ਵਿਦਿਆਰਥੀਆਂ ਨੂੰ ਸਵੈ-ਨਿਰਭਰ ਬਣਾਏਗੀ ਜੀਐੱਨਡੀਯੂ
ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 13 ਜੂਨ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਕਿਹਾ ਕਿ ਭਾਰਤ ਵਿੱਚ ਹਰ ਸਾਲ ਲਗਪਗ 30 ਲੱਖ ਵਿਦਿਆਰਥੀ ਸਿੱਖਿਆ ਪੂਰੀ ਕਰਕੇ ਨੌਕਰੀਆਂ ਲਈ ਯੋਗ ਹੁੰਦੇ ਹਨ, ਪਰ ਸਿਰਫ 10 ਲੱਖ ਨੌਜਵਾਨਾਂ ਨੂੰ ਹੀ ਰੁਜ਼ਗਾਰ ਮਿਲਦਾ ਹੈ, ਬਾਕੀ 20 ਲੱਖ ਵਿਦਿਆਰਥੀਆਂ ਲਈ ਨੌਕਰੀ ਹਾਸਲ ਕਰਨਾ ਵੱਡੀ ਚੁਣੌਤੀ ਹੈ। ਇਸ ਮੁੱਦੇ ਨੂੰ ਹੱਲ ਕਰਨ ਲਈ, ਜੀ.ਐਨ.ਡੀ.ਯੂ. ਨੇ ਕਈ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਯੂਨੀਵਰਸਿਟੀ ਵਿਦਿਆਰਥੀਆਂ ਨੂੰ ਐਂਟਰਪ੍ਰੀਨਿਉਰਸ਼ਿਪ ਆਧਾਰਤ ਕੋਰਸ ਕਰਵਾਏਗੀ ਅਤੇ ਉਨ੍ਹਾਂ ਨੂੰ ਆਪਣੇ ਬਿਜ਼ਨਸ ਸ਼ੁਰੂ ਕਰਨ ਦੀ ਸਿਖਲਾਈ ਦੇਵੇਗੀ। ਇਸ ਨਾਲ ਵਿਦਿਆਰਥੀ ਸਵੈ-ਨਿਰਭਰ ਬਣਨਗੇ ਅਤੇ ਦੇਸ਼ ਵਿੱਚ ਨਵੀਆਂ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਸ਼ਿਆਂ ਨਾਲ ਸਬੰਧਤ ਯੂਨੀਵਰਸਿਟੀ ਨੇ 53 ਨਵੇਂ ਕੋਰਸ ਸ਼ੁਰੂ ਕੀਤੇ ਹਨ।
ਪ੍ਰੋ. ਪਲਵਿੰਦਰ ਸਿੰਘ ਡੀਨ, ਅਕਾਦਮਿਕ ਮਾਮਲੇ ਨੇ ਕਿਹਾ ਕਿ ਨੀਵਰਸਿਟੀ ਨੇ ਵਿਸ਼ਵ ਪੱਧਰ ’ਤੇ ਆਪਣੀ ਸਾਖ ਮਜ਼ਬੂਤ ਕਰਨ ਅਤੇ ਵਿਦਿਆਰਥੀ-ਕੇਂਦਰਿਤ ਅਕਾਦਮਿਕ ਤੇ ਖੋਜ ਪ੍ਰਣਾਲੀ ਨੂੰ ਹੁਲਾਰਾ ਦੇਣ ਲਈ ਕਈ ਪਰਿਵਰਤਨਸ਼ੀਲ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ।