ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਦੇ ਚਾਂਸਲਰ ਨਿਰਮਲ ਸਿੰਘ ਰਿਆਤ ਨੇ ਕਿਹਾ ਕਿ ਯੂਨੀਵਰਸਿਟੀ ਦੇ ਇੱਕ ਸਾਬਕਾ ਮੁੱਖ ਪ੍ਰਬੰਧਕ ਦੇ ਕਾਰਜਕਾਲ ਦੌਰਾਨ ਯੂਨੀਵਰਸਿਟੀ ਵਿੱਚ ਕਥਿਤ ਤੌਰ ’ਤੇ ਕਰੋੜਾਂ ਰੁਪਏ ਦੀਆਂ ਵਿੱਤੀ ਬੇਨਿਯਮੀਆਂ ਹੋਈਆਂ ਹਨ। ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਨਿਰਮਲ ਸਿੰਘ ਰਿਆਤ ਨੇ ਦੱਸਿਆ ਕਿ ਬੇਨਿਯਮੀਆਂ ਦੀ ਜਾਂਚ ਲਈ ਇੱਕ ਉੱਚ-ਪੱਧਰੀ ਅੰਦਰੂਨੀ ਕਮੇਟੀ ਬਣਾਈ ਗਈ ਸੀ। ਉਨ੍ਹਾਂ ਦੱਸਿਆ ਕਿ ਕਮੇਟੀ ਦੀ ਜਾਂਚ ਮੁਕੰਮਲ ਹੋਣ ’ਤੇ ਸਪੱਸ਼ਟ ਹੋਇਆ ਕਿ ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਅਤੇ ਰਿਆਤ ਐਜੂਕੇਸ਼ਨਲ ਐਂਡ ਰਿਸਰਚ ਟਰੱਸਟ (ਆਰਈਆਰਟੀ) ਨੂੰ ਲਗਭਗ 13.44 ਕਰੋੜ ਰੁਪਏ ਦਾ ਸਿੱਧਾ ਵਿੱਤੀ ਨੁਕਸਾਨ ਹੋਇਆ ਹੈ, ਨਾਲ ਹੀ ਲਗਭਗ 36.68 ਕਰੋੜ ਦਾ ਅਸਿੱਧਾ ਨੁਕਸਾਨ ਹੋਇਆ ਹੈ।ਉਨ੍ਹਾਂ ਖੁਲਾਸਾ ਕੀਤਾ ਕਿ ਇਸ ਮੁੱਖ ਪ੍ਰਬੰਧਕ ਨੂੰ ਕਮੇਟੀ ਦੇ ਸਾਹਮਣੇ ਆਪਣਾ ਪੱਖ ਪੇਸ਼ ਕਰਨ ਅਤੇ ਦੋਸ਼ਾਂ ਦਾ ਜਵਾਬ ਦੇਣ ਦਾ ਇੱਕ ਉਚਿਤ ਮੌਕਾ ਦਿੱਤਾ ਗਿਆ ਸੀ ਪਰ ਉਹ ਜਾਂਚ ਵਿੱਚ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਯੂਨੀਵਰਸਿਟੀ ਨੇ ਅਗਲੇਰੀ ਕਾਨੂੰਨੀ ਕਾਰਵਾਈ ਲਈ ਪੁਲੀਸ ਕੋਲ ਇੱਕ ਰਸਮੀ ਸ਼ਿਕਾਇਤ ਦਰਜ ਕਰਵਾਈ ਹੈ।