ਕਿਸਾਨਾਂ ਨੇ ਬਿਜਲੀ ਸੋਧ ਬਿੱਲ ਖ਼ਿਲਾਫ਼ ਪ੍ਰਦਰਸ਼ਨ ਕੀਤਾ
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ ਕਿਰਤੀ ਕਿਸਾਨ ਯੂਨੀਅਨ, ਸੁਖਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਸੰਤੋਖ ਸਿੰਘ ਜ਼ਿਲ੍ਹਾ ਪ੍ਰਧਾਨ ਬੀ ਕੇ ਯੂ ਰਾਜੇਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸੰਯੁਕਤ ਕਿਸਾਨ ਮੋਰਚੇ ਨਾਲ ਲੋਕ ਮਾਰੂ ਬਿਜਲੀ ਬਿੱਲ ਨਾ ਲਾਗੂ ਕਰਨ ਸਬੰਧੀ ਕੇਂਦਰ ਸਰਕਾਰ ਨੇ ਲਿਖਤੀ ਵਾਅਦਾ ਕੀਤਾ ਸੀ ਪ੍ਰੰਤੂ ਸਰਕਾਰ ਅਪਣੇ ਵਾਅਦੇ ਤੋਂ ਭੱਜ ਗਈ ਹੈ। ਉਨ੍ਹਾਂ ਕਿਹਾ ਕਿ ਬਿਜਲੀ ਰਾਜਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੀ ਹੈ ਅਤੇ ਕੇਂਦਰ ਨੂੰ ਅਜਿਹਾ ਬਿੱਲ ਲਿਆਉਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਰ ਖੇਤਰ ਦਾ ਕੇਂਦਰੀਕਰਨ ਕਰ ਰਹੀ ਹੈ ਅਤੇ ਰਾਜਾਂ ਦੇ ਸੰਘੀ ਢਾਂਚੇ ਨੂੰ ਖੋਰਾ ਲਾ ਰਹੀ ਹੈ।
ਆਗੂਆਂ ਚਿਤਾਵਨੀ ਦਿੱਤੀ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਚੁੱਪ ਵੱਟੀ ਬੈਠੀ ਹੈ ਪੰਜਾਬ ਸਰਕਾਰ ਨੂੰ ਇਸ ਬਿੱਲ ਤੇ ਸਹਿਮਤੀ ਨਹੀਂ ਦੇਣੀ ਚਾਹੀਦੀ, ਜੇਕਰ ਅਜਿਹਾ ਹੁੰਦਾ ਹੈ ਤਾਂ ਪੰਜਾਬ ਦੇ ਲੋਕ ਇਸ ਦਾ ਵਿਰੋਧ ਕਰਨਗੇ। ਵਫ਼ਦ ਵਿੱਚ ਤਰਸੇਮ ਸਿੰਘ ਬੈਂਸ, ਸੁਰਿੰਦਰ ਸਿੰਘ ਮਹਿਰਮਪੁਰ, ਜੀਵਨ ਦਾਸ ਬੇਗੋਵਾਲ, ਬਿੱਕਰ ਸਿੰਘ ਸ਼ੇਖੂਪੁਰਬਾਗ, ਰਾਮਜੀ ਦਾਸ ਸਨਾਵਾ, ਗੁਰਨੇਕ ਸਿੰਘ, ਸੰਤੋਖ ਸਿੰਘ ਅਤੇ ਮੇਜਰ ਸਿੰਘ ਉਸਮਾਨਪੁਰ ਤੋਂ ਇਲਾਵਾ ਬਹੁਤ ਸਾਰੇ ਕਿਸਾਨ ਜ਼ਿਲ੍ਹੇ ਭਰ ਚੋਂ ਸ਼ਾਮਲ ਸਨ।
