ਜਗਜੀਤ ਸਿੰਘ
ਮੁਕੇਰੀਆਂ, 27 ਨਵੰਬਰ
ਗੰਨਾ ਸੰਘਰਸ਼ ਕਮੇਟੀ ਏ ਬੀ ਸ਼ੂਗਰ ਮਿੱਲ ਰੰਧਾਵਾ ਵੱਲੋਂ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਕੇਂਦਰ ਅਤੇ ਹਰਿਆਣਾ ਸਰਕਾਰ ਵੱਲੋਂ ਦਿੱਲੀ ਜਾ ਰਹੇ ਕਿਸਾਨਾਂ ’ਤੇ ਤਸ਼ੱਦਦ ਕਰਨ ਦੇ ਵਿਰੋਧ ਵਿੱਚ ਮਾਨਗੜ੍ਹ ਟੌਲ ਪਲਾਜ਼ਾ ’ਤੇ ਦਿੱਤੇ ਧਰਨੇ ਦੌਰਾਨ ਮੋਦੀ ਤੇ ਖੱਟਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਰਸਤੇ ਵਿਚ ਹਰਿਆਣਾ ਸਰਕਾਰ ਨੇ ਕੇਂਦਰ ਨੂੰ ਖ਼ੁਸ਼ ਕਰਨ ਲਈ ਜੋ ਤਸ਼ੱਦਦ ਕੀਤੇ ਉਹ ਨਿੰਦਣਯੋਗ ਹਨ। ਉਨ੍ਹਾਂ ਕਿਹਾ ਕਿ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਬਲਾਚੌਰ (ਗੁਰਦੇਵ ਸਿੰਘ ਗਹੂੰਣ): ਬਲਾਚੌਰ-ਰੋਪੜ ਕੌਮੀ ਮਾਰਗ ’ਤੇ ਸਥਿਤ ਟੌਲ ਪਲਾਜ਼ਾ ਬੱਛੂਆਂ ਅਤੇ ਬਲਾਚੌਰ-ਗੜ੍ਹਸ਼ੰਕਰ ਮਾਰਗ ’ਤੇ ਸਥਿਤ ਕਰਾਵਰ (ਮਜਾਰੀ) ਟੌਲ ਪਲਾਜ਼ਾ ’ਤੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਕੁੱਲ ਹਿੰਦ ਕਿਸਾਨ ਸਭਾ, ਕੰਢੀ ਸੰਘਰਸ਼ ਕਮੇਟੀ, ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਅਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਕਾਰਕੁਨਾਂ ਵਲੋਂ ‘ਦਿੱਲੀ ਚਲੋ’ ਅੰਦੋਲਨ ਦੇ ਬਾਵਜੂਦ ਧਰਨੇ ਜਾਰੀ ਰੱਖੇ ਹੋਏ ਹਨ।
ਇਸ ਮੌਕੇ ਕਿਸਾਨ ਕਾਰਕੁਨਾਂ ਦਿੱਲੀ ਮੋਰਚੇ ਦੇ ਨਾਲ ਨਾਲ ਸੂਬਾਈ ਧਰਨੇ ਜਾਰੀ ਰਹਿਣਗੇ।
ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬ੍ਰਿਗੇਡੀਅਰ ਰਾਜ ਕੁਮਾਰ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ’ਤੇ ਕੀਤੇ ਤਸ਼ੱਦਦ ਦੀ ਨਿਖੇਧੀ ਕੀਤੀ।
ਫਤਿਹਗੜ੍ਹ ਚੂੜੀਆਂ (ਹਰਪਾਲ ਨਾਗਰਾ): ਬੀਕੇਯੂ ਏਕਤਾ ਉਗਰਾਹਾਂ ਦੇ ਕਿਸਾਨਾਂ ਦਾ ਕਾਫ਼ਲਾ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਤੇ ਜਰਨਲ ਸਕੱਤਰ ਦਲਜੀਤ ਸਿੰਘ ਦੀ ਅਗਵਾਈ ਵਿਚ ਦਿੱਲੀ ਨੂੰ ਰਵਾਨਾ ਹੋਇਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਤਿੰਨ ਮਹੀਨੀਆਂ ਦਾ ਰਾਸ਼ਨ ਤੇ ਹੋਰ ਸਾਮਾਨ ਲੈ ਕੇ ਜਾ ਰਹੇ ਹਨ।
