ਪਾਲ ਸਿੰਘ ਨੌਲੀ
ਜਲੰਧਰ, 17 ਨਵੰਬਰ
ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ 26 ਨਵੰਬਰ ਨੂੰ ਦਿੱਲੀ ਦੀਆਂ ਜੂਹਾਂ ’ਤੇ ਜਾਰੀ ਇਤਿਹਾਸਕ ਕਿਸਾਨ ਅੰਦੋਲਨ ਦਾ ਪੂਰਾ ਇੱਕ ਸਾਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਨੇ 26 ਨਵੰਬਰ ਨੂੰ ਦਿੱਲੀ ਬਾਰਡਰਾਂ ’ਤੇ ਚੱਲ ਰਹੇ ਮੋਰਚਿਆਂ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਹੈ ਅਤੇ 29 ਨਵੰਬਰ ਨੂੰ ਪਾਰਲੀਮੈਂਟ ਦੇ ਸੈਸ਼ਨ ਦੇ ਪਹਿਲੇ ਦਿਨ ਸੰਸਦ ਵੱਲ ਮਾਰਚ ਕੀਤਾ ਜਾਵੇਗਾ। ਸੂਬਾਈ ਪ੍ਰੈੱਸ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਦੱਸਿਆ ਕਿ ਜਮਹੂਰੀ ਕਿਸਾਨ ਸਭਾ ਦੇ ਸੱਦੇ ’ਤੇ ਸੈਂਕੜੇ ਕਿਸਾਨ ਟਰਾਲੀਆਂ-ਟਰੈਕਟਰਾਂ ਸਮੇਤ 25 ਅਤੇ 26 ਨਵੰਬਰ ਨੂੰ ਦਿੱਲੀ ਦੇ ਸਿੰਘੂ ਅਤੇ ਟਿੱਕਰੀ ਬਾਰਡਰਾਂ ’ਤੇ ਪੁੱਜਣਗੇ। ਉਨ੍ਹਾਂ ਦੱਸਿਆ ਕਿ ਸੰਸਦ ਵੱਲ ਮਾਰਚ ਦੇ ਪਹਿਲੇ ਜਥੇ ਦੀ ਅਗਵਾਈ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਕਰਨਗੇ। ਉਨ੍ਹਾਂ ਦੱਸਿਆ ਕਿ ‘ਪੰਜਾਬ ਬਚਾਓ ਸੰਯੁਕਤ ਮੋਰਚੇ’ ਵਲੋਂ 28 ਨਵੰਬਰ ਨੂੰ ਗਿੱਲ ਰੋਡ ਅਨਜ ਮੰਡੀ ਲੁਧਿਆਣਾ ਵਿਖੇ ਕੀਤੀ ਜਾ ਰਹੀ ‘ਕਰਪੋਰੇਟ ਭਜਾਓ, ਦੇਸ਼ ਭਜਾਓ, ਪੰਜਾਬ ਬਚਾਓ’ ਰੈਲੀ ਵਿਚ ਪੂਰੀ ਸ਼ਕਤੀ ਨਾਲ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਗਿਆ।