ਸਰਬਜੀਤ ਗਿੱਲ
ਫਿਲੌਰ, 25 ਸਤੰਬਰ
ਇੱਥੇ ਕਿਸਾਨਾਂ-ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਖੇਤੀ ਬਿੱਲਾਂ ਖ਼ਿਲਾਫ਼ ਦੇਸ਼ ’ਚ ਲੋਕ ਲਹਿਰ ਖੜ੍ਹੀ ਹੋ ਗਈ ਹੈ। ਉਨ੍ਹਾਂ ਐਲਾਨ ਕੀਤਾ ਕਿ ਪਹਿਲੀ ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਕੱਠ ਦੀ ਪ੍ਰਧਾਨਗੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਭਾਰ ਸਿੰਘ ਪੁਰ, ਕਿਰਤੀ ਕਿਸਾਨ ਯੂਨੀਅਨ ਦੇ ਅਵਤਾਰ ਸਿੰਘ ਸੰਧੂ, ਜਮਹੂਰੀ ਕਿਸਾਨ ਸਭਾ ਦੇ ਕੁਲਦੀਪ ਸਿੰਘ ਫਿਲੌਰ ਨੇ ਕੀਤੀ।
ਇਸ ਤੋਂ ਬਿਨ੍ਹਾਂ ਸ਼੍ਰੋਮਣੀ ਅਕਾਲੀ ਦੇ ਇਕੱਠ ਵਿਚ ਵਿਧਾਇਕ ਬਲਦੇਵ ਸਿੰਘ ਖਹਿਰਾ ਨੇ ਪਹਿਲੀ ਅਕਤੂਬਰ ਨੂੰ ਚੰਡੀਗੜ੍ਹ ਵੱਲ ਕੂਚ ਦਾ ਐਲਾਨ ਕੀਤਾ। ਬੁਲਾਰਿਆਂ ਨੇ ਬਾਦਲ ਪਰਿਵਾਰ ਦਾ ਗੁਣਗਾਨ ਕੀਤਾ। ਟੌਲ ਪਲਾਜ਼ੇ ਕੋਲ ਕੀਤੇ ਇਕੱਠ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਸੰਬੋਧਨ ਕੀਤਾ। ਇਸ ਦੌਰਾਨ ਇਲਾਕੇ ਦੇ ਬਾਜ਼ਾਰ ਬੰਦ ਰਹੇ। ਬਸਪਾ ਵੱਲੋਂ ਵੀ ਮਾਰਚ ਕੀਤਾ ਗਿਆ।
ਗੜ੍ਹਸ਼ੰਕਰ (ਜੋਗਿੰਦਰ ਕੁੱਲੇਵਾਲ): ਅੱਜ ਸ਼ਹਿਰ ਅਤੇ ਆਸ-ਪਾਸ ਦੇ ਇਲਾਕੇ ਪੂਰਨ ਤੌਰ ’ਤੇ ਬੰਦ ਰਹੇ। ਇਸ ਮੌਕੇ ਵੱਖ-ਵੱਖ ਰਾਜਨੀਤਕ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਵਲੋਂ ਸ਼ਹਿਰ ਦੇ ਵੱਖ-ਵੱਖ ਚੌਕਾਂ ਵਿੱਚ ਚੱਕਾ ਜਾਮ ਕੀਤਾ ਗਿਆ ਤੇ ਮਾਰੂ ਬਿੱਲ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ।
ਫਗਵਾੜਾ (ਜਸਬੀਰ ਸਿੰਘ ਚਾਨਾ): ਅੱਜ ਭਾਰਤੀ ਕਿਸਾਨ ਯੂਨੀਅਨ ਦੋਆਬਾ ਵੱਲੋਂ ਸ਼ੂਗਰ ਮਿੱਲ ਚੌਕ ਦੇ ਮੁੱਖ ਜੀ.ਟੀ.ਰੋਡ ’ਤੇ ਆਵਾਜਾਈ ਠੱਪ ਕੀਤੀ ਗਈ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ’ਚ ਕਿਸਾਨ ਵੱਖ ਵੱਖ ਥਾਵਾਂ ਤੋਂ ਪੁੱਜੇ। ਇਸ ਮੌਕੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਪੰਜਾਬ ਐਗਰੋ ਦੇ ਚੇਅਰਮੈਨ ਬਲਵਿੰਦਰ ਸਿੰਘ ਧਾਲੀਵਾਲ, ਸਿਆਸੀ ਆਗੂ, ਗਾਇਕ-ਗੀਤਕਾਰ, ਆੜ੍ਹਤੀ ਐਸੋਸੀਏਸ਼ਨ, ਦੁਕਾਨਦਾਰ ਤੇ ਹੋਰ ਵਰਗ ਸ਼ਾਮਲ ਹੋਏ। ਅੱਜ ਬਾਜ਼ਾਰ ਬੰਦ ਰਿਹਾ। ਅਕਾਲੀ ਦਲ ਨੇ ਰੈਲੀ ਕੀਤੀ।