ਨਿੱਜੀ ਪੱਤਰ ਪ੍ਰੇਰਕ
ਜਲੰਧਰ, 9 ਜੂਨ
ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ 14 ਫਸਲਾਂ ਦੇ ਸਮਰਥਨ ਮੁੱਲ ਵਿੱਚ ਖਾਸਕਰ ਮੱਕੀ ਅਤੇ ਝੋਨੇ ਵਿੱਚ ਕੀਤੇ ਵਾਧੇ ਨੂੰ ਗੈਰ ਵਾਜਬ ਦੱਸਦਿਆਂ ਕਿਹਾ ਕਿ ਇਹ ਵਧਦੇ ਲਾਗਤ ਖਰਚਿਆਂ ਦੇ ਮੱਦੇਨਜ਼ਰ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ। ਜਮਹੂਰੀ ਕਿਸਾਨ ਸਭਾ ਦੇ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਅਤੇ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਵੱਲੋਂ ਸੂਬਾਈ ਪ੍ਰੈੱਸ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਜਾਰੀ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਇਸ ਦਾ ਪੰਜਾਬ ਦੇ ਕਿਸਾਨਾਂ ਨੂੰ ਬਹੁਤਾ ਲਾਭ ਨਹੀਂ ਮਿਲੇਗਾ ਕਿਉਂਕਿ ਪੰਜਾਬ ਦੀ ਮੁੱਖ ਫ਼ਸਲ ਝੋਨੇ ਦੀ ਕੀਮਤ ਵਿੱਚ ਸਿਰਫ ਸੌ ਰੁਪਏ ਦਾ ਮਾਮੂਲੀ ਵਾਧਾ ਕੀਤਾ ਗਿਆ ਹੈ ਅਤੇ ਏ ਗਰੇਡ ਦੀ ਝੋਨੇ ਦੀ ਕੀਮਤ ਵੀ ਸੌ ਰੁਪਏ ਵਧਾਈ ਹੈ, ਜੋ ਪੰਜਾਬ ਨਾਲ ਸਰਾਸਰ ਧੱਕਾ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਦੂਜੀ ਫ਼ਸਲ ਮੱਕੀ ਦੇ ਭਾਅ ਵਿੱਚ ਸਿਰਫ 92 ਰੁਪਏ ਹੀ ਵਧਾਏ ਗਏ ਹਨ। ਕਿਸਾਨ ਸਭਾ ਦੇ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਕਿਸਾਨ ਵੱਲੋਂ ਪੈਦਾ ਕੀਤੀਆਂ ਜਾਣ ਵਾਲੀਆਂ ਸਾਰੀਆਂ ਫਸਲਾਂ ਦੇ ਭਾਅ ਡਾ. ਸਵਾਮੀਨਾਥਨ ਦੇ ਫਾਰਮੂਲੇ ਸੀ 2 ਮੁਤਾਬਕ ਤੈਅ ਕਰਕੇ ਐੱਮਐੱਸਪੀ ਉਪਰ ਖਰੀਦ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ।