ਕਿਸਾਨਾਂ ਵੱਲੋਂ ਵਰ੍ਹਦੇ ਮੀਂਹ ’ਚ ਵਿਧਾਇਕਾਂ ਦੇ ਘਰਾਂ ਅੱਗੇ ਮੁਜ਼ਾਹਰੇ

* ਦਸ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਕਿਸਾਨਾਂ ਵੱਲੋਂ ਵੱਖ-ਵੱਖ ਥਾਈਂ ਮੋਟਰਸਾਈਕਲ ਰੈਲੀਆਂ; * ਸਰਕਾਰਾਂ ਨੂੰ ਲੋਕ ਵਿਰੋਧੀ ਕਾਨੂੰਨ ਵਾਪਸ ਲੈਣ ਦੀ ਮੰਗ

ਕਿਸਾਨਾਂ ਵੱਲੋਂ ਵਰ੍ਹਦੇ ਮੀਂਹ ’ਚ ਵਿਧਾਇਕਾਂ ਦੇ ਘਰਾਂ ਅੱਗੇ ਮੁਜ਼ਾਹਰੇ

ਕਿਸਾਨ ਜਥੇਬੰਦੀਆਂ ਦੇ ਮੈਂਬਰ ਹੁਸ਼ਿਆਰਪੁਰ ’ਚ ਰੋਸ ਮਾਰਚ ਕਰਦੇ ਹੋਏ। -ਫੋਟੋ : ਹਰਪ੍ਰੀਤ ਕੌਰ

ਪਾਲ ਸਿੰਘ ਨੌਲੀ
ਜਲੰਧਰ, 10 ਅਗਸਤ

ਦਸ ਕਿਸਾਨ ਜਥੇਬੰਦੀਆਂ ਨੇ ਖੇਤੀ ਸੁਧਾਰਾਂ ਦੀ ਆੜ ਹੇਠ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨੋਂ ਆਰਡੀਨੈਂਸਾਂ ਦਾ ਤਿੱਖਾ ਵਿਰੋਧ ਕੀਤਾ। ਕਿਸਾਨਾਂ ਨੇ ਵਰ੍ਹਦੇ ਮੀਂਹ ਵਿੱਚ ਵੀ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ। ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਕਾਮਰੇਡ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਾਂਝੇ ਮੰਚ ਵੱਲੋਂ ਵਿਧਾਇਕਾਂ ਨੂੰ ਚਿਤਾਵਨੀ ਪੱਤਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਜੇ ਵਿਧਾਨ ਸਭਾ ਵਿੱਚ ਖੇਤੀ ਆਰਡੀਨੈਂਸਾਂ ਦਾ ਵਿਰੋਧ ਨਾ ਕੀਤਾ ਤਾਂ ਉਨ੍ਹਾਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ।

ਵਿਧਾਇਕ ਪਰਗਟ ਸਿੰਘ, ਸ਼ਾਹਕੋਟ ਦੇ ਵਿਧਾਇਕ ਲਾਡੀ ਸ਼ੇਰੋਵਾਲੀਆ ਤੇ ਫਿਲੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਲਦੇਵ ਖਹਿਰਾ ਦੇ ਘਰ ਦੇ ਬਾਹਰ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ ਤੇ ਉਨ੍ਹਾਂ ਨੂੰ ਚਿਤਾਵਨੀ ਪੱਤਰ ਦਿੱਤੇ। ਵਿਧਾਇਕ ਪਰਗਟ ਸਿੰਘ ਦੇ ਘਰ ਦੇ ਬਾਹਰ ਵਰ੍ਹਦੇ ਮੀਂਹ ਵਿੱਚ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਉਨ੍ਹਾਂ ਪਰਗਟ ਸਿੰਘ ਨੂੰ ਮੰਗ ਪੱਤਰ ਵੀ ਦਿੱਤਾ। ਵਿਧਾਇਕ ਪਰਗਟ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਵਿਧਾਨ ਸਭਾ ਵਿੱਚ ਵੀ ਇਸ ਮਸਲੇ ਨੂੰ ਉਠਾਉਣਗੇ।

