ਹਰਪ੍ਰੀਤ ਕੌਰ
ਹੁਸ਼ਿਆਰਪੁਰ, 15 ਅਪਰੈਲ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਮਿੰਨੀ ਸਕੱਤਰੇਤ ਕੋਲ ਜੀਓ ਰਿਲਾਇੰਸ ਦਫ਼ਤਰ ਦੇ ਬਾਹਰ ਕਿਸਾਨਾਂ ਵੱਲੋਂ ਦਿੱਤਾ ਜਾ ਰਿਹਾ ਧਰਨਾ ਜਾਰੀ ਹੈ। ਅੱਜ ਧਰਨੇ ਦੇ 155ਵੇਂ ਦਿਨ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਧਰਨੇ ਵਾਲੀਆਂ ਥਾਵਾਂ ’ਤੇ ਵਿਸਾਖੀ ਦਾ ਦਿਨ ਵੱਡੇ ਪੱਧਰ ’ਤੇ ਮਨਾ ਕੇ ਜਿੱਥੇ ਭਾਈਚਾਰਕ ਸਾਂਝ ਦਾ ਸਬੂਤ ਦਿੱਤਾ ਗਿਆ ਉੱਥੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਦੇਸ਼ ਦੇ ਸੰਵਿਧਾਨ ਦੀ ਰਾਖੀ ਲਈ ਵਿਸ਼ਾਲ ਇਕੱਠ ਕਰਕੇ ਕਈ ਅਹਿਦ ਕੀਤੇ ਗਏ। ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਣਕ, ਸਰ੍ਹੋਂ ਤੇ ਹੋਰ ਫ਼ਸਲਾਂ ਦੀ ਸਾਂਭ ਸੰਭਾਲ ਕਰਨ ਦੇ ਨਾਲ-ਨਾਲ ਦਿੱਲੀ ਦੀਆਂ ਸਰਹੱਦਾਂ ’ਤੇ ਪੁੱਜਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸੰਘਰਸ਼ ਹੁਣ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦਾ ਕਾਨੂੰਨ ਬਣਾ ਕੇ ਹੀ ਖਤਮ ਹੋਵੇਗਾ। ਧਰਨੇ ਨੂੰ ਗੁਰਮੇਸ਼ ਸਿੰਘ, ਕੁਲਤਾਰ ਸਿੰਘ, ਕਮਲਜੀਤ ਸਿੰਘ ਰਾਜਪੁਰ ਭਾਈਆਂ, ਗੁਰਮੀਤ ਸਿੰਘ, ਗੁਰਬਖਸ਼ ਸਿੰਘ ਸੂਸ, ਸੰਤੋਖ ਸਿੰਘ ਭੀਲੋਵਾਲ ਨੇ ਸੰਬੋਧਨ ਕੀਤਾ।