ਹਰਪ੍ਰੀਤ ਕੌਰ
ਹੁਸ਼ਿਆਰਪੁਰ, 27 ਮਈ
ਕਿਸਾਨਾਂ ਵਲੋਂ ਮਿੰਨੀ ਸਕੱਤਰੇਤ ਦੇ ਨੇੜੇ ਜੀਓ ਰਿਲਾਇੰਸ ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਲਗਾਤਾਰ ਜਾਰੀ ਹੈ। ਅੱਜ ਧਰਨੇ ਦੌਰਾਨ ਬੋਲਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ 26 ਮਈ ਦਾ ਦਿਨ ਕਿਸਾਨਾਂ ਨੇ ਜਿਸ ਤਰ੍ਹਾਂ ਸਰਕਾਰ ਵਿਰੋਧੀ ਭਾਵਨਾ ਨਾਲ ਮਨਾਇਆ, ਉਸ ਤੋਂ ਮੋਦੀ ਸਰਕਾਰ ਨੂੰ ਸਬਕ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਅੰਦਰ ਪਾਏ ਜਾ ਰਹੇ ਰੋਹ ਨੂੰ ਦੇਖਦਿਆਂ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰੇ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦਾ ਕਾਨੂੰਨ ਬਣਾ ਕੇ ਇਸ ਮਸਲੇ ਦਾ ਹੱਲ ਕਰੇ। ਧਰਨੇ ਨੂੰ ਗੁਰਮੇਸ਼ ਸਿੰਘ, ਗੁਰਨਾਮ ਸਿੰਘ ਸਿੰਗੜੀਵਾਲਾ, ਕਮਲਜੀਤ ਸਿੰਘ ਰਾਜਪੁਰ ਭਾਈਆਂ, ਕੁਲਤਾਰ ਸਿੰਘ, ਗੁਰਮੀਤ ਸਿੰਘ ਆਦਿ ਨੇ ਸੰਬੋਧਨ ਕੀਤਾ।