ਤਰਨ ਤਾਰਨ (ਗੁਰਬਖਸ਼ੁਪਰੀ): ਕੁੱਲ ਹਿੰਦ ਕਿਸਾਨ ਤਾਲਮੇਲ ਕਮੇਟੀ ਦੇ ਵਰਕਰਾਂ ਨੇ ਅੱਜ ਸਰਹੱਦੀ ਖੇਤਰ ਦੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਇੱਕ ਮੋਟਰਸਾਈਕਲ ਮਾਰਚ ਕਰ ਕੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਮਹਿਮੂਦਪੁਰ ਪਿੰਡ ਸਥਿਤ ਰਿਹਾਇਸ਼ ਸਾਹਮਣੇ ਧਰਨਾ ਦਿੱਤਾ| ਵਿਧਾਇਕ ਨੇ ਕਿਸਾਨਾਂ ਦੇ ਧਰਨੇ ਵਿੱਚ ਆ ਕੇ ਜਥੇਬੰਦੀ ਦਾ ਚਿਤਾਵਨੀ ਪੱਤਰ ਹਾਸਲ ਕੀਤਾ ਅਤੇ ਐਲਾਨ ਕੀਤਾ ਕਿ ਸਰਕਾਰ ਨੇ ਇਸ ਸਬੰਧੀ ਜਲਦੀ ਹੀ ਇੱਕ ਵਿਸ਼ੇਸ਼ ਸੈਸ਼ਨ ਬੁਲਾ ਕੇ ਇਹ ਆਰਡੀਨੈਂਸ ਰੱਦ ਕਰਨ ਦੀ ਯੋਜਨਾ ਤਿਆਰ ਕੀਤੀ ਹੋਈ ਹੈ| ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੇ ਦਫ਼ਤਰ ਸਾਹਮਣੇ ਮੁਜ਼ਾਹਰਾ ਕੀਤਾ ਗਿਆ| ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਆਗੂ ਪਰਗਟ ਸਿੰਘ ਜਾਮਾਰਾਏ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਭੁਪਿੰਦਰ ਸਿੰਘ ਪੰਡੋਰੀ ਤੱਖਤਮਲ, ਕੁੱਲ ਹਿੰਦ ਕਿਸਾਨ ਸਭਾ ਦੇ ਕੁਲਬੀਰ ਸਿੰਘ ਕਸੇਲ ਨੇ ਸੂਬਾ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਨੀਤੀਆਂ ਅਖਤਿਆਰ ਕੀਤੇ ਜਾਣ ਦੀ ਨਿਖੇਧੀ ਕੀਤੀ|

ਸ਼ਾਹਕੋਟ (ਗੁਰਮੀਤ ਖੋਸਲਾ): ਇਸ ਤਹਿਸੀਲ ਦੇ ਕਿਸਾਨਾਂ ਨੇ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਅਗਵਾਈ ਵਿੱਚ ਸ਼ਾਹਕੋਟ ਤੋਂ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਕਾਂਗਣਾ ਸਥਿਤ ਰਿਹਾਇਸ ਤੱਕ ਮੋਟਰਸਾਈਕਲ ਮਾਰਚ ਕਰ ਕੇ ਧਰਨਾ ਦਿੱਤਾ। ਗੁਰਦਾਸਪੁਰ (ਜਤਿੰਦਰ ਬੈਂਸ): ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਮੈਂਬਰਾਂ ਵੱਲੋਂ ਜਮਹੂਰੀ ਕਿਸਾਨ ਸਭਾ ਦੇ ਆਗੂ ਕਪੂਰ ਸਿੰਘ ਘੁੰਮਣ ਤੇ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਉੱਚਾ ਧਕਾਲਾ ਦੀ ਅਗਵਾਈ ਹੇਠ ਇਲਾਕੇ ਦੇ ਵੱਖ-ਵੱਖ ਪਿੰਡਾਂ ਅੰਦਰ ਮੋਟਰਸਾਈਕਲ ਮਾਰਚ ਕਰ ਕੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੂੰ ਕਿਸਾਨਾਂ ਦੀਆਂ ਮੰਗਾਂ ਸਬੰਧੀ ਮੰਗ-ਪੱਤਰ ਦਿੱਤਾ। ਮੋਟਰਸਾਈਕਲ ਮਾਰਚ ਗਾਹਲੜੀ-ਗੁਰਦਾਸਪੁਰ ਸੜਕ ਤੇ ਪੈੰਦੇ ਟੋਟਾ ਮੋੜ ਤੋਂ ਸ਼ੁਰੂ ਹੋ ਕੇ ਪਿੰਡ ਗੰਜੀ, ਬੁਗਨਾਂ, ਜੂਨਚੱਕ, ਹਕੀਮਪੁਰ, ਉੱਚਾ ਪਿੰਡ ਕਾਠਗੜ, ਮਨਸੂਰਾ, ਸੱਦਾ, ਮਗਰਮੂਦੀਆਂ, ਸੇਖਾ, ਧੂਤ, ਦਬੂੜੀ, ਲੱਖੋਵਾਲ, ਮੁਸਤਫਾਬਾਦ ਸੈਂਦਾ, ਕਾਲਾ ਨੰਗਲ, ਹੇਮਰਾਜ ਪੁਰ ਅਤੇ ਬਥਵਾਲਾ ਵਿੱਚੋਂ ਲੰਘਦਾ ਵਿਧਾਇਕ ਬਰਿੰਦਰ ਜੀਤ ਸਿੰਘ ਪਾਹੜਾ ਦੀ ਰਿਹਾਇਸ਼ ’ਤੇ ਪਹੁੰਚਿਆ।

