤ ਸਿੰਘ ਛੰਨੀਨੰਦ ਸਿੰਘ, ਬਲਕਾਰ ਸਿੰਘ ਮੱਲ੍ਹੀ, ਬਲਦੇਵ ਕ੍ਰਿਸ਼ਨ ਅਤੇ ਹਰਬੰਸ ਸਿੰਘ ਹਾਜ਼ਰ ਸਨ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ‘ਬੰਗਾਲ ਚੋਣਾਂ ਨੇ ਦੇਸ਼ ਦੇ ਲੋਕਾਂ ਨੂੰ ਇੱਕ ਹਾਂ-ਪੱਖੀ ਸੰਦੇਸ਼ ਦਿੱਤਾ ਹੈ ਅਤੇ ਭਾਜਪਾ ਅਤੇ ਆਰਐੱਸਐੱਸ ਵਰਗੀਆਂ ਤਾਕਤਾਂ ਜਿਨ੍ਹਾਂ ਨੇ ਇਨ੍ਹਾਂ ਚੋਣਾਂ ’ਚ ਆਪਣੀ ਪੂਰੀ ਵਾਹ ਲਗਾ ਦਿੱਤੀ, ਨੂੰ ਬੰਗਾਲ ਦੇ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ। ਬੰਗਾਲ ਦੇ ਚੋਣ ਨਤੀਜਿਆਂ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਵੀ ਇਸ ਸੰਘਰਸ਼ ਨੂੰ ਜਿੱਤ ਕੇ ਲੈ ਜਾਣ ਦਾ ਬਲ ਬਖਸ਼ਿਆ ਹੈ।’ ਇਹ ਵਿਚਾਰ ਸਥਾਨਕ ਜੀਓ ਰਿਲਾਇੰਸ ਦਫ਼ਤਰ ਬਾਹਰ ਕਿਸਾਨਾਂ ਦੇ ਹੱਲ ਰਹੇ ਧਰਨੇ ਦੇ ਅੱਜ 173ਵੇਂ ਦਿਨ ਦੌਰਾਨ ਕਿਸਾਨ ਆਗੂਆਂ ਨੇ ਪ੍ਰਗਟ ਕੀਤੇ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਮੇਂ ਦੀ ਨਜ਼ਾਕਤ ਨੂੰ ਦੇਖਦਿਆਂ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕੀਤੇ ਜਾਣ। ਧਰਨੇ ਵਿੱਚ ਗੁਰਮੇਸ਼ ਸਿੰਘ, ਗੁਰਨਾਮ ਸਿੰਘ ਸਿੰਗੜੀਵਾਲਾ, ਮਲਕੀਤ ਸਿੰਘ ਸਲੇਮਪੁਰ, ਕਮਲਜੀਤ ਸਿੰਘ ਰਾਜਪੁਰ ਭਾਈਆਂ ਤੇ ਗੁਰਮੀਤ ਸਿੰਘ ਆਦਿ ਸ਼ਾਮਲ ਸਨ।
ਗੜ੍ਹਸ਼ੰਕਰ (ਜੇ ਬੀ ਸੇਖੋਂ): ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੁੱਲ ਹਿੰਦ ਕਿਸਾਨ ਸਭਾ ਵੱਲੋਂ ਕਾਮਰੇਡ ਦਰਸ਼ਨ ਸਿੰਘ ਮੱਟੂ ਤੇ ਕਾਮਰੇਡ ਗੁਰਨੇਕ ਭੱਜਲ ਦੀ ਅਗਵਾਈ ਹੇਠ ਇੱਥੋਂ ਦੇ ਸ੍ਰੀ ਆਨੰਦਪੁਰ ਸਾਹਿਬ ਰੋਡ ’ਤੇ ਕਿਸਾਨਾਂ ਵੱਲੋਂ ਲਗਾਇਆ ਜਾ ਰਿਹਾ ਰੋਸ ਧਰਨਾ 214ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾਈ ਆਗੂ ਹਰਸ਼ਰਨ ਸਿੰਘ ਭਾਤਪੁਰੀ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਭਾਜਪਾ ਨੂੰ ਆਪਣੀਆਂ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਮੂੰਹ ਦੀ ਖਾਣੀ ਪਈ ਹੈ। ਇਸ ਮੌਕੇ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਸਨ।