ਜੇਬੀ ਸੇਖੋਂ
ਗੜ੍ਹਸ਼ੰਕਰ, 24 ਮਈ
ਕੇਂਦਰ ਸਰਕਾਰ ਵਿਰੁੱਧ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੇ 26 ਮਈ ਨੂੰ ਛੇ ਮਹੀਨੇ ਹੋ ਜਾਣ ’ਤੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਦੇਸ਼ ਭਰ ਵਿੱਚ 26 ਮਈ ਨੂੰ ਕੇਂਦਰ ਸਰਕਾਰ ਵਿਰੁੱਧ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਤਹਿਤ ਗੜ੍ਹਸ਼ੰਕਰ ਵਿੱਚ ਕੁੱਲ ਹਿੰਦ ਕਿਸਾਨ ਸਭਾ ਨੇ ਇਨ੍ਹਾਂ ਰੋਸ ਪ੍ਰਦਰਸ਼ਨਾਂ ਲਈ ਕਿਸਾਨਾਂ ਨੂੰ ਲਾਮਬੰਦ ਕਰ ਲਿਆ ਹੈ। ਇਸ ਸਬੰਧੀ ਗੜ੍ਹਸ਼ੰਕਰ ਦੇ ਜੀਓ ਸੈਂਟਰ ’ਚ ਚੱਲ ਰਹੇ ਨਿਰਵਿਘਨ ਰੋਸ ਧਰਨੇ ਦੌਰਾਨ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾਈ ਮੀਤ ਪ੍ਰਧਾਨ ਦਰਸ਼ਨ ਸਿੰਘ ਮੱਟੂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਐੱਮਐੱਸਪੀ ਨੂੰ ਕਾਨੂੰਨੀ ਦਰਜਾ ਦਿਵਾਉਣ ਦੀ ਮੰਗ ਹੁਣ ਸਿਰਫ ਕਿਸਾਨਾਂ ਦੀ ਨਹੀਂ ਸਗੋਂ ਦੇਸ਼ ਦੇ ਹਰ ਵਰਗ ਦੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕਿਸਾਨ ਅੰਦੋਲਨ ਭਾਜਪਾ ਸਰਕਾਰ ਦਾ ਹੀ ਨਹੀਂ ਸਗੋਂ ਇਸ ਪਾਰਟੀ ਦਾ ਵੀ ਪਤਨ ਬਣੇਗਾ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ 26 ਮਈ ਨੂੰ ਗੜ੍ਹਸ਼ੰਕਰ ਦੇ ਹਰ ਪਿੰਡ ਤੇ ਸ਼ਹਿਰ ਵਿੱਚ ਆਪਣੇ ਘਰਾਂ, ਦੁਕਾਨਾਂ, ਵਾਹਨਾਂ ’ਤੇ ਕਾਲੇ ਝੰਡੇ ਲਾ ਕੇ ਕੇਂਦਰ ਸਰਕਾਰ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਨੂੰ ਸਮਰਥਨ ਦਿੱਤਾ ਜਾਵੇਗਾ ਤੇ ਮੋਦੀ ਸਰਕਾਰ ਵਿਰੁੱਧ ਪੁਤਲੇ ਫੂਕ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਕਾਮਰੇਡ ਹਰਭਜਨ ਅਟਵਾਲ, ਕੈਪਟਨ ਕਰਨੈਲ ਸਿੰਘ, ਬੀਬੀ ਸੁਭਾਸ਼ ਮੱਟੂ, ਸ਼ਿੰਗਾਰਾ ਰਾਮ ਭੱਜਲ ਆਦਿ ਨੇ ਵੀ ਸੰਬੋਧਨ ਕੀਤਾ।
ਫਤਹਿਗੜ੍ਹ ਚੂੜੀਆਂ (ਹਰਪਾਲ ਸਿੰਘ ਨਾਗਰਾ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਦੀ ਅਗਵਾਈ ਹੇਠ ਮੀਟਿੰਗ ਹੋਈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ 26 ਮਈ ਨੂੰ ਦਿੱਲੀ ਕਿਸਾਨ ਮੋਰਚੇ ‘ਚ ਕਿਸਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਾਉਣ ਵਾਸਤੇ ਮੀਟਿੰਗਾਂ ਕਰਕੇ ਜਥੇ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 26 ਨਵੰਬਰ ਤੋਂ ਚੱਲ ਰਹੇ ਕਿਸਾਨ ਮੋਰਚੇ ਦੇ 6 ਮਹੀਨੇ ਪੂਰੇ ਹੋਣ ‘ਤੇ 26 ਮਈ ਨੂੰ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨ ਅੰਦੋਲਨ ਵਿੱਚ ਦੇਸ਼ ਭਰ ਲੋਕ ਹੁੰਮ ਹੁਮਾ ਕੇ ਪੁੱਜ ਰਹੇ ਹਨ। ਇਸੇ ਦਿਨ 26 ਮਈ ਨੂੰ ਮੋਦੀ ਸਰਕਾਰ ਦੇ 7 ਸਾਲ ਵੀ ਪੂਰੇ ਹੋ ਰਹੇ ਹਨ। ਇਸ ਸਬੰਧੀ ਕਿਸਾਨ ਜਥੇਬੰਧੀਆਂ ਦੇ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਮੌਕੇ ਕਿਸਾਨ ਆਗੂ ਦਲਜੀਤ ਸਿੰਘ, ਪ੍ਰਕਾਸ਼ ਸਿੰਘ, ਕੁਲਵਿੰਦਰ ਸਿੰਘ, ਨਿਰਮਲ ਸਿੰਘ, ਤਰਸੇਮ ਸਿੰਘ ਹਾਜ਼ਰ ਸਨ।
ਕਿਸਾਨ ਜਥੇਬੰਦੀਆਂ ਦੇ ਹੱਕ ’ਚ ਆਏ ਮੁਲਾਜ਼ਮ
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪਸਸਫ) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਮਨਜੀਤ ਸਿੰਘ ਸੈਣੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਲਾਗੂ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਹੁਣ ਜੋ 26 ਮਈ ਨੂੰ ਕਾਲੇ ਦਿਵਸ ਮਨਾਉਣ ਸਬੰਧੀ ਥਾਂ-ਥਾਂ ’ਤੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ ਉਸ ਵਿਚ ਪਸਸਫ ਵੱਲੋਂ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ ਹੈ।