ਗੜ੍ਹਸ਼ੰਕਰ (ਜੇ.ਬੀ.ਸੇਖੋਂ): ਕੁੱਲ ਹਿੰਦ ਕਿਸਾਨ ਸਭਾ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸਥਾਨਕ ਸ੍ਰੀ ਆਨੰਦਪੁਰ ਸਾਹਿਬ ਮਾਰਗ ’ਤੇ ਦਿੱਤਾ ਜਾ ਰਿਹਾ ਧਰਨਾ ਅੱਜ 32ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਦੇ ਧਰਨੇ ਮੌਕੇ ਖੇਤਰ ਦੇ ਨੌਜਵਾਨਾਂ ਨੇ ਪ੍ਰਣਵ ਕਿਰਪਾਲ ਦੀ ਅਗਵਾਈ ਹੇਠ ਸ਼ਮੂਲੀਅਤ ਕੀਤੀ। ਇਸ ਮੌਕੇ ਬੁਲਾਰਿਆਂ ਨੇ ਹਰਿਆਣਾ ਸਰਕਾਰ ਦੀ ਵੀ ਨਿਖੇਧੀ ਕੀਤੀ।
ਮਾਨਸਰ (ਮਨਪ੍ਰੀਤ ਸਿੰਘ): ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਹੱਦ ’ਤੇ ਰੋਕਣ ਦੀ ਕਾਰਵਾਈ ਕਾਰਨ ਰੋਹ ਵਿਚ ਆਏ ਕਿਸਾਨਾਂ ਨੇ ਮਾਨਸਰ ਟੌਲ ਪਲਾਜ਼ਾ ’ਤੇ ਮੋਦੀ ਅਤੇ ਖੱਟਰ ਸਰਕਾਰ ਦੀਆਂ ਅਰਥੀਆਂ ਸਾੜੀਆਂ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰੀ ਔਕੜਾਂ ਦੇ ਬਾਵਜੂਦ ਲੱਖਾਂ ਦੀ ਗਿਣਤੀ ਵਿਚ ਕਿਸਾਨ ਦਿੱਲੀ ਪਹੁੰਚਣਗੇ ਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਕਾਲੇ ਕਾਨੂੰਨ ਵਾਪਸ ਲੈਣ ਲਈ ਮਜਬੂਰ ਕਰਨਗੇ। ਇਸ ਸਮੇਂ ਵੱਡੀ ਗਿਣਤੀ ਵਿੱਚ ਨੌਜਵਾਨ ਕਿਸਾਨ ਹਾਜ਼ਰ ਸਨ। ਇਸੇ ਤਰ੍ਹਾਂ ਕਿਸਾਨ ਜਥੇਬੰਦੀਆਂ ਵੱਲੋਂ ਜਲੰਧਰ-ਪਠਾਨਕੋਟ ਕੌਮੀ ਮਾਰਗ ’ਤੇ ਸਥਿਤ ਮਾਨਸਰ ਟੌਲ ਪਲਾਜ਼ਾ ਤੇ ਵਿੱਢਿਆ ਸੰਘਰਸ਼ 48ਵੇਂ ਦਿਨ ਵੀ ਜਾਰੀ ਰਿਹਾ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਕਿਸਾਨ ਜਥੇਬੰਦੀਆਂ ਵੱਲੋਂ ਰਿਲਾਇੰਸ ਜੀਓ ਦੇ ਦਫ਼ਤਰਾਂ ਬਾਹਰ ਦਿੱਤੇ ਜਾ ਰਹੇ ਧਰਨੇ ਦੌਰਾਨ ਅੱਜ ਹਰਿਆਣਾ ਸਰਕਾਰ ਦੀ ਅਰਥੀ ਫ਼ੂਕ ਕੇ ਮੁਜ਼ਾਹਰਾ ਕੀਤਾ ਗਿਆ। ਕਿਸਾਨ ਆਗੂਆਂ ਨੇ ਕੇਂਦਰੀ ਖੇਤੀ ਮੰਤਰੀ ਦੇ ਬਿਆਨ ਦੀ ਵੀ ਆਲੋਚਨਾ ਕੀਤੀ।
ਤਰਨ ਤਾਰਨ (ਗੁਰਬਖਸ਼ਪੁਰੀ): ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਝੰਡੇ ਹੇਠ ਅੱਜ ਕਸਬਾ ਹਰੀਕੇ ਪੱਤਣ ਤੋਂ ਸੈਂਕੜੇ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ ਹੋਇਆ| ਜਥੇਬੰਦੀ ਦੇ ਸੂਬਾ ਆਗੂ ਜਸਬੀਰ ਸਿੰਘ ਪਿੱਦੀ, ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਹਰਪ੍ਰੀਤ ਸਿੰਘ ਸਿਧਵਾਂ ਦੀ ਅਗਵਾਈ ਵਿੱਚ ਵੱਖ-ਵੱਖ ਪਿੰਡਾਂ ਤੋਂ ਸ਼ਾਮਲ ਕਿਸਾਨਾਂ ਨੇ ਦਿੱਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਹਰੀਕੇ ਵਿੱਚ ਰੈਲੀ ਕੀਤੀ| ਆਗੂਆਂ ਦੱਸਿਆ ਕਿ ਕਿਸਾਨਾਂ ਦੇ ਜਥੇ ਰਾਸ਼ਨ ਆਦਿ ਲੈ ਕੇ ਜਾ ਰਹੇ ਹਨ| ਪਿੱਛੋਂ ਵੀ ਰਾਸ਼ਨ ਦੀ ਸਪਲਾਈ ਜਾਰੀ ਰਹੇਗੀ।
