ਪੱਤਰ ਪ੍ਰੇਰਕ
ਮਾਨਸਰ, 4 ਅਗਸਤ
ਗੰਨੇ ਦੀ ਅਦਾਇਗੀ, ਕਲੈਂਡਰ ਸਿਸਟਮ ਦਰੁੱਸਤ ਤੇ ਲੋਕਲ ਏਰੀਏ ਨੂੰ ਪਹਿਲ ਦੇ ਆਧਾਰ ’ਤੇ ਪਰਚੀ ਤੇ ਕਿਸਾਨਾਂ ਦੀਆਂ ਹੋਰ ਸਮੱਸਿਆਵਾਂ ਸਬੰਧੀ ਕਿਸਾਨ ਜਥੇਬੰਦੀਆਂ ਦੀ ਅਹਿਮ ਬੈਠਕ ਭੰਗਾਲਾ ਵਿੱਚ ਹੋਈ। ਮੀਟਿੰਗ ਵਿੱਚ ਪੱਗੜੀ ਸੰਭਾਲ ਜੱਟਾ ਲਹਿਰ, ਜਮਹੂਰੀ ਕਿਸਾਨ ਸਭਾ, ਕੁਲ ਹਿੰਦ ਕਿਸਾਨ ਸਭਾ, ਕਿਸਾਨ ਮਜ਼ਦੂਰ ਹਿੱਤਕਾਰੀ ਸਭਾ, ਭਾਈ ਘਨੱਇਆ ਸੇਵਾ ਸੁਸਾਇਟੀ ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਆਦਿ ਜਥੇਬੰਦੀਆਂ ਸ਼ਾਮਲ ਹੋਈਆਂ।
ਕਿਸਾਨ ਆਗੂਆਂ ਨੇ ਕਿਹਾ ਕਿ ਮੁਕੇਰੀਆ ਗੰਨਾ ਮਿੱਲ ਤੋਂ ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਗੰਨਾ ਉਤਪਾਦਕਾਂ ਨੂੰ ਭਾਰੀ ਆਰਥਿਕ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਇਸ ਕਾਰਨ ਕਿਸਾਨਾਂ ’ਚ ਭਾਰੀ ਰੋਸ ਹੈ। ਉਨ੍ਹਾਂ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਕਿ ਹੋਰਾਂ ਸਰਕਾਰਾਂ ਨੂੰ ਭੰਡਣ ਵਾਲੀ ਮਾਨ ਸਰਕਾਰ ਵੱਲੋਂ ਗੰਨੇ ਦੇ ਬਕਾਏ, ਫ਼ਸਲਾਂ ਦੇ ਮੁਆਵਜ਼ੇ ਅਤੇ ਹੋਰ ਕਿਸਾਨੀ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।
ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮਿੱਲ ਪ੍ਰਬੰਧਕਾਂ ਨੇ ਕਿਸਾਨਾਂ ਦਾ 38 ਕਰੋੜ ਰੁਪਏ ਦਾ ਬਕਾਇਆ ਤੁਰੰਤ ਖਾਤਿਆਂ ਵਿੱਚ ਨਾ ਪਾਇਆ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਸ਼ੂਗਰ ਮਿੱਲ ਮੈਨੇਜਮੈਂਟ ਮੁਕੇਰੀਆਂ, ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਦੇ ਵਿਰੁੱਧ ਤਿੱਖਾ ਸੰਘਰਸ਼ ਸੁਰੂ ਕਰ ਦਿੱਤਾ ਜਾਵੇਗਾ, ਜਿਸਦੀ ਸਾਰੀ ਜ਼ਿੰਮੇਵਾਰੀ ਸ਼ੂਗਰ ਮਿੱਲ ਮੈਨੇਜਮੈਂਟ ਮੁਕੇਰੀਆਂ ਤੇ ਪੰਜਾਬ ਸਰਕਾਰ ਦੀ ਹੋਵੇਗੀ।
ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਸਾਲ ਭਰ ਦਿੱਲੀ ਦੀਆਂ ਸਰਹੱਦਾਂ ’ਤੇ ਚੱਲੇ ਕਿਸਾਨ ਅੰਦੋਲਨ ਦੌਰਾਨ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੂੰ ਖੇਤੀ ਜਿਣਸਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਦੀ ਗਾਰੰਟੀ ਅਤੇ ਲਖੀਮਪੁਰ ਘਟਨਾ ਦੇ ਜ਼ਿੰਮੇਵਾਰਾਂ ਨੂੰ ਸਜ਼ਾ ਦਿਵਾਉਣ ਸਮੇਤ ਹੋਰ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ ਪਰ ਕੇਂਦਰ ਸਰਕਾਰ ਉਕਤ ਭਰੋਸੇ ’ਤੇ ਖਰੀ ਨਹੀਂ ਉਤਰ ਰਹੀ, ਇਸ ਲਈ ਕਿਸਾਨਾਂ ਨੂੰ ਆਉਣ ਵਾਲੇ ਸਮੇਂ ’ਚ ਕੇਂਦਰ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਸੰਘਰਸ਼ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।