ਨੈਤਿਕਤਾ ਤੇ ਅਧਿਆਤਮਿਕਤਾ ਨਾਲ ਹੀ ਰਾਜਨੀਤੀ ’ਚ ਸੁਨਹਿਰੀ ਯੁੱਗ ਸੰਭਵ: ਰਵਜੋਤ ਸਿੰਘ
ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਮਾਜ ਦੀ ਅਸਲ ਤਰੱਕੀ ਰਾਜਨੀਤੀ ਵਿਚ ਪਾਰਦਰਸ਼ਤਾ, ਨੈਤਿਕ ਕਦਰਾਂ-ਕੀਮਤਾਂ ਅਤੇ ਅਧਿਆਤਮਿਕਤਾ ਦੇ ਏਕੀਕਰਨ ਨਾਲ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਇਸ ਸਮਾਗਮ ਨੇ ਸਾਰੇ ਜਨ ਪ੍ਰਤੀਨਿਧੀਆਂ ਅਤੇ ਸਮਾਜ ਸੇਵਕਾਂ ਨੂੰ ਆਪਣੇ ਕੰਮ ਵਿਚ ਇਮਾਨਦਾਰੀ ਅਤੇ ਸੇਵਾ ਭਾਵਨਾ ਨੂੰ ਸਰਵਉੱਚ ਰੱਖਣ ਲਈ ਪ੍ਰੇਰਿਤ ਕੀਤਾ ਹੈ। ਕੈਬਨਿਟ ਮੰਤਰੀ ਨੇ ਇਸ ਮੌਕੇ ਪੰਜਾਬ ਵਿਚ ਹਾਲ ਹੀ ਵਿੱਚ ਆਈ ਹੜ੍ਹਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਦਰਦ ਨੂੰ ਸਮਝਦੇ ਹੋਏ, ਇਥੇ ਮੌਜੂਦ ਸਾਰੇ ਸਾਧਕਾਂ ਨੇ ਸਮੂਹਿਕ ਤੌਰ 'ਤੇ ਪੰਜਾਬ ਦੀ ਖੁਸ਼ਹਾਲੀ ਅਤੇ ਪ੍ਰਭਾਵਿਤ ਲੋਕਾਂ ਦੇ ਜਲਦੀ ਮੁੜ ਵਸੇਬੇ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ। ਡਾ. ਰਵਜੋਤ ਸਿੰਘ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਸਮਾਜ ਦੇ ਸਾਂਝੇ ਯਤਨਾਂ ਨਾਲ ਸੂਬਾ ਜਲਦੀ ਹੀ ਇਸ ਆਫ਼ਤ ਤੋਂ ਉਭਰ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਅਧਿਆਤਮਿਕਤਾ ਅਤੇ ਮਨੁੱਖੀ ਸੰਵੇਦਨਸ਼ੀਲਤਾ ਸਾਨੂੰ ਅਜਿਹੀਆਂ ਆਫ਼ਤਾਂ ਵਿਚ ਇੱਕਜੁੱਟ ਹੋ ਕੇ ਅੱਗੇ ਵਧਣ ਦੀ ਤਾਕਤ ਦਿੰਦੀ ਹੈ। ਡਾ. ਰਵਜੋਤ ਸਿੰਘ ਨੇ ਬ੍ਰਹਮਾ ਕੁਮਾਰੀ ਸੰਸਥਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਇਹ ਯਤਨ ਰਾਜਨੀਤੀ ਅਤੇ ਸਮਾਜ ਨੂੰ ਇਕ ਨਵੀਂ ਦਿਸ਼ਾ ਦੇਣ ਵਿਚ ਮਦਦਗਾਰ ਸਾਬਤ ਹੋਵੇਗਾ।