ਮੁਕਤ ਵਪਾਰ ਸਮਝੌਤਾ: ਕਿਸਾਨਾਂ ਨੇ ਟਰੰਪ ਤੇ ਮੋਦੀ ਦੇ ਪੁਤਲੇ ਸਾੜੇ
ਅਮਰੀਕਾ ਨਾਲ ਮੋਦੀ ਸਰਕਾਰ ਵੱਲੋਂ ਮੁਕਤ ਵਪਾਰ ਸਮਝੌਤਾ ਕਰਨ ਦੀ ਚੱਲ ਰਹੀ ਕਵਾਇਦ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕਿਰਤੀ ਕਿਸਾਨ ਯੂਨੀਅਨ ਤੇ ਹੋਰ ਕਿਸਾਨ ਜਥੇਬੰਦੀਆ ਦੇ ਕਾਰਕੁਨਾਂ ਵੱਲੋਂ ਰੋਸ ਵਿਖਾਵਾ ਕਰਦੇ ਹੋਏ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜੇ ਗਏ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਤੇ ਜ਼ਿਲ੍ਹਾ ਕਮੇਟੀ ਮੈਂਬਰ ਗੁਰਸ਼ਰਨ ਸਿੰਘ ਰਾਣੇ ਵਾਲੀ ਦੀ ਅਗਵਾਈ ਹੇਠ ਪ੍ਰਦਰਸ਼ਨ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਅਮਰੀਕਾ ਤੇ ਦੂਜੇ ਸਾਮਰਾਜੀ ਦੇਸ਼ ਆਪਣੇ ਦੇਸ਼ਾਂ ਦਾ ਆਰਥਿਕ ਸੰਕਟ ਭਾਰਤ ਦੇ ਲੋਕਾਂ ਤੇ ਸੁੱਟਣ ਲਈ ਭਾਰਤ ਨੂੰ ਮੋਹਰਾ ਬਣਾ ਰਹੇ ਹਨ ਅਤੇ ਇਸ ਵਾਸਤੇ ਮੋਦੀ ਸਰਕਾਰ ਦੀ ਬਾਂਹ ਮਰੋੜ ਰਹੇ ਹਨ ਤਾਂ ਕਿ ਸਾਮਰਾਜੀਆਂ ਦੀਆਂ ਵਸਤਾਂ ਨੂੰ ਭਾਰਤ ਦੀ ਮੰਡੀ ਵਿੱਚ ਵਿਕਣ ਲਈ ਮੁਕਤ ਵਪਾਰ ਸਮਝੌਤਾ ਕੀਤਾ ਜਾਵੇ। ਉਨ੍ਹਾਂ ਨੇ ਮੋਦੀ ਸਰਕਾਰ ਨੂੰ ਦੇਸ਼ ਦੇ ਕਿਸਾਨਾਂ ਤੇ ਮਜ਼ਦੂਰਾਂ ਦੇ ਹਿੱਤ ਸਾਮਰਾਜੀਆਂ ਅੱਗੇ ਗਹਿਣੇ ਪਾਉਣ ਤੋਂ ਬਾਜ਼ ਆਉਣ ਦੀ ਅਪੀਲ ਕੀਤੀ। ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਬਾਰਡਰ ਏਰੀਆ ਸੰਘਰਸ਼ ਕਮੇਟੀ ਵੱਲੋਂ ਸੈਂਕੜੇ ਕਿਸਾਨ, ਮਜ਼ਦੂਰਾਂ ਵਲੋਂ ਰੋਹ ਭਰਿਆ ਧਰਨਾ ਦਿੱਤਾ ਗਿਆ ਤੇ ਮੋਦੀ ਤੇ ਟਰੰਪ ਦੇ ਪੁਤਲੇ ਫੂਕੇ ਗਏ। ਇਸ ਦੌਰਾਨ ਅੰਮ੍ਰਿਤਸਰ ਤਹਿਸੀਲ ਵਿੱਚ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਨੇ ਇਕੱਠ ਕਰਕੇ ਕਚਹਿਰੀ ਚੌਕ ਤੱਕ ਮਾਰਚ ਕੀਤਾ ਅਤੇ ਪੁਤਲਾ ਫੂਕਿਆ।
