ਪੱਤਰ ਪ੍ਰੇਰਕ
ਸ਼ਾਹਕੋਟ, 4 ਅਕਤੂਬਰ
ਤਿਉਹਾਰਾਂ ਦੇ ਮੱਦੇਨਜ਼ਰ ਸਥਾਨਕ ਪੁਲੀਸ ਨੇ ਅੱਜ ਕਸਬੇ ਵਿਚ ਫਲੈਗ ਮਾਰਚ ਕੀਤਾ। ਫਲੈਗ ਮਾਰਚ ਦੀ ਅਗਵਾਈ ਕਰ ਰਹੇ ਡੀਐੱਸਪੀ ਗੁਰਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਇਲਾਕੇ ਵਿਚ ਕਿਸੇ ਵੀ ਕਿਸਮ ਦੀ ਅਣਸੁਖਾਵੀਂ ਘਟਨਾ ਰੋਕਣ ਅਤੇ ਲੋਕਾਂ ਵਿਚ ਪੁਲੀਸ ਪ੍ਰਤੀ ਵਿਸ਼ਵਾਸ ਪੈਦਾ ਕਰਨ ਅਤੇ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਦੇ ਉਦੇਸ਼ ਨਾਲ ਹੀ ਇਹ ਫਲੈਗ ਮਾਰਚ ਕੀਤਾ ਗਿਆ ਹੈ। ਐੱਸਐੱਚਓ ਸ਼ਾਹਕੋਟ ਗੁਰਿੰਦਰਜੀਤ ਸਿੰਘ ਨਾਗਰਾ ਨੇ ਇਲਾਕਾ ਵਾਸੀਆਂ ਨੂੰ ਟਰੈਫਿਕ ਨਿਯਮਾਂ ਦਾ ਪਾਲਣ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਨਿਯਮਾਂ ਦੀ ਪਾਲਣਾ ਕਰਨ ਨਾਲ ਹੀ ਉਹ ਆਦਰਸ਼ ਨਾਗਰਿਕ ਬਣ ਸਕਦੇ ਹਨ। ਫਲੈਗ ਮਾਰਚ ਥਾਣੇ ਤੋਂ ਸ਼ੁਰੂ ਹੋ ਕੇ ਕਸਬੇ ਅੰਦਰ ਵੱਖ-ਵੱਖ ਸਥਾਨਾਂ ਵਿਚੋਂ ਹੁੰਦਾ ਹੋਇਆ ਮੁੜ ਥਾਣੇ ਆ ਕੇ ਸਮਾਪਤ ਹੋਇਆ। ਇਸ ਦੌਰਾਨ ਪੁਲੀਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਗੈਰ ਸਮਾਜਿਕ ਤੇ ਸ਼ੱਕੀ ਵਿਅਕਤੀਆਂ ਬਾਰੇ ਜਾਣਕਾਰੀ ਪੁਲੀਸ ਨਾਲ ਸਾਂਝੀ ਕਰਨ ਤਾਂ ਜੋ ਸ਼ਹਿਰ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।