Police Encounter: ਮੁਕਾਬਲੇ ’ਚ ਗੈਂਗਸਟਰ ਲਖਬੀਰ ਲੰਡਾ ਦਾ ਸਾਥੀ ਜ਼ਖਮੀ
ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਕ ਮਾਮਲੇ ਦਰਜ
ਇੱਥੇ ਪੁਲੀਸ ਨਾਲ ਹੋਏ ਮੁਕਾਬਲੇ ਦੌਰਾਨ ਗੈਂਗਸਟਰ ਲਖਬੀਰ ਸਿੰਘ ਲੰਡਾ ਦਾ ਸਾਥੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਕਾਬੂ ਕੀਤੇ ਸ਼ੱਕੀ ਦੀ ਪਛਾਣ ਗੁਰਮੀਤ ਸਿੰਘ ਉਰਫ਼ ਮਨੀ ਵਾਸੀ ਨਦੋਹਰ ਥਾਣਾ ਹਰੀਕੇ ਵਜੋਂ ਹੋਈ ਹੈ। ਉਸ ਖ਼ਿਲਾਫ਼ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ ਫਿਰੌਤੀ ਮੰਗਣ ਅਤੇ ਗੋਲੀਆਂ ਚਲਾਉਣ ਦੇ ਸੱਤ ਅਪਰਾਧਕ ਮਾਮਲੇ ਦਰਜ ਹਨ। ਐੱਸ ਐੱਸ ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਪੱਟੀ ਅਤੇ ਸੀ ਆਈ ਏ ਸਟਾਫ ਦੀ ਸਾਂਝੀ ਟੀਮ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਸਰਾਲੀ ਮੰਡਾ ਨੇੜੇ ਸ਼ੱਕੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਪਰ ਉਸ ਨੇ ਪੁਲੀਸ ਪਾਰਟੀ ’ਤੇ ਗੋਲੀ ਚਲਾ ਦਿੱਤੀ। ਪੁਲੀਸ ਵੱਲੋਂ ਕੀਤੀ ਜਵਾਬੀ ਕਾਰਵਾਈ ਵਿੱਚ ਉਕਤ ਸ਼ੱਕੀ ਦੀ ਲੱਤ ਵਿੱਚ ਗੋਲੀ ਲੱਗ ਗਈ। ਜ਼ਖਮੀ ਹਾਲਤ ਵਿੱਚ ਮੁਲਜ਼ਮ ਨੂੰ ਹਸਪਤਾਲ ਦਾਖ਼ਲ ਕਰਵਾ ਦਿੱਤਾ ਗਿਆ ਹੈ ਅਤੇ ਥਾਣਾ ਸਿਟੀ ਪੱਟੀ ਵਿੱਚ ਨਵਾਂ ਕੇਸ ਦਰਜ ਕਰ ਲਿਆ ਗਿਆ ਹੈ। ਘਟਨਾ ਤੋਂ ਬਾਅਦ ਐੱਸ ਐੱਸ ਪੀ ਸੁਰਿੰਦਰ ਲਾਂਬਾ ਨੇ ਮੌਕੇ ਦਾ ਦੌਰਾ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ।

