ਪੱਤਰ ਪ੍ਰੇਰਕ
ਹੁਸ਼ਿਆਰਪੁਰ, 16 ਸਤੰਬਰ
ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਭੂਮੀ ਤੇ ਜਲ ਸੰਭਾਲ ਤੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਆਉਣ ਵਾਲੇ 5 ਸਾਲਾਂ ’ਚ ਪੰਜਾਬ ਦੇ ਸਾਰੇ ਸ਼ਹਿਰਾਂ ਨੂੰ ਨਹਿਰੀ ਪਾਣੀ ਨੂੰ ਫਿਲਟਰ ਕਰਕੇ ਲੋਕਾਂ ਦੇ ਘਰਾਂ ਤੱਕ ਪਹੁੰਚਾਇਆ ਜਾਵੇਗਾ, ਤਾਂ ਜੋ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ। ਉਹ ਅੱਜ ਹੁਸ਼ਿਆਰਪੁਰ ਦੇ ਵਾਰਡ ਨੰਬਰ 27 ਦੇ ਮੁਹੱਲਾ ਦੀਪ ਨਗਰ ’ਚ 25 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਟਿਊਬਵੈਲ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਡਾ. ਰਵਜੋਤ ਸਿੰਘ, ਮੇਅਰ ਸੁਰਿੰਦਰ ਕੁਮਾਰ ਆਦਿ ਹਾਜ਼ਰ ਸਨ। ਇਸ ਤੋਂ ਪਹਿਲਾਂ ਰੈਸਟ ਹਾਊਸ ’ਚ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਮਹਾਜਨ ਦੀ ਅਗਵਾਈ ’ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਦੇ ਸਨਮਾਨ ’ਚ ਪੰਜਾਬ ਪੁਲੀਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ, ਜਿਸ ਉਪਰੰਤ ਉਨ੍ਹਾਂ ਨੇ ਨਗਰ ਨਿਗਮ ’ਚ ਸਮਾਰੋਹ ’ਚ ਸ਼ਿਰਕਤ ਕਰਕੇ ਉਥੇ ਕੈਟਲ ਕੈਚਿੰਗ ਵਹੀਕਲ ਜਨਤਾ ਨੂੰ ਸਮਰਪਿਤ ਕੀਤਾ। ਉਨ੍ਹਾਂ ਨੇ ਨਗਰ ਨਿਗਮ ਦੇ ਵੱਖ-ਵੱਖ ਕਰਮਚਾਰੀ ਸੰਗਠਨਾਂ ਤੇ ਕੌਂਸਲਰਾਂ ਨਾਲ ਮੁਲਾਕਾਤ ਕਰਦੇ ਹੋਏ ਨਗਰ ਨਿਗਮ ਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਕੈਬਨਿਟ ਮੰਤਰੀ ਇੰਦਰਬੀਰ ਨਿੱਝਰ ਨੇ ਕਿਹਾ ਕਿ ਸ਼ਹਿਰਾਂ ਦੀ ਸਫਾਈ, ਪੀਣ ਵਾਲਾ ਸਾਫ਼ ਪਾਣੀ, ਲਾਈਟਾਂ, ਸੀਵਰੇਜ ਵਰਗੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੀ ਤਰਜੀਹ ਹੈ। ਇਸ ਦੌਰਾਨ ਉਨ੍ਹਾਂ ਨੇ ਆਊਟਸੋਰਸ ਮਜ਼ਦੂਰ ਫੈਡਰੇਸ਼ਨ, ਸਫ਼ਾਈ ਕਰਮਚਾਰੀ ਸੰਗਠਨ ਤੇ ਹੋਰ ਕਰਮਚਾਰੀ ਸੰਗਠਨਾਂ ਦੀਆਂ ਮੰਗਾਂ ਦਾ ਜਲਦੀ ਹੱਲ ਦਾ ਭਰੋਸਾ ਦਿੱਤਾ।
ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਵਿਕਾਸ ਨੂੰ ਲੈ ਕੇ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਨਗਰ ਨਿਗਮ ਦੀਆਂ ਮੰਗਾਂ ਦਾ ਜਲਦੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਦੇ ਵਿਕਾਸ ਲਈ ਵਿਅਪਕ ਪੱਧਰ ’ਤੇ ਯੋਜਨਾ ਬਣਾਈ ਗਈ ਹੈ ਤੇ ਆਉਣ ਵਾਲੇ ਦਿਨਾਂ ’ਚ ਸ਼ਹਿਰ ਦੀਆਂ ਸਾਰੀਆਂ ਬੁਨਿਆਦੀ ਜ਼ਰੂਰਤਾਂ ਨੂੰ ਪੂਰਾ ਕਰ ਲਿਆ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਚਲਾਏ ਜਾ ਰਹੇ ‘ਮੇਰਾ ਵਾਰਡ-ਮੇਰਾ ਮਾਣ,’ ਅਭਿਆਨ ਬਾਰੇ ਵੀ ਸ਼ਹਿਰ ਵਾਸੀਆਂ ਨੂੰ ਸਹਿਯੋਗ ਦੇਣ ਲਈ ਕਿਹਾ।
ਇਸ ਦੌਰਾਨ ਸਫ਼ਾਈ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਚੰਦਨ ਗਰੇਵਾਲ, ਆਊਟਸੋਰਸ ਮਜ਼ਦੂਰ ਫੈਡਰੇਸ਼ਨ ਦੇ ਚੇਅਰਮੈਨ ਕਮਲ ਭੱਟੀ, ਪੰਜਾਬ ਨਗਰ ਕੌਂਸਲ ਕਰਮਚਾਰੀ ਯੂਨੀਅਨ ਦੇ ਨੇਤਾ ਕੁਲਵੰਤ ਸਿੰਘ ਸੈਣੀ ਨੇ ਸਥਾਨਕ ਸਰਕਾਰਾਂ ਮੰਤਰੀ ਨੂੰ ਕਰਮਚਾਰੀਆਂ ਦੀਆਂ ਮੰਗਾਂ ਵਾਲਾ ਮੰਗ ਪੱਤਰ ਸੌਂਪਿਆ।