ਹਾਜੀਪੁਰ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਦੇ ਮਾਮਲੇ ’ਚ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਹਾਜੀਪੁਰ ਮੁਖੀ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਬਹਾਦੁਰ ਸਿੰਘ ਪੁੱਤਰ ਹਜ਼ਾਰਾ ਸਿੰਘ ਵਾਸੀ ਪਿੰਡ ਅਜਮੇਰ ਨੇ ਜ਼ਿਲ੍ਹਾ ਪੁਲੀਸ ਮੁਖੀ ਕੋਲ ਸ਼ਿਕਾਇਤ ਕੀਤੀ ਸੀ ਕਿ ਉਸ ਦੇ ਪੁੱਤਰ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਦਵਿੰਦਰ ਦਿਲਰਾਜ ਪਾਲ ਸਿੰਘ ਪੁੱਤਰ ਕਪੂਰ ਸਿੰਘ ਵਾਸੀ ਸੁਲਤਾਨ ਵਿੰਡ ਰੋਡ ਥਾਣਾ ਡਵਿਜ਼ਨ ਬੀ, ਜ਼ਿਲ੍ਹਾ ਅੰਮ੍ਰਿਤਸਰ ਅਤੇ ਅਮਰਜੀਤ ਕੌਰ ਪਤਨੀ ਗੁਰਪ੍ਰੀਤ ਸਿੰਘ ਵਾਸੀ ਵਿਸ਼ਨੂੰ ਨਗਰ, ਜਗਾਧਰੀ, ਯਮੁਨਾਨਗਰ, ਹਰਿਆਣਾ ਨੇ 9 ਲੱਖ 20 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਇਸ ਮਾਮਲੇ ਦੀ ਡੀਐੱਸਪੀ ਮੁਕੇਰੀਆਂ ਕੁਲਵਿੰਦਰ ਸਿੰਘ ਵਿਰਕ ਨੇ ਜਾਂਚ ਕੀਤੀ ਸੀ। ਉਪਰੰਤ ਐੱਸਐੱਸਪੀ ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਦੇ ਹੁਕਮਾਂ ’ਤੇ ਹਾਜੀਪੁਰ ਪੁਲੀਸ ਨੇ ਦੋਵੇਂ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।