ਪਨਗਰੇਨ ਦਾ ਸਾਬਕਾ ਚੇਅਰਮੈਨ ਭਾਜਪਾ ’ਚ ਸ਼ਾਮਲ
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰ ਰਹੇ ਪਨਗਰੇਨ ਪੰਜਾਬ ਦੇ ਸਾਬਕਾ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਅੱਜ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ।
ਇੱਥੇ ਇੱਕ ਪ੍ਰੋਗਰਾਮ ਦੌਰਾਨ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਪਾਰਟੀ ’ਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਕਸਬਾ ਲੋਪੋਕੇ ਦੇ ਨਿੱਜੀ ਪੈਲੇਸ ਵਿੱਚ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਹਰਦਿਆਲ ਸਿੰਘ ਔਲਖ ਦੇ ਯਤਨਾ ਸਦਕਾ ਹੋਏ ਪ੍ਰਭਾਸ਼ਾਲੀ ਇਕੱਠ ਦੌਰਾਨ ਸਾਬਕਾ ਚੇਅਰਮੈਨ ਮਿਆਦੀਆਂ ਨੂੰ ਸ਼ਾਮਲ ਕਰਨ ਉਪਰੰਤ ਗੱਲਬਾਤ ਕਰਦਿਆਂ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਪੰਜਾਬ ਦੇ ਹੜ੍ਹ ਪੀੜਤ ਕਿਸਾਨਾਂ ਮਜ਼ਦੂਰਾਂ ਦੇ ਨਾਲ ਪੂਰੀ ਤਰ੍ਹਾਂ ਚੱਟਾਨ ਵਾਂਗ ਖੜ੍ਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਜੋ ਵੀ ਸੜਕਾਂ ਦੇ ਮੁਰੰਮਤ, ਘਰਾਂ ਦੇ ਮੁਰੰਮਤ,ਕਿਸਾਨਾਂ ਦੀ ਸਹੂਲਤ ਬੀਜ ਲਈ ਜੋ ਵੀ ਕੇਂਦਰ ਪਾਸੋਂ ਮੰਗਿਆ ਜਾਂਦਾ ਹੈ ਕੇਂਦਰ ਮੁਹਈਆ ਕਰ ਰਿਹਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦਾ ਮੁੱਖ ਮਕਸਦ ਹੜ੍ਹ ਪੀੜਤ ਲੋਕਾਂ ਨੂੰ ਮੁੜ ਪੈਰਾਂ ਸਿਰ ਕਰਨਾ ਹੈ। ਇਸ ਮੌਕੇ ਉਨ੍ਹਾਂ ਸਾਬਕਾ ਚੇਅਰਮੈਨ ਦੇ ਨਾਲ ਆਏ ਸਾਥੀਆਂ ਦਾ ਵੀ ਭਾਜਪਾ ਵਿੱਚ ਸ਼ਾਮਲ ਹੋਣ ਤੇ ਸਵਾਗਤ ਕੀਤਾ।
ਇਸ ਮੌਕੇ ਸਾਬਕਾ ਚੇਅਰਮੈਨ ਬਲਦੇਵ ਸਿੰਘ ਨਿਆਦੀਆਂ ਹਰਦਿਆਲ ਸਿੰਘ ਔਲਖ ਵੱਲੋਂ ਅਸ਼ਵਨੀ ਸ਼ਰਮਾ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ, ਸਾਬਕਾ ਜ਼ਿਲ੍ਹਾ ਪ੍ਰਧਾਨ ਹਰਦਿਆਲ ਸਿੰਘ ਔਲਖ, ਮੁਖਵਿੰਦਰ ਸਿੰਘ ਮਾਹਲ, ਗੁਰਪਾਲ ਸਿੰਘ ਕੱਲੋਮਾਹਲ ਆਦਿ ਹਾਜ਼ਰ ਸਨ।