ਬਟਾਲਾ (ਹਰਜੀਤ ਸਿੰਘ ਪਰਮਾਰ): ਅੱਜ ਬਟਾਲਾ ਦੇ ਪਿੰਡਾਂ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨ ਕਾਫ਼ਲੇ ਦੇ ਰੂਪ ’ਚ ਦਿੱਲੀ ਨੂੰ ਰਵਾਨਾ ਹੋਏ। ਕਾਫ਼ਲੇ ਦੀ ਅਗਵਾਈ ਕਰਨੈਲ ਸਿੰਘ ਸ਼ੇਰਪੁਰ ਅਤੇ ਰਣਧੀਰ ਸਿੰਘ ਘੁੰਮਣ ਨੇ ਕੀਤੀ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦਾ ਮਾਰੂ ਅਸਰ ਸਾਰੇ ਵਰਗਾਂ ’ਤੇ ਪਵੇਗਾ।
ਕਾਹਨੂੰਵਾਨ (ਵਰਿੰਦਰਜੀਤ ਜਾਗੋਵਾਲ): ਹਰਿਆਣਾ ਤੇ ਕੇਂਦਰ ਸਰਕਾਰ ਵੱਲੋਂ ਦਿੱਲੀ ਜਾਂਦੇ ਕਿਸਾਨਾਂ ਦੇ ਰਾਹ ਵਿੱਚ ਪਾਈਆਂ ਰੁਕਾਵਟਾਂ ਤੇ ਕਿਸਾਨਾਂ ’ਤੇ ਕੀਤੇ ਤਸ਼ੱਦਦ ਦੇ ਵਿਰੋਧ ਵਿੱਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਭੈਣੀ ਮੀਆਂ ਖਾਂ ’ਚ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਦੁਕਾਨਦਾਰ ਹਾਜ਼ਰ ਸਨ।
ਵਿਧਾਇਕ ਰਾਜ ਕੁਮਾਰ ਧਰਨੇ ’ਚ ਸ਼ਾਮਲ ਹੋਏ
ਹੁਸ਼ਿਆਰਪੁਰ: ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਵੀ ਦਿੱਲੀ ਪੁੱਜ ਕੇ ਅੱਜ ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਿਲ ਹੋਏ। ਉਨ੍ਹਾਂ ਨੇ ਕਿਸਾਨਾਂ ਨਾਲ ਧਰਨੇ ’ਚ ਬੈਠ ਕੇ ਉਨ੍ਹਾਂ ਦੇ ਸੰਘਰਸ਼ ’ਚ ਆਪਣਾ ਯੋਗਦਾਨ ਪਾਇਆ। ਡਾ. ਰਾਜ ਨੇ ਕਿਹਾ ਕਿ ਕੇਵਲ ਪੰਜਾਬ ਹੀ ਨਹੀਂ ਪੂਰੇ ਦੇਸ਼ ਦੇ ਕਿਸਾਨਾਂ ਅੰਦਰ ਰੋਸ ਹੈ। ਉਨ੍ਹਾਂ ਨੇ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਕਿਸਾਨਾਂ ਦੇ ਸੰਘਰਸ਼ ’ਚ ਵਧ ਚੜ੍ਹ ਕੇ ਸ਼ਾਮਿਲ ਹੋਣ।
ਟਰੈਕਟਰਾਂ ਦੇ ਟਾਇਰ ਪਾੜਨ ਦੀ ਕੋਸ਼ਿਸ਼
ਕਾਦੀਆਂ (ਮਕਬੂਲ ਅਹਿਮਦ): ਦਿੱਲੀ ਬਾਰਡਰ ’ਤੇ ਪਹੁੰਚੇ ਕਿਸਾਨਾਂ ਨੇ ਦੋਸ਼ ਲਾਇਆ ਕਿ ਭਾਜਪਾ ਸਰਕਾਰ ਨੇ ਭਾੜੇ ਦੇ ਸ਼ਰਾਰਤੀ ਅਨਸਰਾਂ ਤੋਂ ਉਨ੍ਹਾਂ ਦੇ ਟਰੈਕਟਰਾਂ ਦੇ ਟਾਇਰ ਪੜਵਾਉਣ ਦੀ ਕੋਸ਼ਿਸ਼ ਕੀਤੀ ਹੈ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਇਸ ਸਮੇਂ ਸੰਨ 1984 ਵਰਗਾ ਮਾਹੌਲ ਬਣਾ ਦਿੱਤਾ ਗਿਆ ਹੈ। ਕਿਸਾਨਾਂ ’ਤੇ ਪੈਟਰੋਲ ਬੰਬ ਸੁੱਟ ਕੇ ਉਨ੍ਹਾਂ ਨੂੰ ਡਰਾਉਣ ਤੇ ਸੰਘਰਸ਼ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।