ਗੁਰਦਾਸਪੁਰ (ਕੇਪੀ ਸਿੰਘ): ਅਮਰੀਕਾ ਵੱਲੋਂ ਭਾਰਤ ਤੇ 25 ਫ਼ੀਸਦੀ ਟੈਕਸ ਲਾਉਣ, ਭਾਰਤ ਦੇ ਰੂਸ ਨਾਲ ਤੇਲ ਵਪਾਰ ਸੌਦੇ ਖ਼ਿਲਾਫ਼ ਧਮਕੀਆਂ ਅਤੇ ਭਾਰਤ-ਯੂਕੇ ਵਿਆਪਕ ਆਰਥਿਕ ਵਪਾਰ ਸਮਝੌਤੇ ਨੂੰ ਰੱਦ ਕਰਾਉਣ ਵਰਗੇ ਫ਼ੈਸਲਿਆਂ ਖ਼ਿਲਾਫ਼ ਅੱਜ ਐੱਸਕੇਐੱਮ ਤੇ ਦਸ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਸਥਾਨਕ ਗੁਰੂ ਨਾਨਕ
ਪਾਰਕ ਤੋਂ ਰੋਸ ਮਾਰਚ ਕਰਦਿਆਂ ਡਾਕਖ਼ਾਨਾ ਚੌਕ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪੁਤਲਾ ਫੂਕਿਆ ਗਿਆ। ਇਸ ਰੋਸ ਰੈਲੀ ਅਤੇ ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਕੁਲ ਹਿੰਦ ਕਿਸਾਨ ਸਭਾ, ਸੀਟੀਯੂ ਪੰਜਾਬ, ਏਕਟੂ , ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂਆਂ ਨੇ ਕੀਤੀ। ਜਥੇਬੰਦੀਆਂ ਦੇ ਆਗੂ ਕਾਮਰੇਡ ਸੁਖਦੇਵ ਸਿੰਘ ਭਾਗੋਕਾਵਾਂ ਅਤੇ ਬਲਬੀਰ ਸਿੰਘ ਉੱਚਾ ਧਕਾਲਾ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੇ ਲੋਕ ਵਿਰੋਧੀ ਫ਼ੈਸਲਿਆਂ ਕਰਕੇ ਗ਼ਰੀਬ ਪਰਿਵਾਰਾਂ ਲਈ ਦੋ ਵਕਤ ਦੀ ਰੋਟੀ ਦਾ ਜੁਗਾੜ ਕਰਨਾ ਮੁਸ਼ਕਲ ਹੋ ਗਿਆ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਚਾਰ ਲੇਬਰ ਕੋਡ ਰੱਦ ਕੀਤੇ ਜਾਣ, ਐੱਮਐੱਸਪੀ ਦੀ ਕਾਨੂੰਨੀ ਗਰੰਟੀ ਦਿੱਤੀ ਜਾਵੇ।
ਤਰਨ ਤਾਰਨ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਅੱਜ ਜ਼ਿਲ੍ਹੇ ਅੰਦਰ ਕਿਸਾਨਾਂ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ| ਤਰਨ ਤਾਰਨ ਸ਼ਹਿਰ ’ਚ ਚੌਕ ਬੋਹੜੀ ਵਿੱਚ ਪੁਤਲਾ ਫੁਕਦਿਆਂ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਜਥੇਬੰਦੀਆਂ ਦੇ ਆਗੂ ਮੇਹਰ ਸਿੰਘ ਸਖੀਰਾ, ਤਰਸੇਮ ਸਿੰਘ ਲੁਹਾਰ, ਦਲਵਿੰਦਰ ਸਿੰਘ ਪੰਨੂੰ, ਸੁਖਦੇਵ ਸਿੰਘ ਮਾਣੋਚਾਹਲ ਆਦਿ ਨੇ ਨਰਿੰਦਰ ਮੋਦੀ ਦੀ ਸਰਕਾਰ ਵਲੋਂ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕਰਨ ਦੀਆਂ ਚਾਲਾਂ ਦੀ ਨਿਖੇਧੀ ਕੀਤੀ ਤੇ ਦੇਸ਼ ਦੇ ਕਿਸਾਨਾਂ ਨੂੰ ਇਸ ਦੀ ਵਿਰੋਧ ਕਰਨ ਲਈ ਅੱਗੇ ਆਉਣ ਲਈ ਆਖਿਆ|