ਨਵਾਂ ਸ਼ਹਿਰ (ਲਾਜਵੰਤ ਸਿੰਘ): ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ ਅਤੇ ਪੰਜਾਬ ਕਿਸਾਨ ਸਭਾ ਦੀ ਅਗਵਾਈ ਵਿਚ ਮੋਟਰਸਾਈਕਲਾਂ ’ਤੇ ਰੋਸ ਮਾਰਚ ਕੱਢਿਆ ਗਿਆ ਅਤੇ ਵਿਧਾਇਕ ਅੰਗਦ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ।

ਰਈਆ (ਦਵਿੰਦਰ ਸਿੰਘ ਭੰਗੂ): ਕਿਸਾਨ ਜਥੇਬੰਦੀਆਂ ਦੇ ਸੈਂਕੜੇ ਵਰਕਰਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਆਰਡੀਨੈਂਸ ਰੱਦ ਕਰਵਾਉਣ ਲਈ ਮੋਟਰਸਾਈਕਲਾਂ ’ਤੇ ਮਾਰਚ ਕੱਢਕੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਅਤੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੂੰ ਚਿਤਾਵਨੀ ਪੱਤਰ ਦਿੱਤੇ। ਮਾਰਚ ਦੀ ਅਗਵਾਈ ਸਰਵ ਸਾਥੀ ਸਵਿੰਦਰ ਸਿੰਘ ਖਹਿਰਾ, ਰਵਿੰਦਰ ਸਿੰਘ ਛੱਜਲਵੱਡੀ, ਦਲਬੀਰ ਸਿੰਘ ਬੇਦਾਦਪੁਰ ਨੇ ਕੀਤੀ। ਚਿਤਾਵਨੀ ਪੱਤਰ ਲੈਣ ਤੋਂ ਬਾਅਦ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਸੰਸਦ ਅਤੇ ਸੰਤੋਖ ਸਿੰਘ ਭਲਾਈਪੁਰ ਨੇ ਪੰਜਾਬ ਵਿਧਾਨ ਸਭਾ ’ਚ ਆਰਡੀਨੈਂਸ ਰੱਦ ਕਰਵਾਉਣ ਲਈ ਆਪਣਾ ਬਣਦਾ ਯੋਗਦਾਨ ਪਾਉਣ ਦਾ ਭਰੋਸਾ ਦਿਵਾਇਆ।

ਦੀਨਾਨਗਰ (ਸਰਬਜੀਤ ਸਾਗਰ): ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂ ਹੇਠ ਪਾਸ ਕੀਤੇ ਤਿੰਨ ਖੇਤੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਵਾਉਣ ਲਈ ਅੱਜ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਮੋਟਰਸਾਈਕਲ ਰੈਲੀ ਕੀਤੀ ਗਈ।

