ਨਿੱਜੀ ਪੱਤਰ ਪ੍ਰੇਰਕ
ਜਲੰਧਰ, 5 ਮਈ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਅੱਗੇ ਤਿੰਨ ਘੰਟੇ ਤੱਕ ਰੋਸ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰੇ ਦੀ ਅਗਵਾਈ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਅਤੇ ਜ਼ਿਲ੍ਹਾ ਸਕੱਤਰ ਗੁਰਮੇਲ ਸਿੰਘ ਰੇੜਵਾਂ ਨੇ ਕੀਤੀ। ਜਥੇਬੰਦੀ ਨੇ ਮੰਗ ਕੀਤੀ ਕਿ ਅਬਾਦਕਾਰਾਂ ਨੂੰ ਜ਼ਮੀਨਾਂ ਦੇ ਮਾਲਕੀ ਦਿੱਤੇ ਜਾਣ ਜਦਕਿ ਪੰਜਾਬ ਸਰਕਾਰ ਇਸ ਦੇ ਉਲਟ ਉਨ੍ਹਾਂ ਕੋਲੋਂ ਜ਼ਮੀਨਾਂ ਖੋਹਣ ਦੇ ਮਨਸੂਬੇ ਘੜ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਅਜੇ ਤੱਕ ਐੱਮਐੱਸਪੀ ਬਾਰੇ ਕੋਈ ਮੀਟਿੰਗ ਨਹੀਂ ਸੱਦੀ ਜਦਕਿ ਕਿਸਾਨ ਅੰਦੋਲਨ ਸਮਾਪਤ ਕਰਨ ਸਮੇਂ ਸੰਘਰਸ਼ ਕਰ ਰਹੇ ਕਿਸਾਨਾਂ ਮਜ਼ਦੂਰਾਂ ਨਾਲ ਵਾਅਦਾ ਕੀਤਾ ਗਿਆ ਸੀ।
ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਅੰਦੋਲਨ ਦੌਰਾਨ ਕੀਤੇ ਪਰਚੇ ਰੱਦ ਕੀਤੇ ਜਾਣ, ਲਖੀਮਪੁਰ ਖੀਰੀ ਕਤਲ ਕਾਂਡ ਦੇ ਦੋਸ਼ੀ ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕੀਤਾ ਜਾਵੇ, ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ ਕੀਤਾ ਜਾਵੇ, ਤੇਲ ਪਦਾਰਥਾਂ ਦੀਆਂ ਕੀਮਤਾਂ ਵਿੱਚ ਕੀਤਾ ਭਾਰੀ ਵਾਧਾ ਵਾਪਸ ਲਿਆ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਰੇਤ ਕੱਢਣ ਦਾ ਹੱਕ ਜ਼ਮੀਨ ਮਾਲਕਾਂ ਨੂੰ ਦਿੱਤਾ ਜਾਵੇ ਅਤੇ ਰੇਤ ਦੀ ਭਰਾਈ ਜੇਸੀਬੀ ਦੀ ਬਜਾਏ ਲੇਬਰ ਤੋਂ ਕਰਵਾਈ ਜਾਵੇ ਤਾਂ ਜੋ ਮਜ਼ਦੂਰ ਨੂੰ ਕੰਮ ਮਿਲ ਸਕੇ, ਚਿੱਟੀ ਵੇਈਂ, ਸਤਲੁਜ, ਬਿਆਸ ਆਦਿ ਦਰਿਆਵਾਂ ਵਿੱਚ ਪੈਂਦਾ ਜਲੰਧਰ, ਲੁਧਿਆਣਾ, ਫਿਲੌਰ ਸਮੇਤ ਹੋਰ ਸ਼ਹਿਰਾਂ ਦੇ ਸੀਵਰੇਜ ਦਾ ਗੰਦਾ ਪਾਣੀ ਸੋਧ ਕੇ ਨਹਿਰਾਂ ਰਾਹੀਂ ਖੇਤੀਬਾੜੀ ਲਈ ਦਿੱਤਾ ਜਾਵੇ ਅਤੇ ਪੰਜਾਬ ਭਰ ਵਿੱਚ ਨਾਕਸ ਨਹਿਰ ਪ੍ਰਬੰਧ ਠੀਕ ਕਰਕੇ ਪਾਣੀ ਟੇਲਾਂ ਤੱਕ ਪਹੁੰਚਾਇਆ ਜਾਵੇ। ਇਸ ਮੌਕੇ ਜ਼ਿਲ੍ਹਾ ਮੀਤ ਸਕੱਤਰ ਜਰਨੈਲ ਸਿੰਘ ਰਾਮੇ, ਮੇਜਰ ਸਿੰਘ ਪੱਡਾ, ਹਰਪ੍ਰੀਤ ਸਿੰਘ ਕੋਟਲੀ ਗਾਜਰਾਂ, ਨਿਰਮਲ ਸਿੰਘ ਢੰਡੋਵਾਲ, ਸਰਬਜੀਤ ਸਿੰਘ ਢੰਡੋਵਾਲ, ਰਣਜੀਤ ਸਿੰਘ ਬੱਲ ਨੌਂ, ਜੁਝਾਰ ਸਿੰਘ ਰੇੜਵਾਂ ਸਮੇਤ ਹੋਰ ਵੀ ਕਿਸਾਨ ਮਜ਼ਦੂਰ ਅਤੇ ਬੀਬੀਆਂ ਹਾਜ਼ਰ ਸਨ।