ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਜਾਰੀ

ਕਾਨੂੰਨਾਂ ਦੇ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਜਾਰੀ

ਹੁਸ਼ਿਆਰਪੁਰ ਵਿੱਚ ਜੀਓ ਰਿਲਾਇੰਸ ਦਫ਼ਤਰ ਦੇ ਬਾਹਰ ਧਰਨੇ ’ਤੇ ਬੈਠੇ ਕਿਸਾਨ। -ਫੋਟੋ: ਹਰਪ੍ਰੀਤ ਕੌਰ

ਪੱਤਰ ਪ੍ਰੇਰਕ
ਹੁਸ਼ਿਆਰਪੁਰ, 3 ਦਸੰਬਰ

ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ ਦੇ ਵਿਰੋਧ ਵਿੱਚ ਲਾਚੋਵਾਲ ਟੌਲ ਪਲਾਜ਼ਾ ’ਤੇ ਦਿੱਤਾ ਜਾ ਰਿਹਾ ਧਰਨਾ ਅੱਜ 54ਵੇਂ ਦਿਨ ਵੀ ਜਾਰੀ ਰਿਹਾ।

ਕਿਸਾਨ ਆਗੂ ਗੁਰਦੀਪ ਸਿੰਘ ਖੁਣ-ਖੁਣ, ਸਵਰਨ ਸਿੰਘ ਧੁੱਗਾ, ਉਂਕਾਰ ਸਿੰਘ ਧਾਮੀ, ਓਮ ਸਿੰਘ ਸਟਿਆਣਾ, ਦਵਿੰਦਰ ਸਿੰਘ ਕੱਕੋਂ, ਹਰਪ੍ਰੀਤ ਸਿੰਘ ਲਾਲੀ, ਰਣਧੀਰ ਸਿੰਘ, ਅਕਬਰ ਸਿੰਘ, ਪਰਮਿੰਦਰ ਸਿੰਘ, ਜਸਵੀਰ ਸਿੰਘ, ਮਾਸਟਰ ਮਦਨ ਲਾਲ, ਰਾਮ ਸਿੰਘ ਧੁੱਗਾ ਤੇ ਦਵਿੰਦਰ ਸਿੰਘ ਆਦਿ ਦੀ ਅਗਵਾਈ ਹੇਠ ਦਿੱਤੇ ਧਰਨੇ ਦੌਰਾਨ ਕਿਸਾਨਾਂ ਨੇ ਕੇਂਦਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਵਿਰੋਧੀ ਕਾਨੂੰਨਾਂ ਦੇ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।

ਇਸੇ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਸਥਾਨਕ ਜੀਓ ਰਿਲਾਇੰਸ ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਅੱਜ 23ਵੇਂ ਦਿਨ ਵੀ ਜਾਰੀ ਰਿਹਾ। ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਅਤੇ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਦਿੱਤੇ ਜਾ ਰਹੇ ਇਸ ਧਰਨੇ ਦੌਰਾਨ ਕਿਸਾਨ ਆਗੂਆਂ ਕਿਹਾ ਕਿ ਕਿਸਾਨ ਜਥੇਬੰਦੀਆਂ ਪੂਰੇ ਉਤਸ਼ਾਹ ਨਾਲ ਆਪਣੇ ਸੰਘਰਸ਼ ਵਿੱਚ ਜੁਟੀਆਂ ਹੋਈਆਂ ਹਨ ਅਤੇ ਇਸ ਸੰਘਰਸ਼ ਨੂੰ ਹੁਣ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 5 ਦਸੰਬਰ ਨੂੰ ਦੇਸ਼ ਭਰ ਵਿਚ ਮੋਦੀ ਸਰਕਾਰ, ਅਡਾਨੀ ਅਤੇ ਅੰਬਾਨੀ ਤੇ ਪੁਤਲੇ ਸਾੜੇ ਜਾਣਗੇ।

