ਪੱਤਰ ਪ੍ਰੇਰਕ
ਹੁਸ਼ਿਆਰਪੁਰ, 30 ਨਵੰਬਰ
ਪੰਜਾਬ ਰੋਡਵੇਜ਼/ ਪਨਬਸ/ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਹੁਸ਼ਿਆਰਪੁਰ ਡਿੱਪੂ ਦੇ ਗੇਟ ਅੱਗੇ ਪ੍ਰਧਾਨ ਰਮਿੰਦਰ ਸਿੰਘ ਦੀ ਅਗਵਾਈ ਹੇਠ ਗੇਟ ਰੈਲੀ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਨਬਸ ਤੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹਨ ਅਤੇ ਸਰਕਾਰ ਵਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਬਜਾਏ ਪੀ.ਆਰ.ਟੀ.ਸੀ ਤੇ ਪਨਬਸ ਅੰਦਰ ਆਊਟਸੋਰਸਿੰਗ ਰਾਹੀਂ ਨਾਜਾਇਜ਼ ਢੰਗ ਨਾਲ ਨਵੀਂ ਭਰਤੀ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਮਾਲਕਾਂ ਦੀਆਂ ਕਿਲੋਮੀਟਰ ਸਕੀਮ ਬੱਸਾਂ ਰਾਹੀਂ ਵਿਭਾਗ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵਨਿਯੁਕਤ ਮੁਲਾਜ਼ਮਾਂ ‘ਤੇ ਪਿਛਲੀ ਵਧੀ ਹੋਈ ਤਨਖਾਹ ਲਾਗੂ ਨਹੀਂ ਕੀਤੀ ਜਾ ਰਹੀ। ਮੁਲਾਜ਼ਮ ਆਗੂ ਕੁਲਵੰਤ ਸਿੰਘ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹੱਲ ਕਰਨ ਦੇ ਦਿੱਤੇ ਭਰੋਸੇ ਤੋਂ ਮੁੱਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੰਗਾਂ ਦਾ ਨਿਪਟਾਰਾ ਨਾ ਹੋਇਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਪਠਾਨਕੋਟ (ਪੱਤਰ ਪ੍ਰੇਰਕ): ਅੱਜ ਪੰਜਾਬ ਰੋਡਵੇਜ਼, ਪਨਬਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਅੱਜ ਇੱਥੇ ਆਪਣੀਆਂ ਮੰਗਾਂ ਨੂੰ ਲੈ ਕੇ ਗੇਟ ਰੈਲੀ ਕੀਤੀ। ਇਸ ਰੈਲੀ ਨੂੰ ਜਤਿੰਦਰ ਸਿੰਘ, ਮੁਖਪਾਲ ਸਿੰਘ ਅਤੇ ਕੰਵਲਜੀਤ ਸਿੰਘ ਨੇ ਸੰਬੋਧਨ ਕੀਤਾ। ਸਮੂਹ ਬੁਲਾਰਿਆਂ ਨੇ ਕਿਹਾ ਕਿ ਪਨਬੱਸ ਅਤੇ ਦਰਜਾ 3 ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹਨ ਪਰ ਸਰਕਾਰ ਅਤੇ ਅਧਿਕਾਰੀਆਂ ਵੱਲੋਂ ਕੋਈ ਹੱਲ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਕੰਟਰੈਕਟ ਅਤੇ ਆਊਟਸੋਰਸਿੰਗ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ।