ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਵਿੱਚ ਫੌਗਿੰਗ
ਜ਼ਿਲ੍ਹਾ ਪ੍ਰਸ਼ਾਸਨ ਨੇ ਸਕੂਲਾਂ ਅਤੇ ਆਂਗਣਵਾੜੀਆਂ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਪ੍ਰਮੁੱਖ ਤਰਜੀਹ ਦਿੰਦਿਆਂ ਫੌਗਿੰਗ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਦੀ ਅਗਵਾਈ ਐੱਸ.ਡੀ.ਐੱਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਨੇ ਕੀਤੀ ਜਿਸ ਵਿੱਚ ਹੁਸ਼ਿਆਰਪੁਰ ਦੇ ਵਾਲੰਟੀਅਰਾਂ ਅਤੇ ਹੋਮ ਗਾਰਡਾਂ ਨੇ ਹਿੱਸਾ ਲਿਆ।
ਐੱਸ.ਡੀ.ਐੱਮ ਨੇ ਦੱਸਿਆ ਕਿ ਸੋਮਵਾਰ ਅਤੇ ਮੰਗਲਵਾਰ ਨੂੰ 31 ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿਚ ਫੌਗਿੰਗ ਕੀਤੀ ਗਈ। ਇਹ ਪ੍ਰਕਿਰਿਆ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਇਸ ਕੰਮ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸਿਹਤ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਪ੍ਰਸ਼ਾਸਨ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰੇਗਾ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਪੜ੍ਹਾਈ ਸੁਚਾਰੂ ਅਤੇ ਸੁਰੱਖਿਅਤ ਮਾਹੌਲ ਵਿੱਚ ਹੋਵੇ। ਉਨ੍ਹਾਂ ਕਿਹਾ ਕਿ ਵਲੰਟੀਅਰਾਂ ਅਤੇ ਹੋਮ ਗਾਰਡਾਂ ਦੀ ਨਿਰਸਵਾਰਥ ਸੇਵਾ ਇਸ ਮੁਹਿੰਮ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਲਈ ਸੁਰੱਖਿਅਤ ਵਿੱਦਿਅਕ ਵਾਤਾਵਰਨ ਸਿਰਫ ਪ੍ਰਸ਼ਾਸਨ ਅਤੇ ਸਮਾਜ ਦੀ ਭਾਈਵਾਲੀ ਰਾਹੀਂ ਹੀ ਯਕੀਨੀ ਬਣਾਇਆ ਜਾ ਸਕਦਾ ਹੈ।