ਗੜ੍ਹਸ਼ੰਕਰ (ਪੱਤਰ ਪ੍ਰੇਰਕ): ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਕੋਈ ਕਾਰਵਾਈ ਨਾ ਕਰਨ ਦੇ ਰੋਸ ਵਿੱਚ ਅੱਜ ਸ਼ਹਿਰ ਵਿੱਚ ਕੁੱਲ ਹਿੰਦ ਕਿਸਾਨ ਸਭਾ ਦੀ ਅਗਵਾਈ ਹੇਠ ਵੱਖ ਵੱਖ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਰੈਲੀ ਕੱਢੀ ਗਈ ਅਤੇ ਸਰਕਾਰ ਦਾ ਪੁਤਲਾ ਫੂਕਿਆ ਗਿਆ। ਕਿਸਾਨ ਸਭਾ ਦੇ ਅਹੁਦੇਦਾਰ ਦਰਸ਼ਨ ਸਿੰਘ ਮੱਟੂ ਨੇ ਕਿਹਾ ਕਿ ਦਿੱਲੀ ਵਿੱਚ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਅੰਦੋਲਨ ਪੂਰੇ ਦੇਸ਼ ਨੂੰ ਅਗਵਾਈ ਦੇ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਲੋਕ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਵੱਖ ਵੱਖ ਹਥਕੰਡੇ ਅਪਣਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ। ਇਸ ਮੌਕੇ ਕਾਮਰੇਡ ਤਰਸੇਮ ਜੱਸੋਵਾਲ, ਚਰਨਜੀਤ ਚੰਨੀ ,ਕਸ਼ਮੀਰ ਸਿੰਘ ਭੱਜਲ,ਬੀਬੀ ਸੁਭਾਸ਼ ਮੱਟੂ ਅਤੇ ਅਮਰੀਕ ਹਮਰਾਜ਼ ਨੇ ਸੰਬੋਧਨ ਕੀਤਾ।

ਗੁਰਦਾਸਪੁਰ (ਪੱਤਰ ਪ੍ਰੇਰਕ): ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਗੁਰਦਾਸਪੁਰ ਦੇ ਰੇਲਵੇ ਸਟੇਸ਼ਨ ਵਿੱਚ ਚੱਲ ਰਿਹਾ ਕਿਸਾਨਾਂ ਦਾ ਰੋਸ ਧਰਨੇ ਦਾ ਅੱਜ 64ਵਾਂ ਦਿਨ ਹੈ।

ਧਰਨੇ ਦੌਰਾਨ ਜ਼ਿਲ੍ਹੇ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਤੇ ਨੁਮਾਇੰਦਿਆਂ ਨੇ ਮੀਟਿੰਗ ਕਰਕੇ ਫੈਸਲਾ ਕੀਤਾ ਹੈ ਕਿ ਕੁੱਲ ਹਿੰਦ ਕਿਸਾਨ ਸੰਯੁਕਤ ਮੋਰਚੇ ਮੁਤਾਬਕ ਪੰਜ ਦਸੰਬਰ ਨੂੰ ਦੇਸ਼ ਭਰ ਵਿੱਚ ਜੋ ਮੋਦੀ ਸਰਕਾਰ ਦੇ ਪੁਤਲੇ ਫੂਕਣ ਦਾ ਫੈਸਲਾ ਲਿਆ ਗਿਆ ਹੈ, ਉਸ ਨੂੰ ਲਾਗੂ ਕਰਦੇ ਜ਼ਿਲ੍ਹਾ ਗੁਰਦਾਸਪੁਰ ਦੇ ਹਰੇਕ ਪਿੰਡ, ਕਸਬੇ ਅਤੇ ਸ਼ਹਿਰਾਂ ਦੇ ਮੁੱਖ ਚੌਕਾਂ ਤੇ ਰਾਹਾਂ ਵਿੱਚ ਮੋਦੀ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਕੇ ਪੁਤਲੇ ਫੂਕੇ ਜਾਣਗੇ।

ਇਸ ਮੌਕੇ ਕਿਸਾਨ ਆਗੂ ਰਘੁਬੀਰ ਸਿੰਘ ਪਕੀਵਾ, ਕਸ਼ਮੀਰ ਸਿੰਘ, ਮੱਖਣ ਸਿੰਘ ਕੁਹਾੜ, ਸੰਤੋਖ ਸਿੰਘ ਸੰਘੇੜਾ ਤੇ ਸੁਖਦੇਵ ਰਾਜ ਆਦਿ ਨੇ ਵੀ ਸੰਬੋਧਨ ਕੀਤਾ।

