Food Safety Department Raids: ਸਿਹਤ ਵਿਭਾਗ ਵੱਲੋਂ ਮਠਿਆਈ ਦੀਆਂ ਦੁਕਾਨਾਂ ’ਤੇ ਛਾਪੇ
ਜਾਂਚ ਲਈ ਨਮੂਨੇ ਲੈਬਾਰਟਰੀ ਭੇਜੇ; ਰਿਪੋਰਟ ਦੇ ਆਧਾਰ ’ਤੇ ਕਾਰਵਾਈ ਹੋਵੇਗੀ
ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਯਕੀਨੀ ਬਣਾਉਣ ਅਤੇ ਮਿਲਾਵਟਖੋਰੀ ਰੋਕਣ ਲਈ ਫੂਡ ਸੇਫਟੀ ਵਿਭਾਗ ਵੱਲੋਂ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਸਿਵਲ ਸਰਜਨ ਡਾ. ਮਨਦੀਪ ਕਮਲ ਦੀ ਅਗਵਾਈ ਹੇਠ ਫੂਡ ਸੇਫਟੀ ਟੀਮ ਨੇ ਹੁਸ਼ਿਆਰਪੁਰ ਸ਼ਹਿਰ ਵਿੱਚ ਵੱਖ-ਵੱਖ ਮਠਿਆਈਆਂ ਦੀਆਂ ਦੁਕਾਨਾਂ ’ਤੇ ਛਾਪੇ ਮਾਰ ਕੇ ਜਾਂਚ ਕੀਤੀ। ਇਸ ਮੌਕੇ ਫੂਡ ਸੇਫਟੀ ਅਫਸਰ ਵਿਵੇਕ ਕੁਮਾਰ ਨੇ ਮਠਿਆਈਆਂ ਦੇ 5 ਨਮੂਨੇ ਭਰੇ, ਜਿਨ੍ਹਾਂ ਨੂੰ ਪਰਖ ਲਈ ਲੈਬਾਰਟਰੀ ਭੇਜਿਆ ਜਾਵੇਗਾ ਅਤੇ ਰਿਪੋਰਟ ਦੇ ਆਧਾਰ ’ਤੇ ਅਗਲੀ ਕਾਰਵਾਈ ਹੋਵੇਗੀ।
ਜ਼ਿਲ੍ਹਾ ਸਿਹਤ ਅਫਸਰ ਡਾ. ਜਤਿੰਦਰ ਭਾਟੀਆ ਨੇ ਕਿਹਾ ਕਿ ਲੋਕਾਂ ਨੂੰ ਸੁਰੱਖਿਅਤ ਤੇ ਮਿਆਰੀ ਖੁਰਾਕ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਮਿਲਾਵਟ ਜਾਂ ਗੁਣਵੱਤਾ ਸਬੰਧੀ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਸਿਹਤ ਵਿਭਾਗ ਅਤੇ ਫੂਡ ਸੇਫਟੀ ਵਿੰਗ ਨੂੰ ਖੁਰਾਕੀ ਵਸਤਾਂ ਦੀ ਨਿਯਮਤ ਜਾਂਚ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਨੈਤਿਕ ਤੇ ਕਾਨੂੰਨੀ ਜ਼ਿੰਮੇਵਾਰੀ ਸਮਝਦਿਆਂ ਖੁਰਾਕੀ ਵਸਤਾਂ ਤਿਆਰ ਕਰਨ, ਸਾਂਭ-ਸੰਭਾਲ ਅਤੇ ਵਿਕਰੀ ਦੌਰਾਨ ਸਫ਼ਾਈ ਤੇ ਨਿਰਧਾਰਤ ਮਾਪਦੰਡਾਂ ਦੀ ਪੂਰੀ ਪਾਲਣਾ ਕਰਨ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਮਠਿਆਈਆਂ ਤੇ ਹੋਰ ਵਸਤਾਂ ਖਰੀਦਣ ਸਮੇਂ ਸਫ਼ਾਈ ਤੇ ਗੁਣਵੱਤਾ ਦਾ ਧਿਆਨ ਰੱਖਣ ਅਤੇ ਮਿਲਾਵਟਖੋਰੀ ਸਬੰਧੀ ਕਿਸੇ ਵੀ ਸ਼ੱਕ ਜਾਂ ਸ਼ਿਕਾਇਤ ਦੀ ਸੂਚਨਾ ਫੂਡ ਸੇਫਟੀ ਵਿਭਾਗ ਨੂੰ ਦੇਣ, ਤਾਂ ਜੋ ਸਮੇਂ ਸਿਰ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

