ਪੱਤਰ ਪ੍ਰੇਰਕ
ਭੋਗਪੁਰ, 5 ਜੂਨ
ਦੋਆਬਾ ਕਿਸਾਨ ਸੰਘਰਸ਼ ਕਮੇਟੀ ਕਿਸ਼ਨਗੜ੍ਹ ਦੇ ਪ੍ਰਧਾਨ ਹਰਸਲਿੰਦਰ ਸਿੰਘ ਦੀ ਅਗਵਾਈ ’ਚ ਬੱਸਾਂ ਅਤੇ ਕਾਰਾਂ ਵਿੱਚ ਸਵਾਰ ਹੋ ਕੇ ਕਿਸਾਨਾਂ ਦਾ ਵੱਡਾ ਜਥਾ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਲੀ ਸਰਹੱਦ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਰਵਾਨਾ ਹੋਇਆ। ਇਸ ਮੌਕੇ ਕਿਸਾਨਾਂ ਨੇ ਮੋਦੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਦਿੱਲੀ ਰਵਾਨਾ ਹੋਣ ਸਮੇਂ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਹਰਸਲਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਮੋਰਚੇ ਨੇ ਮੋਦੀ ਸਰਕਾਰ ਦੇ ਨੱਕ ਵਿੱਚ ਦਮ ਕੀਤਾ ਹੋਇਆ ਹੈ ਜਿਸ ਕਰਕੇ ਮੋਦੀ ਸਰਕਾਰ ਭੰਬਲਭੂਸੇ ਵਿੱਚ ਪਈ ਹੋਈ ਹੈ। ਉਨ੍ਹਾਂ ਕਿਹਾ ਕਿ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਅਤੇ ਜਿਣਸਾਂ ’ਤੇ ਐੱਮਐੱਸਪੀ ਲਾਗੂ ਕਰਨ ਤੋਂ ਬਿਨਾਂ ਕਿਸਾਨ ਅੰਦੋਲਨ ਕਦੇ ਖਤਮ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਵਪਾਰੀਆਂ ਨੂੰ ਮੋਦੀ ਸਰਕਾਰ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਲਈ ਕਿਹਾ।
ਆਦਮਪੁਰ ਦੋਆਬਾ (ਹਤਿੰਦਰ ਮਹਿਤਾ): ਇਲਾਕੇ ਵਿਚੋਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦਾ ਵੱਡਾ ਕਾਫਲਾ ਅੱਜ ਸਵੇਰੇ 9 ਵਜੇ ਦਿੱਲੀ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਆਦਮਪੁਰ ਦੇ ਬੱਸ ਸਟੈਂਡ ਤੋਂ ਪ੍ਰਧਾਨ ਮਨਜੀਤ ਸਿੰਘ ਰਾਏ ਦੀ ਅਗਵਾਈ ਹੇਠ ਰਵਾਨਾ ਹੋਇਆ। ਪਿੰਡ ਹਰੀਪੁਰ ਤੋਂ ਵੀ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਆਗੂ ਰਸਦ, ਨਿਹੰਗ ਸਿੰਘਾਂ ਦੇ ਘੋੜਿਆਂ ਲਈ ਦਾਣੇ ਅਤੇ ਨਿਹੰਗ ਸਿੰਘਾਂ ਦੀ ਸਰਦਾਈ ਦੇ ਸਮਾਨ ਦੇ ਟੱਰਕ ਲੈ ਕੇ ਦਿੱਲੀ ਲਈ ਰਵਾਨਾ ਹੋਏ। ਇਸ ਮੌਕੇ ਸਰਪੰਚ ਜਸਵਿੰਦਰ ਸਿੰਘ ਦਿਉਲ ਅਤੇ ਅਵਤਾਰ ਸਿੰਘ ਦਿਉਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਸਾਹ ਲਵਾਂਗੇ। ਉਨ੍ਹਾਂ ਕਿਹਾ ਕਿ ਦਿੱਲੀ ਜਾਣ ਵਾਲੇ ਕਾਫਲੇ ਲਈ ਕਿਸਾਨ ਖਾਸ ਤੌਰ ’ਤੇ ਨੌਜਵਾਨਾਂ ਵਿਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ। ਅੱਜ ਸਵੇਰੇ 9 ਵਜੇ ਇਲਾਕੇ ਦੇ ਕਿਸਾਨ ਬੱਸ ਸਟੈਂਡ ਵਿੱਚ ਇਕਠੇ ਹੋਏ ਤੇ ਸਰਬੱਤ ਦੇ ਭਲੇ ਅਤੇ ਸੰਘਰਸ਼ ਵਿੱਚ ਜਿੱਤ ਦੀ ਅਰਦਾਸ ਉਪਰੰਤ ਦਿੱਲੀ ਸੰਘਰਸ਼ ਵਿਚ ਯੋਗਦਾਨ ਪਾਉਣ ਲਈ ਦਿੱਲੀ ਰਵਾਨਾ ਹੋਏ।