ਅਜਨਾਲਾ (ਪੱਤਰ ਪ੍ਰੇਰਕ): ਜਮਹੂਰੀ ਕਿਸਾਨ ਸਭਾ ਪੰਜਾਬ, ਕਿਰਤੀ ਕਿਸਾਨ ਯੂਨੀਅਨ ਪੰਜਾਬ, ਕੁਲ ਹਿੰਦ ਕਿਸਾਨ ਸਭਾ ਤੇ ਪੰਜਾਬ ਕਿਸਾਨ ਯੂਨੀਅਨ ਦੇ ਆਗੂਆਂ ਤੇ ਕਾਰਕੁੰਨਾਂ ਨੇ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਡਾ. ਸਤਨਾਮ ਸਿੰਘ ਅਜਨਾਲਾ, ਧਨਵੰਤ ਸਿੰਘ ਖਤਰਾਏ ਕਲਾਂ ਤੇ ਸੁੱਚਾ ਸਿੰਘ ਅਗਵਾਈ ਹੇਠ ਪ੍ਰਦਰਸ਼ਨ ਕਰਦਿਆਂ ਵਿੱਚ ‘ਕਾਰਪੋਰੇਟੋ ਭਾਰਤ ਛੱਡੋ’ ਤੇ ‘ਖੇਤੀ ਕਿੱਤੇ ਨੂੰ ਕਰ ਮੁਕਤ ਵਪਾਰ ਵਿੱਚੋਂ ਬਾਹਰ ਕੱਢੋ’ ਦੇ ਨਾਅਰੇ ਲਾਏ।
ਫਿਲੌਰ (ਪੱਤਰ ਪ੍ਰੇਰਕ): ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਦੁਆਬਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਅਤੇ ਲੋਕ ਇਨਸਾਫ ਮੰਚ ਦੇ ਆਗੂਆਂ ਨੇ ਕਿਹਾ ਕਿ ਅਮਰੀਕਾ ਤੇ ਭਾਰਤ ਦਾ ਵਪਾਰਕ ਸਮਝੌਤੇ ਕਾਰਨ ਖੇਤੀਬਾੜੀ, ਪੋਲਟਰੀ ਅਤੇ ਬਾਗਬਾਨੀ ਤਬਾਹ ਹੋ ਜਾਵੇਗੀ। ਆਗੂਆਂ ਨੇ ਐਲਾਨ ਕੀਤਾ ਕਿ ਇਹ ਸਮਝੌਤਾ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।
ਹੁਸ਼ਿਆਰਪੁਰ (ਨਿੱਜੀ ਪੱਤਰ ਪ੍ਰੇਰਕ): ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਕਾਮਰੇਡ ਗੁਰਮੇਲ ਸਿੰਘ ਤੇ ਜਮਹੂਰੀ ਕਿਸਾਨ ਸਭਾ ਦੇ ਆਗੂ ਦਵਿੰਦਰ ਸਿੰਘ ਕੱਕੋਂ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਾ ਲੋਕ ਵਿਰੋਧੀ ਚਿਹਰਾ ਨੰਗਾ ਕਰਦਿਆਂ ਕਿਹਾ ਕਿ ਟਰੰਪ ਆਪਣਾ ਜੰਗੀ ਸਮਾਨ ਵੇਚਣ ਲਈ ਭਾਰਤ ਵਰਗੇ ਦੇਸ਼ਾਂ ਨੂੰ ਤਬਾਹੀ ਵੱਲ ਧੱਕ ਰਿਹਾ ਹੈ। ਕੇਂਦਰ ਸਰਕਾਰ ਟਰੰਪ ਅਤੇ ਹੋਰ ਦੇਸ਼ਾਂ ਨਾਲ ਚੱਲ ਰਹੇ ਸਮਝੌਤਿਆਂ ਨੂੰ ਖੁੱਲ ਕੇ ਦੇਸ਼ ਦੀ ਜਨਤਾ ਨਾਲ ਸਾਂਝਾ ਨਹੀਂ ਕਰ ਰਹੀ।