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਇੱਥੇ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ 8 ਕਿਸਾਨ ਜਥੇਬੰਦੀਆਂ ਵਲੋਂ ਸ਼ਹਿਰ ’ਚ ਮੋਟਰਸਾਈਕਲਾਂ ਰਾਹੀਂ ਕਾਲੀਆਂ ਝੰਡੀਆਂ ਲੈ ਕੇ ਰੋਸ ਮਾਰਚ ਕੀਤਾ ਗਿਆ। ਮਾਰਚ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਦਵਿੰਦਰ ਸਿੰਘ ਕੱਕੋਂ, ਆਜ਼ਾਦ ਕਿਸਾਨ ਕਮੇਟੀ ਦੇ ਪ੍ਰਧਾਨ ਹਰਪਾਲ ਸਿੰਘ ਸੰਘਾ, ਦੋਆਬਾ ਵਾਤਾਵਰਨ ਸੰਘਰਸ਼ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਖੁਣ-ਖੁਣ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜਗਤਾਰ ਸਿੰਘ ਬਡਲਾ, ਜਨਰਲ ਕੈਟਾਗਿਰੀ ਫ਼ਰੰਟ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ ਤੇ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਮਨਜੀਤ ਸਿੰਘ ਰਾਏ ਨੇ ਕੀਤੀ। ਮੁੱਖ ਬਜ਼ਾਰਾਂ ’ਚ ਮਾਰਚ ਕਰਨ ਉਪਰੰਤ ਰੌਸ਼ਨ ਗਰਾਊਂਡ ’ਚ ਵਿਸ਼ਾਲ ਇਕੱਠ ਕੀਤਾ ਗਿਆ। ਬਾਅਦ ਵਿੱਚ ਉਨ੍ਹਾਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਵੱਲ ਮਾਰਚ ਕੀਤਾ ਗਿਆ ਪਰ ਰਸਤੇ ਵਿੱਚ ਹੀ ਰੋਕ ਉਨ੍ਹਾਂ ਕੋਲੋਂ ਮੰਗ ਪੱਤਰ ਲਿਆ ਗਿਆ।

ਵਿਧਾਇਕ ਸਿੱਕੀ ਦੇ ਦਫ਼ਤਰ ਦਾ ਘਿਰਾਓ

ਸ੍ਰੀ ਗੋਇੰਦਵਾਲ ਸਾਹਿਬ (ਜਤਿੰਦਰ ਸਿੰਘ ਬਾਵਾ): ਕੁੱਲ ਹਿੰਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਜਮਹੂਰੀ ਕਿਸਾਨ ਸਭਾ ਦੇ ਸੈਂਕੜੇ ਕਾਰਕੁਨਾਂ ਵੱਲੋਂ ਮੋਟਰਸਾਈਕਲਾਂ, ਸਕੂਟਰਾਂ ਅਤੇ ਗੱਡੀਆਂ ਦੇ ਕਾਫਲੇ ਨਾਲ ਰੈਸ਼ੀਆਣਾ ਸਥਿਤ ਵਿਧਾਇਕ ਰਮਨਦੀਪ ਸਿੰਘ ਸਿੱਕੀ ਦੇ ਦਫ਼ਤਰ ਦਾ ਘਿਰਾਓ ਕਰਦਿਆਂ ਕਿਸਾਨ ਵਿਰੋਧੀ ਆਰਡੀਨੈਂਸਾਂ ਖਿਲਾਫ਼ ਵਿਧਾਨ ਸਭਾ ਵਿੱਚ ਮਤਾ ਪਾਸ ਕਰਨ ਲਈ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਪੀਏ ਨੂੰ ਚਿਤਾਵਨੀ ਪੱਤਰ ਸੌਂਪਿਆ ਗਿਆ। ਘਿਰਾਓ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਮੁਖਤਾਰ ਸਿੰਘ ਮੱਲਾ, ਮਨਜੀਤ ਸਿੰਘ ਬੱਗੂ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਬਾਬਾ ਮਹਿੰਦਰ ਸਿੰਘ ਵੈਈਪੁਈ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਬਲਦੇਵ ਸਿੰਘ ਧੂੰਦਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਕਾਬਲ ਸਿੰਘ ਵਰਿਆਂਹ ਨੇ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਸ਼ਹਿਰ

View All