ਮੁਕੇਰੀਆਂ (ਪੱਤਰ ਪ੍ਰੇਰਕ): ਖੇਤੀ ਕਾਨੂੰਨਾਂ ਖ਼ਿਲਾਫ਼ ਵਿੱਢੇ ਸੰਘਰਸ਼ ਦੌਰਾਨ ਮੋਦੀ ਸਰਕਾਰ ਵੱਲੋਂ ਕਿਸਾਨਾਂ ‘ਤੇ ਕੀਤੇ ਗਏ ਅੱਤਿਆਚਾਰ ਖ਼ਿਲਾਫ਼ ਕੁੱਲ ਹਿੰਦ ਕਿਸਾਨ ਸਭਾ ਵੱਲੋਂ ਸੁਰਜੀਤ ਸਿੰਘ ਬਾੜੀ, ਦਵਿੰਦਰ ਸਿੰਘ ਦਾਤਾਰਪੁਰ ਤੇ ਅਨੀਤਾ ਦੇਵੀ ਦੀ ਅਗਵਾਈ ਵਿੱਚ ਦਾਤਾਰਪੁਰ ਵਿੱਚ ਰੋਸ ਮਾਰਚ ਕਰਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸਭਾ ਦੇ ਜੁਆਇੰਟ ਸਕੱਤਰ ਆਸ਼ਾ ਨੰਦ ਨੇ ਵੀ ਸ਼ਿਰਕਤ ਕੀਤੀ ਅਤੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ।

ਕਿਸਾਨੀ ਸੰਘਰਸ਼ ਦੇ ਸਮਰਥਨ ਵਿੱਚ ਮੋਦੀ-ਖੱਟਰ ਸਰਕਾਰ ਦੀ ਅਰਥੀ ਫੂਕੀ

ਜਲੰਧਰ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਕਿਸਾਨਾਂ ਦੇ ਸੰਘਰਸ਼ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਫੈਡਰੇਸ਼ਨ ਦੇ ਜ਼ਿਲ੍ਹਾ ਜਲੰਧਰ ਪ੍ਰਧਾਨ ਪੁਸ਼ਪਿੰਦਰ ਕੁਮਾਰ ਵਿਰਦੀ ਦੀ ਅਗਵਾਈ ਵਿੱਚ ਮੋਦੀ-ਖੱਟਰ ਸਰਕਾਰ ਦੀ ਅਰਥੀ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਫੈਡਰਸਨ ਦੇ ਸੂਬਾਈ ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਸੂਬਾ ਕਮੇਟੀ ਮੈਂਬਰ ਗਣੇਸ਼ ਭਗਤ, ਨਿਰਮੋਲਕ ਸਿੰਘ ਹੀਰਾ ਅਤੇ ਕੁਲਦੀਪ ਸਿੰਘ ਕੌੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਖ਼ੁਸ਼ ਕਰਨ ਲਈ ਕਿਸਾਨ-ਮਜ਼ਦੂਰ-ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਬੁਲਾਰਿਆਂ ਨੇ ਮੰਗ ਕੀਤੀ ਕਿ ਨੈਸ਼ਨਲ ਹਾਈਵੇਅ ਨੂੰ ਥਾਂ- ਥਾਂ ਤੋਂ ਪੁੱਟ ਕੇ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਦਾ ਪਰਚਾ ਵੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ’ਤੇ ਤੁਰੰਤ ਦਰਜ ਕੀਤਾ ਜਾਵੇ ਅਤੇ ਉਸ ਨੂੰ ਬਣਦੀ ਯੋਗ ਸਜ਼ਾ ਦਿੰਦਿਆਂ ਨੁਕਸਾਨ ਦਾ ਪੂਰਾ-ਪੂਰਾ ਮੁਆਵਜ਼ਾ ਵਸੂਲਿਆ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All