ਆਜ਼ਾਦੀ ਦਿਵਸ ਦੇ ਜਸ਼ਨਾਂ ਦੀ ‘ਫੁੱਲ ਡਰੈੱਸ ਰਿਹਰਸਲ’
ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਕੀਤੀ ਗਈ, ਜਿਸ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਡਿਪਟੀ ਕਮਿਸ਼ਨਰ ਨੇ ਪਰੇਡ ਦਾ ਨਿਰੀਖਣ ਕੀਤਾ ਤੇ ਪਰੇਡ ਕਮਾਂਡਰ ਸਰਵਣਜੀਤ ਸਿੰਘ ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ ਸਲਾਮੀ ਲਈ। ਪਰੇਡ ਵਿੱਚ ਆਈ.ਟੀ.ਬੀ.ਪੀ., ਪੰਜਾਬ ਪੁਲਿਸ (ਪੁਰਸ਼ ਅਤੇ ਮਹਿਲਾ), ਪੰਜਾਬ ਹੋਮ ਗਾਰਡਜ਼, ਪੰਜਾਬ ਬਟਾਲੀਅਨ ਐਨ.ਸੀ.ਸੀ. ਲੜਕੇ, ਪੰਜਾਬ ਬਟਾਲੀਅਨ ਐਨ.ਸੀ.ਸੀ. ਲੜਕੀਆਂ ਤੇ ਸੀਆਰਪੀਐਫ. ਦਾ ਬੈਂਡ ਸ਼ਾਮਲ ਸੀ। ਰਿਹਰਸਲ ਮਗਰੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਸਮੇਤ ਸਿਵਲ ਅੇ ਜ਼ਿਲ੍ਹਾ ਪੁਲੀਸ ਅਧਿਕਾਰੀਆਂ ਨਾਲ ਚਰਚਾ ਕੀਤੀ ਤੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਮੁੱਖ ਮਹਿਮਾਨ ਵਜੋਂ ਤਿਰੰਗਾ ਲਹਿਰਾਉਣਗੇ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਜਾਵੇਗਾ।
ਅੰਮ੍ਰਿਤਸਰ (ਟਨਸ): ਜ਼ਿਲ੍ਹਾ ਪੱਧਰ ਉਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ ਅੱਜ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਕਰਵਾਈ ਗਈ। ਇਸ ਮੌਕੇ ਵੱਖ-ਵੱਖ ਪੰਜਾਬ ਪੁਲੀਸ, ਪੰਜਾਬ ਪੁਲੀਸ ਦੀ ਮਹਿਲਾ ਪਲਟੂਨ, ਪੰਜਾਬ ਹੋਮ ਗਾਰਡ, ਐੱਨਸੀਸੀ ਦੇ ਬੱਚਿਆਂ ਤੇ ਪੁਲੀਸ ਬੈਂਡ ਦੇ ਨਾਲ-ਨਾਲ ਸਕੂਲ ਬੈਂਡ ਦੀਆਂ ਟੀਮਾਂ ਨੇ ਪਰੇਡ ਵਿਚ ਹਿੱਸਾ ਲਿਆ। ਇਸ ਮੌਕੇ ਤਿਰੰਗਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਦਾ ਕੀਤੀ ਤੇ ਪਰੇਡ ਤੋਂ ਸਲਾਮੀ ਲਈ। । ਡੀਸੀ ਨੇ ਦੱਸਿਆ ਕਿ ਆਜਾਦੀ ਦਿਵਸ ਵਾਲੇ ਦਿਨ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪੁੱਜ ਰਹੇ ਹਨ ਅਤੇ ਉਹ ਇਸ ਦਿਨ ਸਟੇਡੀਅਮ ਵਿਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਨਵਾਂਸ਼ਹਿਰ (ਸੁਰਜੀਤ ਮਜਾਰੀ): ਸਥਾਨਕ ਆਈਟੀਆਈ ਗਰਾਊਂਡ ’ਚ ਹੋਏ ਫੁੱਲ ਡਰੈਸ ਰਿਹਰਸਲ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਦੱਸਿਆ ਕਿ ਨੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ 15 ਅਗਸਤ ਨੂੰ ਆਜਾਦੀ ਦਿਹਾੜੇ ਮੌਕੇ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਤੇ ਹੋਰਨਾਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਆਈ.ਟੀ.ਆਈ ਗਰਾਊਂਡ ਵਿਖੇ ਕੌਮੀ ਝੰਡਾ ਲਹਿਰਾਉਣਗੇ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇੱਥੇ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਲਿਆ ਤੇ ਦੱਸਿਆ ਕਿ ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਸਥਾਨਕ ਪੁਲੀਸ ਲਾਈਨ ਗਰਾਊਂਂਡ ’ਚ ਸਮਾਗਮ ਦੌਰਾਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਰਾਸ਼ਟਰੀ ਝੰਡਾ ਲਹਿਰਾਉਣਗੇ।
ਪਠਾਨਕੋਟ (ਪੱਤਰ ਪ੍ਰੇਰਕ): ਏਡੀਸੀ (ਜ) ਹਰਦੀਪ ਸਿੰਘ ਦੀ ਨਿਗਰਾਨੀ ਹੇਠ ਅੱਜ ਖੇਡ ਸਟੇਡੀਅਮ ਪਠਾਨਕੋਟ ਵਿਖੇ ਫੁੱਲ ਡਰੈਸ ਰਿਹਰਸਲ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਅਗਸਤ ਨੂੰ ਸਪੋਰਟਸ ਸਟੇਡੀਅਮ ਵਿੱਚ ਹੋਵੇਗਾ।
ਕਪੂਰਥਲਾ (ਜਸਬੀਰ ਸਿੰਘ ਚਾਨਾ): ਸਥਾਨਕ ਗੁਰੂ ਨਾਨਕ ਸਟੇਡੀਅਮ ਵਿੱਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਬੰਧੀ ਅੱਜ ਫੁੱਲ ਡਰੈਸ ਰਿਹਰਸਲ ਹੋਈ, ਜਿਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਨਵਨੀਤ ਕੌਰ ਬੱਲ ਨੇ ਤਿਰੰਗਾ ਲਹਿਰਾਇਆ ਤੇ ਪਰੇਡ ਦਾ ਨਿਰੀਖਣ ਕੀਤਾ।