ਪਠਾਨਕੋਟ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚਾ ਵੱਲੋਂ ਡੋਨਲਡ ਟਰੰਪ ਤੇ ਮੋਦੀ ਦਾ ਪੁਤਲਾ ਫੂਕਿਆ ਗਿਆ। ਰੈਲੀ ਦੌਰਾਨ ਕੇਵਲ ਸਿੰਘ ਕੰਗ, ਬਲਵੰਤ ਸਿੰਘ ਘੋਹ, ਕੇਵਲ ਕਾਲੀਆ, ਇਕਬਾਲ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਅਮਰੀਕਾ ਭਾਰਤ ਸਰਕਾਰ ਤੇ ਮੁਕਤ ਟੈਕਸ ਵਪਾਰ ਲਈ ਦਬਾਅ ਪਾ ਰਹੇ ਹਨ ਪਰ ਭਾਰਤ ਨੂੰ ਅਮਰੀਕੀ ਦਬਾਅ ਅੱਗੇ ਝੁਕਣਾ ਨਹੀਂ ਚਾਹੀਦਾ।
ਮੁਕਤ ਵਪਾਰ ਸਮਝੌਤੇ ਨਾਲ ਛੋਟੇ ਕਾਰੋਬਾਰ ਤਬਾਹ ਹੋਣਗੇ: ਕਿਸਾਨ ਆਗੂ
ਸ੍ਰੀ ਗੋਇੰਦਵਾਲ ਸਾਹਿਬ (ਜਤਿੰਦਰ ਸਿੰਘ ਬਾਵਾ): ਸਾਮਰਾਜੀ ਮੁਲਕਾਂ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤਿਆਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨ ਜਥਬੰਦੀਆਂ ਨੇ ਅੱਜ ਖਡੂਰ ਸਾਹਿਬ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ। ਰੋਸ ਪ੍ਰਦਰਸ਼ਨ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਝਿਲਮਲ ਸਿੰਘ ਬਾਣੀਆ, ਸੁਲੱਖਣ ਸਿੰਘ ਮੰਡਾਲਾ, ਬੀਕੇਯੂੁ (ਉਗਰਾਹਾਂ), ਮਹਿੰਦਰ ਸਿੰਘ ਵੇਈਪੂਈਂ ਅਜ਼ਾਦ ਸੰਘਰਸ਼ ਕਮੇਟੀ ਪੰਜਾਬ, ਬੇਅੰਤ ਸਿੰਘ ਜਲਾਲਾਬਾਦ ਬੀਕੇਯੂ ਰਾਜੇਵਾਲ, ਬਲਕਾਰ ਸਿੰਘ ਵਲਟੋਹਾ ਕੁੱਲ ਹਿੰਦ ਕਿਸਾਨ ਸਭਾ, ਕਲਵਿੰਦਰ ਕੌਰ ਔਰਤ ਮੁਕਤੀ ਮੋਰਚਾ, ਜੋਗਿੰਦਰ ਸਿੰਘ ਖਡਰ ਸਹਿਬ ਦਿਹਾਤੀ ਮਜ਼ਦੂਰ ਸਭਾ ਆਦਿ ਆਗੂਆਂ ਨੇ ਕੀਤੀ। ਇਸ ਮੌਕੇ ਮੁਖਤਾਰ ਸਿੰਘ ਮੱਲਾ, ਹਰਜਿੰਦਰ ਸਿੰਘ ਟਾਂਡਾ, ਬਲਕਾਰ ਸਿੰਘ ਵਲਟੋਹਾ ਨੇ ਕਿਹਾ ਕੇ ਇਹ ਸਮਝੌਤੇ ਲਾਗੂ ਹੋਣ ਨਾਲ ਕਿਸਾਨੀ ਕਿੱਤਾ, ਦੁਕਾਨਦਾਰੀਆਂ ਤੇੇ ਛੋਟੇ ਕਾਰੋਬਾਰ ਤਬਾਹ ਹੋ ਜਾਣਗੇ ਅਤੇ ਭਾਰਤ ਦੀ ਅੰਨ ਸੁਰੱਖਿਆ ਖਤਰੇ ਵਿੱਚ ਪੈ ਜਾਵੇਗੀ।