ਵਿੱਦਿਆ ਦੇ ਖੇਤਰ ’ਚ ਜੀਐੱਨਡੀਯੂ ਦਾ ਯੋਗਦਾਨ ਅਹਿਮ: ਮਾਨ
ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 6 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਨੇ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਨਸ਼ਨ ਹਾਲ ਦੀ ਸ਼ਾਨਦਾਰ ਬੁਨਿਆਦ ਅਤੇ ਸਹੂਲਤਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਕੌਮਾਂਤਰੀ ਪੱਧਰ ਦਾ ਕਨਵੈਨਸ਼ਨ ਹਾਲ ਵੱਡੇ ਸਮਾਗਮਾਂ ਦੀ ਮੇਜ਼ਬਾਨੀ ਲਈ ਪਹਿਲੀ ਪਸੰਦ ਬਣ ਰਿਹਾ ਹੈ। ਉਨ੍ਹਾਂ ਯੂਨੀਵਰਸਿਟੀ ਦੇ ਅਕਾਦਮਿਕ ਪ੍ਰੋਗਰਾਮਾਂ ਅਤੇ ਹੋਰ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੰਸਥਾ ਵਿੱਦਿਆ ਦੇ ਖੇਤਰ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਦਾ ਇਸ ਫੇਰੀ ਦੌਰਾਨ ਉਪ-ਕੁਲਪਤੀ ਡਾ. ਕਰਮਜੀਤ ਸਿੰਘ ਨੇ ਸਵਾਗਤ ਕੀਤਾ। ਉਨ੍ਹਾਂ ਮੁੱਖ ਮੰਤਰੀ ਮਾਨ ਅਤੇ ਸ੍ਰੀ ਸਿਸੋਦੀਆ ਨੂੰ ਯੂਨੀਵਰਸਿਟੀ ਦੇ ਚੱਲ ਰਹੇ ਪ੍ਰੋਗਰਾਮਾਂ, ਖੋਜ ਕਾਰਜਾਂ ਅਤੇ ਵਿਦਿਆਰਥੀਆਂ ਲਈ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜੀਐੱਨਡੀਯੂ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਵੱਲੋਂ ‘ਕੈਟੇਗਰੀ ਵਨ’ ਦਾ ਦਰਜਾ ਮਿਲਿਆ ਹੋਇਆ ਹੈ, ਜੋ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਇਕੋ-ਇਕ ਸੰਸਥਾ ਨੂੰ ਪ੍ਰਾਪਤ ਹੈ।